ਜਲੰਧਰ, 6 ਮਈ : ਮਕਸੂਦਾਂ ਮੰਡੀ ਵਿੱਚ ਸਫਾਈ ਵਿਵਸਥਾ ਅਤੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਜ਼ਿਲ੍ਹਾ ਮੰਡੀ ਅਫ਼ਸਰ ਅਰਵਿੰਦਰ ਸਿੰਘ ਵੱਲੋਂ ਅੱਜ ਮਾਰਕੀਟ ਕਮੇਟੀ ਅਤੇ ਪਬਲਿਕ ਹੈਲਥ ਤੇ ਇਲੈਕਟ੍ਰੀਕਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਜ਼ਿਲ੍ਹਾ ਮੰਡੀ ਅਫ਼ਸਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਮੰਡੀ ਵਿੱਚ ਨਿਯਮਿਤ ਤੌਰ ’ਤੇ ਸਾਫ-ਸਫਾਈ ਦੇ ਨਾਲ-ਨਾਲ ਪਾਣੀ ਦੀ ਨਿਕਾਸੀ ਦੇ ਸੁਚੱਜੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਮੀਂਹ ਦੌਰਾਨ ਜਾਂ ਮੀਂਹ ਤੋਂ ਬਾਅਦ ਮੰਡੀ ਵਿੱਚ ਕਿਤੇ ਵੀ ਪਾਣੀ ਇਕੱਠਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਨਿਕਾਸੀ ਪ੍ਰਣਾਲੀ ਦੀ ਪੂਰੀ ਤਰ੍ਹਾਂ ਜਾਂਚ ਕਰਕੇ ਜੇਕਰ ਕਿਤੇ ਲੋੜ ਹੈ ਤਾਂ ਤੁਰੰਤ ਮੁਰੰਮਤ ਕਰਵਾਈ ਜਾਵੇ ਤਾਂ ਜੋ ਕਿਸੇ ਕਾਰਨ ਪਾਣੀ ਦੇ ਨਿਕਾਸ ਵਿੱਚ ਰੁਕਾਵਟ ਨਾ ਆਵੇ।
ਉਨ੍ਹਾਂ ਦੱਸਿਆ ਕਿ ਮਕਸੂਦਾਂ ਮੰਡੀ ਵਿੱਚ ਰੋਜ਼ਾਨਾ ਦੇ ਆਧਾਰ ’ਤੇ ਸਫਾਈ ਕਰਵਾਈ ਜਾ ਰਹੀ ਹੈ ਅਤੇ ਇਸ ਮੰਡੀ ਨੂੰ ਨਮੂਨੇ ਦੀ ਮੰਡੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਮੰਡੀ ਵਿੱਚ ਰਾਤ ਸਮੇਂ ਰੌਸ਼ਨੀ ਦੇ ਢੁੱਕਵੇਂ ਇੰਤਜ਼ਾਮ ਕਰਨ ਲਈ ਵੀ ਕਿਹਾ।
ਉਨ੍ਹਾਂ ਮੰਡੀ ਵਿੱਚ ਰੇਹੜੀ ਲਗਾਉਣ ਵਾਲਿਆਂ ਨੂੰ ਕੂੜਾ ਇਧਰ-ਉਧਰ ਨਾ ਸੁੱਟਣ ਅਤੇ ਮੰਡੀ ਵਿੱਚ ਸਫਾਈ ਵਿਵਸਥਾ ਬਣਾਈ ਰੱਖਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ।
ਮੀਟਿੰਗ ਉਪਰੰਤ ਜ਼ਿਲ੍ਹਾ ਮੰਡੀ ਅਫ਼ਸਰ ਨੇ ਸਕੱਤਰ ਮਾਰਕੀਟ ਕਮੇਟੀ ਜਲੰਧਰ ਸਮੇਤ ਸਬਜ਼ੀ ਮੰਡੀ ਦਾ ਦੌਰਾ ਕਰਕੇ ਸਫ਼ਾਈ ਦਾ ਜਾਇਜ਼ਾ ਲਿਆ। ਇਸ ਦੌਰਾਨ ਆੜ੍ਹਤੀਆਂ ਅਤੇ ਦੁਕਾਨਦਾਰਾਂ ਨੂੰ ਮੰਡੀ ਨੂੰ ਸਾਫ਼-ਸੁਥਰਾ ਰੱਖਣ ਲਈ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਮੰਡੀ ਅਫ਼ਸਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਮੰਡੀ ਦੀ ਸਫ਼ਾਈ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵੀ ਸ਼ੁਰੂ ਕੀਤੀ ਜਾਵੇਗੀ।
ਮੀਟਿੰਗ ਵਿੱਚ ਸਕੱਤਰ ਮਾਰਕੀਟ ਕਮੇਟੀ, ਐਸ.ਡੀ.ਓ. ਪਬਲਿਕ ਹੈਲਥ ਤੇ ਇਲੈਕਟ੍ਰੀਕਲ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀ ਵੀ ਮੌਜੂਦ ਸਨ।
