ਮੋਗਾ, 26 ਨਵੰਬਰ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹਰ ਤਰ੍ਹਾਂ ਨਾਲ ਦੇਸ਼ ਦੇ ਸੰਵਿਧਾਨ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਇਸ ਗੱਲ ਦੀ ਸਭ ਤੋਂ ਮਾੜੀ ਉਦਾਹਰਣ ਹੈ ਕਿ ਕਿਵੇਂ ਸੂਬੇ ਦੇ ਲੋਕਾਂ ਨੂੰ ਸੰਵਿਧਾਨਕ ਅਧਿਕਾਰਾਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ।
ਵੜਿੰਗ ਨੇ ਕੇਂਦਰ ਵਿਰੁੱਧ ਸਟੈਂਡ ਨਾ ਲੈ ਕੇ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਅਸਫਲ ਰਹਿਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਵੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਆਪ ਜਾਂ ਤਾਂ ਭਾਜਪਾ ਨਾਲ ਮਿਲੀ ਹੋਈ ਹੈ ਜਾਂ ਫਿਰ ਉਸ ਤੋਂ ਡਰਦੀ ਹੈ।
ਇਸ ਮੌਕੇ ਆਯੋਜਿਤ ‘ਸੰਵਿਧਾਨ ਬਚਾਓ’ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ, ਵੜਿੰਗ ਨੇ ਕਿਹਾ ਕਿ ਭਾਜਪਾ ਸਰਕਾਰ ਦੇਸ਼ ਵਿੱਚ ਧਰਮ ਨਿਰਪੱਖਤਾ ਅਤੇ ਸੰਘਵਾਦ ਦੋਵਾਂ ਨੂੰ ਕਮਜ਼ੋਰ ਕਰ ਰਹੀ ਹੈ। ਇਸ ਤੋਂ ਇਲਾਵਾ, ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਭਰ ਦੇ ਲੋਕਾਂ ਦਾ ਧਰੁਵੀਕਰਨ ਕਰ ਦਿੱਤਾ ਹੈ।
ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਨ੍ਹਾਂ ਵੱਲੋਂ ਪੰਜਾਬ ਨਾਲ ਇਸ ਹੱਦ ਤੱਕ ਵਿਤਕਰਾ ਕੀਤਾ ਜਾ ਹੈ ਕਿ ਸੂਬੇ ਦੀ ਰਾਜਧਾਨੀ ਨੂੰ ਖੋਹਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨਾਲ ਭਾਜਪਾ ਪੰਜਾਬ ਪ੍ਰਤੀ ਵਿਵਹਾਰ ਕਰ ਰਹੀ ਹੈ, ਉਹ ਸੰਵਿਧਾਨ ਦੁਆਰਾ ਗਰੰਟੀਸ਼ੁਦਾ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੀ ਸਭ ਤੋਂ ਮਾੜੀ ਉਦਾਹਰਣ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੂਬੇ ਨੂੰ ਆਪਣੇ ਅਧੀਨ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਭਾਜਪਾ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਅਤੇ ਵਿਰੋਧੀ ਸਿਆਸੀ ਪਾਰਟੀਆਂ ਨੂੰ ਨਿਸ਼ਾਨਾ ਬਣਾਉਣ ਲਈ ਸੰਵਿਧਾਨਕ ਸੰਸਥਾਵਾਂ ਨੂੰ ਹਾਈਜੈਕ ਕਰਨ ਅਤੇ ਦੁਰਵਰਤੋਂ ਕਰਨ ਦਾ ਵੀ ਜ਼ਿਕਰ ਕੀਤਾ।
ਉੱਥੇ ਹੀ, ਪੱਤਰਕਾਰਾਂ ਨਾਲ ਇੱਕ ਗੈਰ-ਰਸਮੀ ਗੱਲਬਾਤ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ‘ਤੇ ਪੰਜਾਬ ਦੇ ਲੋਕਾਂ ਨੂੰ ਨਿਰਾਸ਼ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੀ ਹੁਣ ਤੱਕ ਦੀ ਸਭ ਤੋਂ ਕਮਜ਼ੋਰ ਸਰਕਾਰ ਸਾਬਤ ਹੋਈ ਹੈ, ਜਿਸਨੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਕੇਂਦਰ ਸਰਕਾਰ ਦਾ ਸਾਹਮਣਾ ਕਰਨ ਦੀ ਕੋਈ ਹਿੰਮਤ ਨਹੀਂ ਦਿਖਾਈ।
ਇਸ ਸੰਵਿਧਾਨ ਬਚਾਓ ਪ੍ਰੋਗਰਾਮ ਵਿੱਚ ਸੀਨੀਅਰ ਸਥਾਨਕ ਆਗੂਆਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰੀ ਸਿੰਘ ਖਾਈ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਕਰਨਲ ਬਾਬੂ ਸਿੰਘ ਆਦਿ ਵੀ ਸ਼ਾਮਿਲ ਰਹੇ।

















































