ਜਲੰਧਰ, 10 ਮਾਰਚ : ਰਾਜ ਦੇ ਉੱਤਮ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਨਮਾਨਿਤ ਕਰਨ ਲਈ ਬੀਤੇ ਦਿਨੀਂ ਚੰਡੀਗੜ੍ਹ ਵਿਖੇ ਕਰਵਾਏ ਗਏ ਉੱਤਮ ਸਕੂਲ ਪੁਰਸਕਾਰ ਵੰਡ ਸਮਾਰੋਹ ਦੌਰਾਨ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਜਲੰਧਰ ਜ਼ਿਲ੍ਹੇ ਦੇ 7 ਸਕੂਲਾਂ ਨੂੰ ਬੈਸਟ ਸਕੂਲ ਐਵਾਰਡਾਂ ਨਾਲ ਨਵਾਜ਼ਿਆ ਗਿਆ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਮੰਤਰੀ ਤੋਂ ਸਾਲ 2023-24 ਲਈ ਐਵਾਰਡ ਹਾਸਲ ਕਰਨ ਵਾਲੇ ਸਕੂਲਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਜ਼ਾਰਾ, ਸਰਕਾਰੀ ਕੰਨਿਆ ਹਾਈ ਸਕੂਲ ਤਲਵਣ, ਸਰਕਾਰੀ ਮਿਡਲ ਸਕੂਲ ਬਾਹਮਣੀਆਂ ਅਤੇ ਸਰਕਾਰੀ ਪ੍ਰਾਇਮਾਰੀ ਸਕੂਲ ਖਹਿਰਾ ਮੁਸ਼ਤਰਕਾ ਸ਼ਾਮਲ ਹਨ, ਜਿਨ੍ਹਾਂ ਨੂੰ ਸਰਟੀਫਿਕੇਟਾਂ ਤੋਂ ਇਲਾਵਾ ਕ੍ਰਮਵਾਰ 10 ਲੱਖ, 7 ਲੱਖ 50 ਹਜ਼ਾਰ, 5 ਲੱਖ ਅਤੇ 2 ਲੱਖ 50 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।
ਡਾ. ਅਗਰਵਾਲ ਨੇ ਅੱਗੇ ਦੱਸਿਆ ਕਿ ਸਾਲ 2024-25 ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬੜਾ ਪਿੰਡ ਨੇ 10 ਲੱਖ ਰੁਪਏ ਦਾ ਨਗਦ ਇਨਾਮ ਹਾਸਲ ਕੀਤਾ ਜਦਕਿ ਸਰਕਾਰੀ ਹਾਈ ਸਕੂਲ ਅੱਧੀ ਅਤੇ ਸਰਕਾਰੀ ਮਿਡਲ ਸਕੂਲ ਲੁਹਾਰ ਸੁੱਖਾ ਸਿੰਘ ਨੂੰ ਕ੍ਰਮਵਾਰ 7 ਲੱਖ 50 ਹਜ਼ਾਰ ਅਤੇ 5 ਲੱਖ ਰੁਪਏ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਿੱਖਿਆ ਸਬੰਧੀ ਬੁਨਿਆਦੀ ਢਾਂਚਾ, ਇਨਰੋਲਮੈਂਟ ਸਮੇਤ ਵੱਖ-ਵੱਖ ਖੇਤਰਾਂ ਵਿੱਚ ਬਿਹਤਰੀਨ ਕਾਰਗੁਜ਼ਾਰੀ ਦਿਖਾਉਣ ’ਤੇ ਇਨ੍ਹਾਂ ਸਕੂਲਾਂ ਨੂੰ ਸਿੱਖਿਆ ਮੰਤਰੀ ਵੱਲੋਂ ਸਨਮਾਨ ਹਾਸਲ ਹੋਇਆ ਹੈ।

ਡਿਪਟੀ ਕਮਿਸ਼ਨਰ ਨੇ ਇਨ੍ਹਾਂ ਸਨਮਾਨਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਇਹ ਸਨਮਾਨ ਦੇਣ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅੰਦਰ ਅੱਗੇ ਵਧਣ ਦਾ ਜਜ਼ਬਾ ਪੈਦਾ ਹੋਵੇਗਾ।
ਉਨ੍ਹਾਂ ਸਕੂਲਾਂ ਦੇ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਬਾਕੀ ਸਕੂਲਾਂ ਨੂੰ ਵੀ ਨਮੂਨੇ ਦੇ ਸਕੂਲ ਬਣਾਉਣ ਲਈ ਯਤਨ ਕੀਤੇ ਜਾਣਗੇ।