ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ : ਮੋਹਿੰਦਰ ਭਗਤ

ਜਲੰਧਰ, 24 ਮਈ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼ਹਿਰ ਦੇ ਵਾਰਡ ਨੰ.57,58 ਅਤੇ 59 ਵਿਖੇ ਵਾਰਡ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਪੰਜਾਬ ਦੇ ਲੋਕ ਆਪ ਮੁਹਾਰੇ ਜੁੜ ਰਹੇ ਹਨ ਅਤੇ ਬਹੁਤ ਜਲਦ ਪੰਜਾਬ ਨਸ਼ਾ ਮੁਕਤ ਹੋ ਜਾਵੇਗਾ।
ਇਥੇ ਬਸਤੀ ਪੀਰ ਦਾਦ, ਰਸੀਲਾ ਨਗਰ ਅਤੇ ਮਧੂਬਨ ਕਲੋਨੀ ਵਿਖੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਖਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਵਿੱਚ ਨਾ ਸਿਰਫ਼ ਨਸ਼ੇ ਦੀ ਸਪਲਾਈ ਚੇਨ ਨੂੰ ਤੋੜਿਆ ਹੈ ਸਗੋਂ ਨਸ਼ੇ ’ਤੇ ਨਿਰਭਰ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ।
ਸ਼੍ਰੀ ਭਗਤ ਨੇ ਵਾਰਡ ਡਿਫੈਂਸ ਕਮੇਟੀਆਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਨਸ਼ਿਆਂ ਖਿਲਾਫ਼ ਸੁਨੇਹਾ ਜ਼ਿਲ੍ਹੇ ਦੇ ਘਰ-ਘਰ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਕਮੇਟੀਆਂ ਨੂੰ ਆਪੋ-ਆਪਣੇ ਵਾਰਡਾਂ ਵਿੱਚ ਨਸ਼ਿਆਂ ਦੀ ਰੋਕਥਾਮ ਦੇ ਨਾਲ-ਨਾਲ ਨਸ਼ੇ ਦੇ ਆਦੀ ਵਿਅਕਤੀਆਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਹਾਜ਼ਰੀਨ ਨੂੰ ਨਸ਼ਾ ਮੁਕਤੀ ਦੀ ਸਹੁੰ ਵੀ ਚੁਕਾਈ ਗਈ, ਜਿਸ ਵਿੱਚ ਵੱਡੀ ਗਿਣਤੀ ਲੋਕਾਂ ਨੇ ਨਸ਼ੇ ਨਾ ਕਰਨ, ਨਾ ਕਰਨ ਦੇਣ, ਨਸ਼ੇ ਦੀ ਵਿਕਰੀ ਅਤੇ ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲਿਆਂ ਦਾ ਵਿਰੋਧ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਸਹਿਯੋਗ ਦੇਣ ਦਾ ਪ੍ਰਣ ਲਿਆ।
ਕੈਬਨਿਟ ਮੰਤਰੀ ਨੇ ਹਰੇਕ ਨਾਗਰਿਕ ਨੂੰ ਨਸ਼ਿਆਂ ਖਿਲਾਫ਼ ਇਸ ਅੰਦੋਲਨ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਲੜਾਈ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਹੀਂ ਜਿੱਤੀ ਜਾ ਸਕਦੀ, ਇਸ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਨਸ਼ਾ ਮੁਕਤ ਸਮਾਜ ਅਤੇ ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਸਰਕਾਰ ਦਾ ਡੱਟ ਕੇ ਸਾਥ ਦੇਣ।
ਮੀਟਿੰਗਾਂ ਵਿੱਚ ਸ਼ਾਮਲ ਪੁਲਿਸ ਅਧਿਕਾਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਵਿਭਾਗ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨਾਗਰਿਕਾਂ ਨੂੰ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕੋਈ ਵੀ ਜਾਣਕਾਰੀ ਵਟਸਐਪ ਨੰਬਰ 9779-100-200 ਰਾਹੀਂ ਸਾਂਝੀ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਸਿਹਤ ਵਿਭਾਗ ਦੇ ਨੁਮਾਇੰਦੇ ਵੱਲੋਂ ਜ਼ਿਲ੍ਹੇ ਵਿੱਚ ਸਿਵਲ ਹਸਪਤਾਲ ਜਲੰਧਰ ਅਤੇ ਨੂਰਮਹਿਲ ਵਿਖੇ ਚੱਲਦੇ ਦੋ ਨਸ਼ਾ ਛੁਡਾਊ ਕੇਂਦਰਾਂ, ਸ਼ੇਖੇ ਪਿੰਡ ਵਿੱਚ ਚੱਲਦੇ ਮੁੜ ਵਸੇਬਾ ਕੇਂਦਰ ਅਤੇ ਓਟ ਕਲੀਨਿਕਾਂ ਸਮੇਤ ਹੋਰ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਹੋਰ ਸਹਾਇਤਾ ਲਈ ਜ਼ਿਲ੍ਹਾ ਨਸ਼ਾ ਛੁਡਾਊ ਹੈਲਪਲਾਈਨ (0181-2911969) ਵੀ ਉਪਲਬਧ ਹੈ।
ਇਸ ਮੌਕੇ ਕਵਿਤਾ ਸੇਠ, ਡਾ. ਮੁਕੇਸ਼ ਅਤੇ ਸੀਮਾ ਹੰਸ ਆਦਿ ਸਮੇਤ ਵਾਰਡ ਦੀਆਂ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top