ਖੁਰਾਕ, ਸਿਵਲ ਸਪਲਾਈਜ਼ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭੋਗਪੁਰ ’ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਭੋਗਪੁਰ (ਜਲੰਧਰ), 17 ਸਤੰਬਰ :  ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜਲੰਧਰ ਜ਼ਿਲ੍ਹੇ ਦੀ ਭੋਗਪੁਰ ਦਾਣਾ ਮੰਡੀ ਵਿਖੇ ਝੋਨੇ ਦੇ ਖ਼ਰੀਦ ਸੀਜ਼ਨ ਦੀ ਰਸਮੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਦੀ ਕਿਸਾਨਾਂ ਦੀ ਉਪਜ ਦਾ ਦਾਣਾ-ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਈ।
ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਰੀਆਂ ਧਿਰਾਂ ਲਈ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਦ੍ਰਿੜ ਹੈ।
ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਭਰ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ ਨੂੰ ਆਪਣੀ ਫਸਲ ਦੀ ਵਿਕਰੀ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।

ਮੀਡੀਆ ਨੂੰ ਸੰਬੋਧਨ ਕਰਦਿਆਂ ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਖ਼ਰੀਦ ਸੀਜ਼ਨਾਂ ਦੌਰਾਨ ਕਿਸਾਨਾਂ ਦੀ ਭਲਾਈ ਹਮੇਸ਼ਾ ਰਾਜ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਰਹੀ ਹੈ।
ਉਨ੍ਹਾਂ ਦੱਸਿਆ ਕਿ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2,389 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ ਅਤੇ ਸਰਕਾਰ ਨੇ ਸਤੰਬਰ ਲਈ 15,000 ਕਰੋੜ ਰੁਪਏ ਅਤੇ ਅਕਤੂਬਰ ਲਈ 27,000 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਪਹਿਲਾਂ ਹੀ ਹਾਸਲ ਕਰ ਲਈ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਅਸੁਵਿਧਾ ਤੋਂ ਬਚਾਉਣ ਲਈ ਬਾਰਦਾਨੇ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।
ਇਸ ਸਾਲ ਪੰਜਾਬ ਨੂੰ 172 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਦਿੱਤਾ ਗਿਆ ਹੈ ਪਰ ਲਗਭਗ 190 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਕੀਤੇ ਗਏ ਹਨ।
ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਲਿਫ਼ਟਿੰਗ ਅਤੇ ਅਦਾਇਗੀ ਨਾਲੋ-ਨਾਲ ਕੀਤੀ ਜਾਵੇਗੀ ਅਤੇ ਖ਼ਰੀਦ ਕੀਤੀ ਫ਼ਸਲ ਦਾ ਭੁਗਤਾਨ ਸਿੱਧਾ ਕਿਸਾਨਾਂ ਦੇ ਖਾਤਿਆਂ ਵਿੱਚ ਭੇਜਿਆ ਜਾਵੇਗਾ। ਉਨ੍ਹਾਂ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਯਕੀਨੀ ਬਣਾਉਣ ਲਈ ਕੰਮਕਾਜ ਦੀ ਵਿਅਕਤੀਗਤ ਤੌਰ ‘ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ।
ਪੰਜਾਬ ਮੰਡੀ ਬੋਰਡ ਵੱਲੋਂ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਉਣ 1822 ਮੰਡੀਆਂ/ਖ਼ਰੀਦ ਕੇਂਦਰ ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ ਮੰਡੀਆਂ ਵਿੱਚ ਬਿਜਲੀ, ਪੀਣ ਵਾਲੇ ਸਾਫ਼ ਪਾਣੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਸਬੰਧੀ ਢੁੱਕਵੇਂ ਪ੍ਰਬੰਧ ਯਕੀਨੀ ਬਣਾਏ ਗਏ ਹਨ। 
ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਕਿਸਾਨਾਂ ਗੁਰਕੀਰਤ ਸਿੰਘ, ਜਸਪਾਲ ਸਿੰਘ ਅਤੇ ਸੁਖਰਾਜ ਸਿੰਘ ਨਾਲ ਗੱਲਬਾਤ ਵੀ ਕੀਤੀ, ਜਿਨ੍ਹਾਂ ਨੇ ਭੋਗਪੁਰ ਦਾਣਾ ਮੰਡੀ ਵਿੱਚ ਤੇਜ਼ੀ ਨਾਲ ਕੀਤੀ ਜਾ ਰਹੀ ਖ਼ਰੀਦ ਦੀ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਅਦਾਇਗੀ ਜਲਦ ਤੋਂ ਜਲਦ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਸਿਰਫ਼ ਪੂਰੀ ਤਰ੍ਹਾਂ ਸੁੱਕਿਆ ਹੋਇਆ ਝੋਨਾ ਹੀ ਲਿਆਂਦਾ ਜਾਵੇ ਕਿਉਂਕਿ ਨਮੀ ਦੀ ਜ਼ਿਆਦਾ ਮਾਤਰਾ ਖ਼ਰੀਦ ਵਿੱਚ ਰੁਕਾਵਟ ਬਣ ਸਕਦੀ ਹੈ।
ਇਸ ਮੌਕੇ ਸੀਨੀਅਰ ‘ਆਪ’ ਆਗੂ ਪਵਨ ਕੁਮਾਰ ਟੀਨੂੰ, ਐਸ.ਡੀ.ਐਮ. ਰਣਦੀਪ ਸਿੰਘ ਹੀਰ, ਡੀ.ਐਫ.ਐਸ.ਸੀ. ਹਰਵੀਨ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top