ਜਲੰਧਰ, 20 ਦਸੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਸ਼ਨੀਵਾਰ ਨੂੰ ਵਾਰਡ ਨੰਬਰ 48 ਵਿੱਚ ਪੈਂਦੇ ਨਿਜ਼ਾਤਮ ਨਗਰ ਵਿੱਚ 58 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ, ਜਿਸ ਨਾਲ ਇਲਾਕੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।
ਮੇਅਰ ਵਿਨੀਤ ਧੀਰ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਸਮੇਤ ਕੈਬਨਿਟ ਮੰਤਰੀ ਵੱਲੋਂ 48 ਲੱਖ ਰੁਪਏ ਦੀ ਲਾਗਤ ਵਾਲੇ ਸੜਕ ਨਿਰਮਾਣ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਨਿਵਾਸੀਆਂ ਲਈ ਮਨੋਰੰਜਨ ਸੁਵਿਧਾਵਾਂ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ 10 ਲੱਖ ਰੁਪਏ ਦੀ ਲਾਗਤ ਨਾਲ ਇਕ ਸਥਾਨਕ ਪਾਰਕ ਦੇ ਨਵੀਨੀਕਰਨ ਸਬੰਧੀ ਵੱਖਰੇ ਪ੍ਰਾਜੈਕਟ ਦੀ ਸ਼ੁਰੂਆਤ ਵੀ ਕੀਤੀ ਗਈ।
ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਜਿਥੇ ਸਥਾਨਕ ਨਿਵਾਸੀਆਂ ਦੀ ਪ੍ਰਮੁੱਖ ਮੰਗ ਪੂਰੀ ਹੋਵੇਗੀ ਉਥੇ ਨਿਜ਼ਾਤਮ ਨਗਰ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਵਿੱਚ ਜ਼ਮੀਨੀ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ‘ਤੇ ਵਿਸ਼ੇਸ਼ ਧਿਆਨ ਦਿੰਦੇ ਹੋਏ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵਚਨਬੱਧ ਹੈ।
ਕੈਬਨਿਟ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਸਾਰੇ ਵਿਕਾਸ ਕੰਮਾਂ ਵਿੱਚ ਉੱਚ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਨਿਰਮਾਣ ਮਿਆਰਾਂ ਨਾਲ ਕੋਈ ਵੀ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੇਅਰ ਵਿਨੀਤ ਧੀਰ ਨੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨਾਲ ਸ਼ਹਿਰੀ ਇਲਾਕਿਆਂ ਵਿੱਚ ਨਾਗਰਿਕ ਸਹੂਲਤਾਂ ਹੋਰ ਬਿਹਤਰ ਹੋਣਗੀਆਂ।
ਇਸ ਦੌਰਾਨ ਕੌਂਸਲਰ ਹਰਜਿੰਦਰ ਸਿੰਘ ਲੱਡਾ ਨੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕੰਮ ਨਿਜ਼ਾਤਮ ਨਗਰ ਵਿੱਚ ਬੁਨਿਆਦੀ ਢਾਂਚੇ ਅਤੇ ਜਨਤਕ ਸਹੂਲਤਾਂ ਨੂੰ ਬਿਹਤਰ ਬਣਾਉਣ ਵਿੱਚ ਬਹੁਤ ਮਦਦਗਾਰ ਸਾਬਤ ਹੋਣਗੇ।

















































