ਜਲੰਧਰ, 23 ਜੁਲਾਈ : ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਕੂਲ ਬੈਗ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬਾਦਪੁਰਾ ਵਿਖੇ 11ਵੀਂ ਅਤੇ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਸਕੂਲ ਬੈਗਾਂ ਦੀ ਵੰਡ ਕੀਤੀ ਗਈ।

ਇਸ ਮੌਕੇ ਕੈਬਨਿਟ ਮੰਤਰੀ ਨੇ ਸਕੂਲ ਦੇ ਵਿਕਾਸ ਕਾਰਜਾਂ ਲਈ 30 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਇਤਿਹਾਸਕ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਜਿਥੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਅਤਿ-ਆਧੁਨਿਕ ਸਹੂਲਤਾਂ ਪ੍ਰਦਾਨ ਕਰਕੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ ਉਥੇ ਅਧਿਆਪਕਾਂ ਨੂੰ ਵਿਦੇਸ਼ਾਂ ਤੋਂ ਟ੍ਰੇਨਿੰਗ ਹਾਸਲ ਕਰਵਾਈ ਹੈ।

ਸ਼੍ਰੀ ਭਗਤ ਨੇ ਕਿਹਾ ਕਿ ਸਕੂਲ ਬੈਗ ਮੁਹੱਈਆ ਕਰਵਾਉਣ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਮਾਪਿਆਂ ‘ਤੇ ਪੈਣ ਵਾਲੇ ਆਰਥਿਕ ਬੋਝ ਨੂੰ ਵੀ ਘੱਟ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਦੇ ਵਿਕਾਸ ਲਈ ਚੁੱਕੇ ਗਏ ਕ੍ਰਾਂਤੀਕਾਰੀ ਕਦਮਾਂ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਹੋਰ ਖੇਤਰਾਂ ਵਿੱਚ ਵੀ ਨਾਮਣਾ ਖੱਟ ਰਹੇ ਹਨ।

ਉਨ੍ਹਾਂ ਵਿਦਿਆਰਥੀਆਂ ਨੂੰ ਪੂਰੀ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਪੜ੍ਹਾਈ ਕਰਨ ਅਤੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਸਫ਼ਲ, ਖ਼ੁਸ਼ਹਾਲ ਅਤੇ ਰੌਸ਼ਨ ਭਵਿੱਖ ਦੀ ਮਜ਼ਬੂਤ ਨੀਂਹ ਹੈ।
ਇਸ ਮੌਕੇ ਕੈਬਨਿਟ ਮੰਤਰੀ ਨੇ ਵਿਭਾਗ ਵੱਲੋਂ ਭੇਜਿਆ ਆਰ.ਓ. ਅਤੇ ਸੈਨੇਟਰੀ ਨੈਪਕਿਨ ਵੈਂਡਿੰਗ ਮਸ਼ੀਨ ਵੀ ਸਕੂਲ ਨੂੰ ਸਮਰਪਿਤ ਕੀਤੀ।

ਇਸ ਤੋਂ ਪਹਿਲਾਂ ਪ੍ਰਿੰਸੀਪਲ ਸੋਨੀਆ ਧਵਨ ਨੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦਾ ਸਕੂਲ ਪਹੁੰਚਣ ‘ਤੇ ਸਵਾਗਤ ਕੀਤਾ ਅਤੇ ਸਕੂਲ ਦੀ ਨੁਹਾਰ ਬਦਲਣ ਲਈ ਕੀਤੇ ਯਤਨਾਂ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ।
ਇਸ ਮੌਕੇ ਸੰਜੀਵ ਭਗਤ, ਆਪ ਆਗੂ ਗੁਰਨਾਮ ਸਿੰਘ, ਰਣਜੀਤ ਕੁਮਾਰ, ਸਰਬਜੀਤ ਕੌਰ, ਗੁਰਦਰਸ਼ਨ ਅਤੇ ਅਧਿਆਪਕ ਪ੍ਰਵੀਨ ਬਾਲਾ, ਗੁਰਪ੍ਰੀਤ ਸਿੰਘ, ਤ੍ਰਿਪਤਾ ਭਾਟੀਆ, ਸਰੋਜ ਬਾਲਾ ਅਤੇ ਹੋਰ ਸਟਾਫ ਵੀ ਮੌਜੂਦ ਸੀ।

