ਜਲੰਧਰ, 17 ਅਪ੍ਰੈਲ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੀਰਵਾਰ ਸ਼ਾਮ ਤੱਕ 10012 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 6182 ਮੀਟ੍ਰਿਕ ਟਨ ਫ਼ਸਲ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਪਨਗਰੇਨ ਵੱਲੋਂ 2954 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 2229 ਮੀਟ੍ਰਿਕ ਟਨ, ਪਨਸਪ ਵੱਲੋਂ 790 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 153 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 56 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਸੁਚਾਰੂ ਢੰਗ ਨਾਲ ਕਣਕ ਦੀ ਖਰੀਦ, ਨਾਲੋ-ਨਾਲ ਲਿਫ਼ਟਿੰਗ ਅਤੇ ਅਦਾਇਗੀ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕਿਸਾਨਾਂ ਅਤੇ ਮਜ਼ਦੂਰਾਂ ਦੀ ਸੁਵਿਧਾ ਨੂੰ ਮੁੱਖ ਰੱਖਦੇ ਹੋਏ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ, ਬੈਠਣ ਦੀ ਵਿਵਸਥਾ, ਬਿਜਲੀ, ਸ਼ੈੱਡ, ਪਖਾਨੇ ਆਦਿ ਦੇ ਢੁੱਕਵੇਂ ਬੰਦੋਬਸਤ ਹੋਣੇ ਚਾਹੀਦੇ ਹਨ।
ਸ਼੍ਰੀ ਵਾਲੀਆ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੇ ਖ਼ਰੀਦ ਸੀਜ਼ਨ ਨੂੰ ਸੁਚੱਜੇ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸੁਚਾਰੂ ਖ਼ਰੀਦ ਪ੍ਰਕਿਰਿਆ ਯਕੀਨੀ ਬਣਾਉਣ ਲਈ 79 ਰੈਗੂਲਰ ਅਤੇ 24 ਆਰਜੀ ਮੰਡੀਆਂ ਸਥਾਪਤ ਕੀਤੀਆਂ ਹਨ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਮੰਡੀਆਂ ਦੇ ਲਗਾਤਾਰ ਦੌਰੇ ਕਰਨ ਦੇ ਨਿਰਦੇਸ਼ ਵੀ ਦਿੱਤੇ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਉਧਰ ਪਿੰਡ ਡੱਲਾ ਦੇ ਕਿਸਾਨ ਚਨਰਜੀਤ ਸਿੰਘ, ਜੋ ਭੋਗਪੁਰ ਮੰਡੀ ਵਿੱਚ ਆਪਣੀ ਫ਼ਸਲ ਲੈ ਕੇ ਆਏ ਸਨ, ਨੇ ਮੰਡੀਆਂ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ’ਤੇ ਤਸੱਲੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਉਹ ਭੋਗਪੁਰ ਮੰਡੀ ਵਿਖੇ ਆਪਣੀ ਕਣਕ ਦੀ ਫ਼ਸਲ ਵਿਕਰੀ ਲਈ ਲੈ ਕੇ ਆਏ ਸਨ, ਜਿਸ ਦੀ ਸਮੇਂ ਸਿਰ ਤੁਲਾਈ ਹੋ ਕੇ ਅੱਜ ਅਦਾਇਗੀ ਵੀ ਹੋ ਗਈ ਹੈ। ਉਨ੍ਹਾਂ ਮੰਡੀਆਂ ਵਿੱਚ ਕੀਤੇ ਸੁਚੱਜੇ ਪ੍ਰਬੰਧਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਪ੍ਰਗਟ ਕੀਤਾ।

















































