ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ

ਜਲੰਧਰ : ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਅਤੇ ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ 6, 11, 16 ਅਤੇ 17 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਸਬੰਧੀ ਹੋਣ ਵਾਲੇ ਸਮਾਗਮਾਂ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ।
ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਦੱਸਿਆ ਕਿ ਲੜੀਵਾਰ ਸਮਾਗਮ ਕਰਵਾਏ ਜਾਣਗੇ, ਜਿਨ੍ਹਾਂ ਵਿੱਚ 6 ਅਕਤੂਬਰ ਨੂੰ ਹਵਨ ਯੱਗ, 11 ਅਕਤੂਬਰ ਨੂੰ ਤੀਰਥ ਯਾਤਰਾ, 16 ਅਕਤੂਬਰ ਨੂੰ ਸ਼ੋਭਾ ਯਾਤਰਾ ਅਤੇ 17 ਅਕਤੂਬਰ ਨੂੰ ਦੀਪ ਮਾਲਾ ਹੋਵੇਗੀ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਪੁਖ਼ਤਾ ਪ੍ਰਬੰਧ ਕਰਨ ਲਈ ਵਚਨਬੱਧ ਹੈ ਤਾਂ ਜੋ ਲੋਕ ਪੂਰੀ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਡਾ. ਅਗਰਵਾਲ ਨੇ ਲੋਕਾਂ ਨੂੰ ਸ਼ੋਭਾ ਯਾਤਰਾ ਵਿਚ ਪੂਰੀ ਧਾਰਮਿਕ ਭਾਵਨਾ ਨਾਲ ਸ਼ਿਰਕਤ ਕਰਨ ਲਈ ਕਿਹਾ।


ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ੋਭਾ ਯਾਤਰਾ ਦੌਰਾਨ ਟ੍ਰੈਫਿਕ ਦੇ ਬਦਲਵੇਂ ਰੂਟ, ਵਾਹਨਾਂ ਦੀ ਢੁੱਕਵੀਂ ਪਾਰਕਿੰਗ, ਚੌਕਾਂ ਦੇ ਸੁੰਦਰੀਕਰਨ, ਸੁਰੱਖਿਆ ਇੰਤਜ਼ਾਮ ਅਤੇ ਹੋਰ ਸਹੂਲਤਾਂ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣਗੇ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਹਰੇਕ ਸਬੰਧਤ ਅਧਿਕਾਰੀ ਨੂੰ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਉਨ੍ਹਾਂ ਦਾ ਸਟਾਫ਼ ਇਸ ਪ੍ਰਸਿੱਧ ਸ਼ੋਭਾ ਯਾਤਰਾ ਦੌਰਾਨ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਵੇ। ਉਨ੍ਹਾਂ ਕਿਹਾ ਕਿ ਹਰੇਕ ਅਧਿਕਾਰੀ/ਕਰਮਚਾਰੀ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਸ਼ੋਭਾ ਵਿੱਚ ਭਾਗ ਲੈਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ ਅਤੇ ਇਸ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਾ.ਅਗਰਵਾਲ ਨੇ ਨਗਰ ਨਿਗਮ ਜਲੰਧਰ ਨੂੰ ਸ਼ੋਭਾ ਯਾਤਰਾ ਦੇ ਰੂਟ ਦੀ ਸੁਚੱਜੀ ਸਾਫ਼-ਸਫ਼ਾਈ, ਸੜਕਾਂ ’ਤੇ ਪਾਣੀ ਦੇ ਛਿੜਕਾਅ ਅਤੇ ਸਮਾਗਮ ਦੌਰਾਨ ਸ਼ਾਮਿਲ ਹੋਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਆਰਜ਼ੀ ਪਖ਼ਾਨੇ ਤੇ ਮੋਬਾਇਲ ਟੁਆਇਲਾਂ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਇਸੇ ਤਰ੍ਹਾਂ ਉਨ੍ਹਾਂ ਸਿਹਤ ਵਿਭਾਗ ਨੂੰ ਕਿਹਾ ਕਿ ਸ਼ੋਭਾ ਯਾਤਰਾ ਦੌਰਾਨ ਲੋਕਾਂ ਦੀ ਸਹੂਲਤ ਲਈ ਮੈਡੀਕਲ ਟੀਮਾਂ ਸਮੇਤ ਦਵਾਈਆਂ ਅਤੇ ਐਂਬੂਲੈਂਸ ਤਾਇਨਾਤ ਕੀਤੀਆਂ ਜਾਣ। ਉਨ੍ਹਾਂ ਪਾਵਰਕਾਮ ਦੇ ਅਧਿਕਾਰੀਆਂ ਨੂੰ ਸ਼ੋਭਾ ਯਾਤਰਾ ਦੇ ਰੂਟ ’ਤੇ ਲਟਕਦੀਆਂ ਤਾਰਾਂ ਨੂੰ ਹਟਾਉਣ ਦੇ ਨਾਲ-ਨਾਲ ਨਿਰਵਿਘਨ ਬਿਜਲੀ ਸਪਲਾਈ ਲਈ ਸੁਚਾਰੂ ਵਿਵਸਥਾ ਕਰਨ ਲਈ ਕਿਹਾ।


ਉਨ੍ਹਾਂ ਪੁਲਿਸ ਵਿਭਾਗ ਨੂੰ ਸ਼ੋਭਾ ਯਾਤਰਾ ਦੌਰਾਨ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ, ਖਾਸ ਕਰ ਆਵਾਜਾਈ ਨੂੰ ਨਿਰਵਿਘਨ ਜਾਰੀ ਰੱਖਣ ਲਈ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਅਵਾਜਾਈ ਦੇ ਰੂਟਾਂ ਸਬੰਧੀ ਵਿਆਪਕ ਯੋਜਨਾ ਪਹਿਲਾਂ ਹੀ ਤਿਆਰ ਕਰਕੇ ਇਸ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਕਿਹਾ ਤਾਂ ਜੋ ਲੋਕ ਤਬਦੀਲ ਕੀਤੇ ਗਏ ਆਵਾਜਾਈ ਦੇ ਰੂਟਾਂ ਤੋਂ ਚੰਗੀ ਤਰ੍ਹਾਂ ਜਾਣੂ ਹੋ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲੋੜੀਂਦੀ ਗਿਣਤੀ ਵਿੱਚ ਪੁਲਿਸ ਕਰਮੀ ਤਾਇਨਾਤ ਕੀਤੇ ਜਾਣ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਇਹ ਮੀਟਿੰਗ ਸਮਾਗਮਾਂ ਤੋਂ ਕਾਫੀ ਪਹਿਲਾਂ ਕੀਤੀ ਜਾ ਰਹੀ ਹੈ ਤਾਂ ਜੋ ਸਾਰੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।
ਇਸ ਮੌਕੇ ਨਗਰ ਨਿਗਮ ਕਮਿਸ਼ਨਰ ਗੌਤਮ ਜੈਨ, ਜੁਆਇੰਟ ਕਮਿਸ਼ਨਰ ਪੁਲਿਸ ਸੰਦੀਪ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਤੇ ਮੇਜਰ ਡਾ. ਅਮਿਤ ਮਹਾਜਨ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top