ਜਲੰਧਰ, 21 ਜੁਲਾਈ :- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਜ ਕੰਧਾਲਾ ਗੁਰੂ ਨਿਵਾਸੀਆਂ ਵੱਲੋਂ ਆਪਣੇ ਪਿੰਡ ਵਿਖੇ ਪ੍ਰਸਤਾਵਿਤ ਸੀ.ਐਨ.ਜੀ. ਫੈਕਟਰੀ ਵਿਰੁੱਧ ਕੀਤੇ ਜਾ ਰਹੇ ਵਿਰੋਧ ਦੀ ਹਮਾਇਤ ਕੀਤੀ।
ਕੈਬਨਿਟ ਮੰਤਰੀ ਨੇ ਕੰਧਾਲਾ ਗੁਰੂ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਲੋਕਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਸਮਰਥਨ ਕਰਨਗੇ ਤਾਂ ਜੋ ਪ੍ਰਸਤਾਵਿਤ ਸੀ.ਐਨ.ਜੀ. ਫੈਕਟਰੀ ਉਨ੍ਹਾਂ ਦੇ ਪਿੰਡ ਵਿੱਚ ਕੰਮ ਕਰਨਾ ਸ਼ੁਰੂ ਨਾ ਕਰੇ।

ਕੰਧਾਲਾ ਗੁਰੂ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਨਾਲ ਵਿਸਥਾਰਤ ਗੱਲਬਾਤ ਦੌਰਾਨ ਮੰਤਰੀ ਨੇ ਫੈਕਟਰੀ ਦੇ ਸਿਹਤ ਅਤੇ ਵਾਤਾਵਰਣ ਸਬੰਧੀ ਸੰਭਾਵੀ ਜੋਖਿਮ ਬਾਰੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਗਹੁ ਨਾਲ ਸੁਣਿਆ।
ਪਿੰਡ ਵਾਲਿਆਂ ਨੇ ਮੰਤਰੀ ਨੂੰ ਦੱਸਿਆ ਕਿ ਬਾਇਓ ਸੀ.ਐਨ.ਜੀ. ਫੈਕਟਰੀ ਉਨ੍ਹਾਂ ਦੇ ਖੇਤਾਂ ਦੀ ਮਿੱਟੀ, ਪਾਣੀ ਅਤੇ ਹਵਾ ਦੀ ਗੁਣਵੱਤਾ ਲਈ ਬਹੁਤ ਵੱਡਾ ਖ਼ਤਰਾ ਹੈ। ਉਨ੍ਹਾਂ ਫੈਕਟਰੀ ਦੇ ਸੰਚਾਲਨ ਨੂੰ ਰੋਕਣ ਲਈ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ। ਸ਼ਿਕਾਇਤਾਂ ਸੁਣਨ ਉਪਰੰਤ ਕੈਬਨਿਟ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਤੰਤਰ ਵਿੱਚ ਜਨਤਾ ਦੀ ਆਵਾਜ਼ ਸਰਬਉੱਚ ਹੁੰਦੀ ਹੈ।

ਉਨ੍ਹਾਂ ਪਿੰਡ ਵਾਸੀਆਂ ਨੂੰ ਸਾਥ ਦੇਣ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਫੈਕਟਰੀ ਨੂੰ ਕੰਮ ਸ਼ੁਰੂ ਕਰਨ ਤੋਂ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।
ਮੰਤਰੀ ਵੱਲੋਂ ਦਿੱਤੇ ਸਮਰਥਨ ਅਤੇ ਭਰੋਸੇ ਲਈ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਧੰਨਵਾਦ ਕੀਤਾ।
ਮੰਤਰੀ ਨੇ ਕੰਧਾਲਾ ਗੁਰੂ ਦੇ ਵਸਨੀਕਾਂ ਦੀ ਸਿਹਤ ਅਤੇ ਵਾਤਾਵਰਣ ਦੀ ਰਾਖੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਜੇਕਰ ਲੋਕ ਇਸ ਦਾ ਵਿਰੋਧ ਕਰਨਗੇ ਤਾਂ ਫੈਕਟਰੀ ਦੀ ਕਾਰਵਾਈ ਅੱਗੇ ਨਹੀਂ ਵਧੇਗੀ।


















































