,
ਜਲੰਧਰ:- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਵਿੱਚ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਸਵੀਪ ਪ੍ਰੋਗਰਾਮ ਤਹਿਤ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ ਦੌਰਾਨ 70 ਫੀਸਦੀ ਤੋਂ ਵੱਧ ਵੋਟ ਪ੍ਰਤੀਸ਼ਤ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਲੋਕਾਂ ਖਾਸ ਕਰਕੇ ਨੌਜਵਾਨ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵੱਧ ਤੋਂ ਵੱਧ ਗਤੀਵਿਧੀਆ ਕਰਵਾਕੇ ਜਾਗਰੂਕ ਕੀਤਾ ਜਾਵੇ।
ਡਾ.ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਘੱਟ ਪੋਲਿੰਗ ਵਾਲੇ ਖੇਤਰਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕਰਵਾ ਕੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਤੋਂ ਜਾਣੂੰ ਕਰਵਾਉਂਦਿਆਂ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾਵੇ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੇਸ਼ ਦੀ ਲੋਕਤੰਤਰੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਬਣਾਉਣ ਲਈ ਲੋਕਾਂ ਖਾਸ ਕਰਕੇ ਨੌਜਵਾਨ ਵੋਟਰਾਂ ਨੂੰ ਸਵੀਪ ਗਤੀਵਿਧੀਆਂ ਵਿੱਚ ਸ਼ਾਮਿਲ ਕਰਕੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰਣ ਦੁਆਇਆ ਜਾਵੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਵੋਟਰਾਂ ਨੂੰ ਆਪਣੇ ਵੋਟ ਦੇ ਹੱਕ ਪ੍ਰਤੀ ਸੁਚੇਤ ਕਰਨ ਲਈ ਸੋਸ਼ਲ ਮੀਡੀਆ, ਰੇਡੀਓ, ਐਫ.ਐਮ. ਸਮੇਤ ਸੰਚਾਰ ਦੇ ਹੋਰ ਵੱਖ-ਵੱਖ ਸਾਧਨਾਂ ਦੀ ਸੁਚੱਜੀ ਵਰਤੋਂ ਕਰਕੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ ਜਾਵੇ ਤਾਂ ਜੋ ਵੋਟਾਂ ਵਾਲੇ ਦਿਨ ਲੋਕ ਵੱਧ ਤੋਂ ਵੱਧ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ।
ਡਾ. ਅਗਰਵਾਲ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ, ਔਰਤਾਂ ਅਤੇ ਬਜ਼ੁਰਗਾਂ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ’ਤੇ ਉਪਲਬੱਧ ਸਹੂਲਤਾਂ ਸਬੰਧੀ ਵੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ।
ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਵੋਟਰਾਂ ਨੂੰ ਜਾਗਰੂਕ ਕਰਨ ਲਈ ਬੀ.ਐਲ.ਓਜ਼, ਵਲੰਟੀਅਰਾਂ, ਵਿਦਿਆਰਥੀਆਂ, ਆਂਗਣਵਾੜੀ ਵਰਕਰਾਂ, ਸੈਲਫ ਹੈਲਪ ਗਰੁੱਪਾਂ, ਨਹਿਰੂ ਯੁਵਾ ਕੇਂਦਰ, ਸਮਾਜ ਸੇਵੀ ਸੰਸਥਾਵਾਂ ਆਦਿ ਦੇ ਵੱਡੇਮੁੱਲੇ ਸਹਿਯੋਗ ਨਾਲ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਉਲੀਕੀਆਂ ਜਾਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਨੋਡਲ ਅਫਸਰ ਸਵੀਪ ਜਸਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 70 ਫੀਸਦੀ ਤੋਂ ਵੱਧ ਵੋਟ ਫੀਸਦੀ ਦੇ ਟੀਚੇ ਨੂੰ ਹਾਸਿਲ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਵਿੱਚ ਸਵੀਪ ਪ੍ਰੋਗਰਾਮ ਤਹਿਤ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਸਵੀਪ ਪ੍ਰੋਗਰਾਮ ਤਹਿਤ ਪੇਂਟਿੰਗ, ਸਲੋਗਨ ਲਿਖਣ, ਭਾਸ਼ਣ ਅਤੇ ਲੇਖ ਮੁਕਾਬਲੇ ਕਰਵਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਕੈਂਪਸ ਅੰਬੈਸਡਰਾਂ ਨਾਲ ਮੀਟਿੰਗਾਂ ਕਰਕੇ ਆਪੋ-ਆਪਣੇ ਵਿੱਦਿਅਕ ਅਦਾਰਿਆਂ ਵਿੱਚ ਵੋਟਰ ਜਾਗਰੂਕਤਾ ਨੂੰ ਹੋਰ ਹੁਲਾਰਾ ਦੇਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਫੋਟੋ ਕੈਪਸ਼ਨ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਸਵੀਪ ਪ੍ਰੋਗਰਾਮ ਤਹਿਤ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਦਾ ਜਾਇਜ਼ਾ ਲੈਂਦੇ ਹੋਏ।

















































