ਪੰਜਾਬ ਪੁਲਿਸ ਨੇ ਵੀਐਚਪੀ ਆਗੂ ਵਿਕਾਸ ਬੱਗਾ ਦੇ ਕਤਲ ਕੇਸ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ

ਚੰਡੀਗੜ੍ਹ/ਲੁਧਿਆਣਾ, 12 ਅਗਸਤ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਲੁਧਿਆਣਾ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਨੰਗਲ ਦੇ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਆਗੂ ਦੇ ਕਤਲ ਮਾਮਲੇ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਮੁਕੁਲ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਇਸ ਮਾਮਲੇ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਵੱਲੋਂ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਿਕ ਇਸ ਸਾਲ 13 ਅਪ੍ਰੈਲ ਦੀ ਸ਼ਾਮ ਨੂੰ ਨੰਗਲ ਦੇ ਰੇਲਵੇ ਰੋਡ ‘ਤੇ ਸਥਿਤ ਵੀਐਚਪੀ ਨੰਗਲ ਮੰਡਲ ਦੇ ਪ੍ਰਧਾਨ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੀ ਦੁਕਾਨ ‘ਤੇ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਸੀ। ਇਹ ਹਮਲਾਵਰ- ਜਿਸ ਵਿੱਚੋਂ ਇਕ ਨੇ ਹੈਲਮੇਟ ਪਾਇਆ ਹੋਇਆ ਸੀ ਅਤੇ ਦੂਜੇ ਨੇ ਮਫਲਰ ਨਾਲ ਮੂੰਹ ਢੱਕਿਆ ਹੋਇਆ ਸੀ- ਕਾਲੇ ਰੰਗ ਦੀ ਸਕੂਟੀ ‘ਤੇ ਆਏ ਸਨ।
ਇਹ ਸਫ਼ਲਤਾ ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਸ਼ਾਮਲ ਦੋਨਾਂ ਸ਼ੂਟਰਾਂ ਮਨਦੀਪ ਕੁਮਾਰ ਉਰਫ਼ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ਼ ਰਿੱਕਾ ਨੂੰ .32 ਬੋਰ ਦੇ ਦੋ ਪਿਸਤੌਲਾਂ ਅਤੇ ਅਪਰਾਧ ਵਿੱਚ ਵਰਤੀ ਗਈ ਸਕੂਟੀ ਸਮੇਤ ਗ੍ਰਿਫ਼ਤਾਰ ਕਰਨ ਤੋਂ ਚਾਰ ਮਹੀਨੇ ਬਾਅਦ ਪ੍ਰਾਪਤ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਵਿੱਤੀ ਲੈਣ-ਦੇਣ ਦੀ ਜਾਂਚ ਅਤੇ ਖੁਫੀਆ ਜਾਣਕਾਰੀ ਸਮੇਤ ਸ਼ਾਨਦਾਰ ਟੀਮ ਵਰਕ ਅਤੇ ਵਿਗਿਆਨਕ ਢੰਗ ਨਾਲ ਕੀਤੀ ਜਾਂਚ ਉਪਰੰਤ, ਸੀਆਈ ਲੁਧਿਆਣਾ ਨੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਪੰਜਾਬ ਤੇ ਜੰਮੂ-ਕਸ਼ਮੀਰ ਵਿੱਚ ਸਾਂਝੇ ਤੌਰ ‘ਤੇ ਅਪਰੇਸ਼ਨ ਚਲਾਇਆ ਜਿਸ ਨਾਲ ਦੋਸ਼ੀ ਮੁਕੁਲ ਮਿਸ਼ਰਾ ਵਾਸੀ ਜ਼ਿਲ੍ਹਾ ਗੋਂਡਾ, ਉੱਤਰ ਪ੍ਰਦੇਸ਼ (ਯੂਪੀ) ਨੂੰ ਗ੍ਰਿਫ਼ਤਾਰ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਮੁਕੁਲ ਮਿਸ਼ਰਾ ਨੇ ਆਪਣੇ ਬੈਂਕ ਖਾਤੇ ਰਾਹੀਂ ਵਿਕਾਸ ਬੱਗਾ ਦੇ ਕਤਲ ਵਿੱਚ ਵਰਤੇ ਗਏ ਹਥਿਆਰਾਂ ਦੀ ਖਰੀਦ ਕੀਤੀ ਸੀ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਹਥਿਆਰ ਖਰੀਦਣ ਵਾਲੇ ਇਕ ਹੋਰ ਵਿਅਕਤੀ ਸਮੇਤ ਦੋ ਸ਼ੱਕੀ ਵਿਅਕਤੀਆਂ ਦੀ ਵੀ ਪਛਾਣ ਕੀਤੀ ਹੈ।
ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਮੁਕੁਲ ਮਿਸ਼ਰਾ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 379-ਬੀ ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਸਾਲ 2024 ਵਿੱਚ ਥਾਣਾ ਡਿਵੀਜ਼ਨ 2 ਲੁਧਿਆਣਾ ਵਿਖੇ ਐਫ.ਆਰ.ਆਈ. 55 ਅਧੀਨ ਦਰਜ ਮਾਮਲੇ ਵਿੱਚ ਵੀ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਪੁਲਿਸ ਟੀਮਾਂ ਵੱਲੋਂ ਭਗੌੜਿਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top