‘ਪੰਜਾਬ ਸੜਕ ਸਫਾਈ ਮਿਸ਼ਨ’ ; ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਵੱਲੋਂ ਗੋਦ ਲਈਆਂ ਸੜਕਾਂ ਦੇ ਸੁਚੱਜੇ ਰੱਖ-ਰਖਾਅ ਲਈ ਕੀਤੇ ਜਾ ਰਹੇ ਯਤਨਾਂ ਦੀ ਕੀਤੀ ਸਮੀਖਿਆ

ਜਲੰਧਰ, 3 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ‘ਪੰਜਾਬ ਸੜਕ ਸਫਾਈ ਮਿਸ਼ਨ’ ਤਹਿਤ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਰਕਰਾਰ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ‘ਪੰਜਾਬ ਸੜਕ ਸਫਾਈ ਮਿਸ਼ਨ’ ਤਹਿਤ ਜ਼ਿਲ੍ਹੇ ਵਿੱਚ ਅਧਿਕਾਰੀਆਂ ਵੱਲੋਂ ਗੋਦ ਲਈਆਂ ਸੜਕਾਂ ਦੇ ਸੁਚੱਜੇ ਰੱਖ-ਰਖਾਅ ਲਈ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਗੋਦ ਲਈਆਂ ਗਈਆਂ ਸੜਕਾਂ ਦੇ ਨਿਯਮਿਤ ਦੌਰੇ ਕਰਨ ਅਤੇ ਇਨ੍ਹਾਂ ਦੀ ਸੁਚੱਜੇ ਢੰਗ ਨਾਲ ਮੈਨਟੇਨੈਂਸ ਯਕੀਨੀ ਬਣਾਉਣ ਲਈ ਠੋਸ ਉਪਾਅ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਡਾਪਟ ਕੀਤੀਆਂ ਸੜਕਾਂ ’ਤੇ ਸਾਫ-ਸਫਾਈ, ਟੋਏ, ਨਿਕਾਸੀ ਸਮੇਤ ਪੇਸ਼ ਆ ਰਹੇ ਹੋਰ ਮੁੱਦੇ ਤੁਰੰਤ ਸਬੰਧਤ ਵਿਭਾਗ ਦੇ ਨੋਡਲ ਅਧਿਕਾਰੀ ਨਾਲ ਸਾਂਝੇ ਕੀਤੇ ਜਾਣ, ਤਾਂ ਜੋ ਇਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਰਾਹਤ ਦਿਵਾਈ ਜਾ ਸਕੇ।

ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਿਵਾਸੀਆਂ ਲਈ ਸੁਚਾਰੂ ਅਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਲਈ ਸੜਕਾਂ ਦੇ ਉੱਚ ਮਿਆਰ ਨੂੰ ਬਣਾਈ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਪਣੇ ਦੌਰੇ ਅਤੇ ਕੀਤੀ ਗਈ ਕਾਰਵਾਈ ਦੀਆਂ ਤਸਵੀਰਾਂ ਸਾਂਝੀਆਂ ਕਰਨ ਤੋਂ ਇਲਾਵਾ ਇਸ ਸਬੰਧੀ ਰਿਪੋਰਟ ਨਿਯਮਿਤ ਢੰਗ ਨਾਲ ਅਪਡੇਟ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ, ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ, ਜੁਆਇੰਟ ਕਮਿਸ਼ਨਰ ਨਗਰ ਨਿਗਮ ਮਨਦੀਪ ਕੌਰ ਤੇ ਸੁਮਨਦੀਪ ਕੌਰ, ਸੀ.ਐਮ.ਐਫ.ਓ. ਨਵਦੀਪ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top