ਜਲੰਧਰ : ਸੜਕਾਂ ਦੀ ਨਿਰੰਤਰ ਨਿਗਰਾਨੀ ਲਈ ਸ਼ੁਰੂ ਕੀਤੇ ‘ਪੰਜਾਬ ਸੜਕ ਸਫਾਈ ਮਿਸ਼ਨ’ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸੀਨੀਅਰ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਅਲਾਟ ਕੀਤੀਆਂ ਸੜਕਾਂ ਦਾ ਦੌਰਾ ਕਰਕੇ ਉਥੇ ਸਾਫ-ਸਫਾਈ ਸਮੇਤ ਹੋਰ ਹੋਣ ਵਾਲੇ ਕੰਮਾਂ ਦਾ ਜਾਇਜ਼ਾ ਲਿਆ ਗਿਆ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਸੜਕਾਂ ਦੀ ਸਥਿਤੀ ਨੂੰ ਬਿਹਤਰ ਬਣਾਉਣ ਲਈ ਉਨ੍ਹਾਂ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਸੀਨੀਅਰ ਅਧਿਕਾਰੀਆਂ ਵੱਲੋਂ 10 ਕਿਲੋਮੀਟਰ ਤੱਕ ਦੀਆਂ 51 ਸੜਕਾਂ ਨੂੰ ਅਡਾਪਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਅਲਾਟ ਕੀਤੀਆਂ ਸੜਕਾਂ ਦਾ ਨਿਰੀਖਣ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਨਾਲ ਉਥੇ ਪੇਸ਼ ਆ ਰਹੀਆਂ ਟੋਇਆਂ, ਸਾਫ਼-ਸਫਾਈ, ਸਟ੍ਰੀਟ ਲਾਈਟਾਂ ਸਮੇਤ ਹੋਰ ਸਮੱਸਿਆਵਾਂ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਜਲਦ ਹੱਲ ਕਰਵਾਉਣ ਵਿੱਚ ਮਦਦ ਮਿਲੇਗੀ।
ਡਾ. ਅਗਰਵਾਲ ਨੇ ਕਿਹਾ ਕਿ ਇਹ ਮਿਸ਼ਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਦੇਸ਼ ਦੇ ਸਭ ਤੋਂ ਸਾਫ-ਸੁਥਰੇ ਰਾਜਾਂ ’ਚੋਂ ਇਕ ਬਣਾਉਣ ਦੀ ਸੋਚ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸੜਕਾਂ ਨੂੰ ਸਾਫ-ਸੁਥਰੀਆਂ ਅਤੇ ਮਿਆਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਵੀ ਨਿਰਦੇਸ਼ ਦਿੱਤੇ ਕਿ ਅਧਿਕਾਰੀਆਂ, ਜਿਨ੍ਹਾਂ ਨੂੰ ਵੱਖ-ਵੱਖ ਸੜਕਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਵੱਲੋਂ ਰੋਡ ਦੇ ਰੱਖ-ਰਖਾਅ ਸਬੰਧੀ ਧਿਆਨ ਵਿੱਚ ਲਿਆਂਦੇ ਗਏ ਮੁੱਦੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣ ਤਾਂ ਜੋ ਸੜਕਾਂ ਸਬੰਧੀ ਉੱਚ ਮਿਆਰਾਂ ਨੂੰ ਕਾਇਮ ਰੱਖਿਆ ਜਾ ਸਕੇ।
ਇਸ ਮਿਸ਼ਨ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੱਲੋਂ ਪੁਰਾਣੀ ਸੁਰਾਨੁੱਸੀ ਸੜਕ ਦਾ ਨਿਰੀਖਣ ਕੀਤਾ ਗਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਸੜਕ ਦੇ ਕਿਨਾਰੇ ਪਏ ਕੂੜੇ ਦੇ ਢੇਰ ਚੁਕਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਸੜਕ ਦੀ ਸਾਫ-ਸਫਾਈ ਨਿਯਮਿਤ ਤੌਰ ’ਤੇ ਯਕੀਨੀ ਬਣਾਉਣ ਲਈ ਕਿਹਾ।
ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਵੱਲੋਂ ਬੀ.ਐਮ.ਸੀ. ਚੌਕ ਤੋਂ ਕੂਲ ਰੋਡ ਤੱਕ ਦੇ ਹਿੱਸੇ ਦਾ ਦੌਰਾ ਕੀਤਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਚੁਨਮੁਨ ਮਾਲ ਨੇੜੇ ਫੁੱਟਪਾਥਾਂ ਦੀ ਮੁਰੰਮਤ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਦਰੱਖਤਾਂ ਅਤੇ ਝਾੜੀਆਂ ਦੀ ਲੋੜੀਂਦੀ ਕਟਾਈ ਅਤੇ ਛੰਗਾਈ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ।
ਐਸ.ਡੀ.ਐਮ. ਜਲੰਧਰ-1 ਰਣਦੀਪ ਸਿੰਘ ਹੀਰ ਵੱਲੋਂ ਬੁਲੰਦਪੁਰ ਰੋਡ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਨੇ ਸੁਚਾਰੂ ਸੀਵਰੇਜ ਲਾਈਨਾਂ ਯਕੀਨੀ ਬਣਾਉਣ ਦੇ ਨਾਲ-ਨਾਲ ਸੜਕ ’ਤੇ ਨਿਯਮਿਤ ਸਫਾਈ ਤੇ ਟੋਇਆਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਇਸੇ ਤਰ੍ਹਾਂ ਐਸ.ਡੀ.ਐਮ. ਜਲੰਧਰ-2 ਸ਼ਾਇਰੀ ਮਲਹੋਤਰਾ ਨੇ ਐਨ.ਐਚ. 44 ਦਾ ਜਾਇਜ਼ਾ ਲੈਂਦਿਆਂ ਸੜਕ ਦੇ ਕਿਨਾਰੇ ਗਰਿੱਲਾਂ ਅਤੇ ਡਰੇਨਜ਼ ਕਵਰ ਦਰੁੱਸਤ ਕਰਨ ਲਈ ਲੋੜੀਂਦੇ ਪ੍ਰਬੰਧ ਕਰਨ ਦੀਆਂ ਹਦਾਇਤਾਂ ਕੀਤੀਆਂ।ਇਸ ਤੋਂ ਇਲਾਵਾ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੂੰ ਫੁੱਟ ਓਵਰ ਬ੍ਰਿਜ ਸਬੰਧੀ ਕਾਰਵਾਈ ਵਿੱਚ ਤੇਜ਼ੀ ਲਿਆਉਣ ਲਈ ਕਿਹਾ।
ਐਸ.ਡੀ.ਐਮ. ਆਦਮਪੁਰ ਵਿਵੇਕ ਕੁਮਾਰ ਮੋਦੀ ,ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵੱਲੋਂ ਪਠਾਨਕੋਟ ਹਾਈਵੇਅ ਅਤੇ ਕਿਸ਼ਨਪੁਰਾ ਚੌਕ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਸ਼ਨਪੁਰਾ ਰੋਡ ‘ਤੇ ਸਟ੍ਰੀਟ ਲਾਈਟਾਂ ਲਗਾਉਣ, ਦੋਆਬਾ ਕਾਲਜ ਦੇ ਪਿੱਛੇ ਟੋਇਆਂ ਅਤੇ ਸ਼੍ਰੀਮਨ ਹਸਪਤਾਲ ਪਾਸ ਸਰਵਿਸ ਰੋਡ ਨੇੜੇ ਪਾਣੀ ਜਮ੍ਹਾ ਦੀ ਸਮੱਸਿਆ ਦਾ ਹੱਲ ਕਰਨ ਸਖ਼ਤ ਨਿਰਦੇਸ਼ ਦਿੱਤੇ।
ਐਸ.ਡੀ.ਐਮ. ਨਕੋਦਰ ਲਾਲ ਵਿਸ਼ਵਾਸ ਵੱਲੋਂ ਨਕੋਦਰ ਰੋਡ ਦੇ ਨਾਲ-ਨਾਲ ਐਨ.ਐਚ. 71 ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਐਨ.ਐਚ. 71 ‘ਤੇ ਕਪੂਰਥਲਾ ਬਾਈਪਾਸ ਫਲਾਈਓਵਰ ਨੇੜੇ ਖਿੱਲਰੇ ਹੋਏ ਮਲਬੇ ਦਾ ਨੋਟਿਸ ਲੈਂਦਿਆਂ ਇਸਨੂੰ ਤੁਰੰਤ ਹਟਾਉਣ ਦੀ ਹਦਾਇਤ ਕੀਤੀ।
ਇਸ ਤੋਂ ਇਲਾਵਾ ਸਕੱਤਰ ਆਰ.ਟੀ.ਏ. ਬਲਬੀਰ ਰਾਜ ਸਿੰਘ, ਜੁਆਇੰਟ ਕਮਿਸ਼ਨਰ ਨਗਰ ਨਿਗਮ ਮਨਦੀਪ ਕੌਰ, ਰੀਜਨਲ ਟਰਾਂਸਪੋਰਟ ਅਫ਼ਸਰ ਅਮਨਪਾਲ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਭੋਗਲ ਅਤੇ ਸਹਾਇਕ ਕਮਿਸ਼ਨਰ (ਯੂ.ਟੀ.) ਮੁਕੀਲਨ ਆਰ ਵੱਲੋਂ ਵੀ ਉਨ੍ਹਾਂ ਨੂੰ ਅਲਾਟ ਸੜਕੀ ਹਿੱਸਿਆਂ ਦਾ ਦੌਰਾ ਕਰਕੇ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।
———-

















































