ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫਾਈ ਕਰਮਚਾਰੀਆਂ ਦੀ ਬਿਹਤਰੀ ਲਈ ਵਨਚਬੱਧ : ਚੰਦਨ ਗਰੇਵਾਲ

ਜਲੰਧਰ, 27 ਜੂਨ : ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਉਨ੍ਹਾਂ ਦਾ ਢੁੱਕਵਾਂ ਅਤੇ ਸਮਾਂਬੱਧ ਢੰਗ ਨਾਲ ਹੱਲ ਕਰਨ ਦੀ ਹਦਾਇਤ ਕੀਤੀ।
ਨਗਰ ਨਿਗਮ/ਕੌਂਸਲਾਂ/ਨਗਰ ਪੰਚਾਇਤਾਂ ਦੇ ਅਧਿਕਾਰੀਆਂ ਅਤੇ ਸਫਾਈ ਕਰਮਚਾਰੀਆਂ ਦੀ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫਾਈ ਕਰਮਚਾਰੀਆਂ ਦੀ ਬਿਹਤਰੀ ਲਈ ਦ੍ਰਿੜ ਵਚਨਬੱਧ ਹੈ ਅਤੇ ਕਮਿਸ਼ਨ ਵੱਲੋਂ ਰਾਜ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦਾ ਪੂਰਾ ਖਿਆਲ ਰੱਖਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਸਫਾਈ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹ, ਲੋੜੀਂਦੇ ਸੁਰੱਖਿਆ ਉਪਕਰਣ ਅਤੇ ਸਮਰੱਥਾ ਵਿੱਚ ਵਾਧੇ ਲਈ ਟ੍ਰੇਨਿੰਗਾਂ ਦਿਵਾਉਣ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਕਮਿਸ਼ਨਰ ਨਗਰ ਨਿਗਮ ਜਲੰਧਰ ਰਾਕੇਸ਼ ਕੁਮਾਰ ਅਤੇ ਏ.ਸੀ.ਪੀ. (ਹੈੱਡ ਕੁਆਰਟਰ) ਮਨਮੋਹਨ ਸਿੰਘ ਵੀ ਮੌਜੂਦ ਸਨ।
ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਕਿ ਸਫਾਈ ਕਰਮਚਾਰੀ ਸਮਾਜ ਦਾ ਅਹਿਮ ਹਿੱਸਾ ਹਨ, ਜਿਨ੍ਹਾਂ ਦੀ ਭਲਾਈ ਲਈ ਕਮਿਸ਼ਨ ਲਗਾਤਾਰ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਸਫਾਈ ਕਰਮਚਾਰੀਆਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਦੀ ਸੁਣਵਾਈ ਕਰਕੇ ਅਧਿਕਾਰੀਆਂ ਨੂੰ ਇਨ੍ਹਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੁਝ ਮੰਗਾਂ ਜੋ ਸਰਕਾਰ ਦੇ ਪੱਧਰ ਦੀਆਂ ਹਨ, ਉਨ੍ਹਾਂ ਨੂੰ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਉਨ੍ਹਾਂ ਦਾ ਵੀ ਜਲਦ ਤੋਂ ਜਲਦ ਹੱਲ ਹੋ ਸਕੇ। ਇਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਰਿਕਾਰਡ ਭਰਤੀਆਂ ਕੀਤੀਆਂ ਹਨ ਅਤੇ ਕਮਿਸ਼ਨ ਵੱਲੋਂ ਸਫਾਈ ਕਰਮਚਾਰੀਆਂ ਦੇ ਬੈਗਲਾਗ ਨੂੰ ਵੀ ਪੱਕੀ ਭਰਤੀ ਰਾਹੀਂ ਪੂਰਾ ਕਰਨ ਦਾ ਮੁੱਦਾ ਪੰਜਾਬ ਸਰਕਾਰ ਅੱਗੇ ਪੁਰਜ਼ੋਰ ਢੰਗ ਨਾਲ ਉਠਾਇਆ ਜਾਵੇਗਾ।
ਮੀਟਿੰਗ ਵਿੱਚ ਨਗਰ ਕੌਂਸਲ/ਨਗਰ ਪੰਚਾਇਤਾਂ ਦੇ ਕਾਰਜਕਾਰੀ ਅਫ਼ਸਰ, ਨਗਰ ਨਿਗਮ ਜਲੰਧਰ ਦੇ ਅਧਿਕਾਰੀ ਆਦਿ ਮੌਜੂਦ ਸਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top