ਪੰਜਾਬ ਰਾਜ ਅਨੁਸੂਚਿਤ ਜਾਤੀਆ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨਵੇਂ ਸਾਲ ਮੌਕੇ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਮਨਾਉਣ ਲਈ ਦੇਸ਼ ਭਰ ਦੇ ਸਵਾ 6 ਕਰੋੜ ਰਵਿਦਾਸ ਭਾਈਚਾਰੇ ਨੂੰ ਲਾਮਬੰਦ ਕੀਤਾ ਜਾਵੇਗਾ

ਜਲੰਧਰ, 1 ਜਨਵਰੀ : ਪੰਜਾਬ ਰਾਜ ਅਨੁਸੂਚਿਤ ਜਾਤੀਆ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਅੱਜ ਨਵੇਂ ਸਾਲ ਮੌਕੇ ਡੇਰਾ ਸ਼੍ਰੀ 108 ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਅਤੇ ਸੂਬੇ ਦੇ ਹਰ ਵਰਗ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ ਤੋਂ ਆਸ਼ੀਰਵਾਦ ਪ੍ਰਾਪਤ ਕਰਨ ਉਪਰੰਤ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ 20 ਫਰਵਰੀ 2027 ਨੂੰ ਸੰਤ ਨਿਰੰਜਣ ਦਾਸ ਜੀ ਦੀ ਅਗਵਾਈ ਵਿੱਚ ਸੰਸਾਰ ਪੱਧਰ ’ਤੇ ਬਨਾਰਸ ਦੀ ਧਰਤੀ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮੁੱਚਾ ਰਵਿਦਾਸ ਭਾਈਚਾਰਾ ਇਕਜੁੱਟ ਹੋ ਕੇ ਮਨਾਵੇ, ਇਸ ਦੇ ਲਈ ਦੇਸ਼ ਭਰ ਵਿੱਚ ਰਵਿਦਾਸ ਭਾਈਚਾਰੇ ਨੂੰ ਲਾਮਬੰਦ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ ਅਤੇ ਸਾਨੂੰ ਗੁਰੂ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ’ਤੇ ਪਹਿਰਾ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੇਸ਼ ਵਿੱਚ ਰਵਿਦਾਸ ਭਾਈਚਾਰੇ ਦੀ ਕਰੀਬ ਸਵਾ 6 ਕਰੋੜ ਆਬਾਦੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਲੋਕਾਈ ਤੱਕ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਪਹੁੰਚਾਉਣ ਲਈ ਦੇਸ਼ ਭਰ ਵਿੱਚ ਵੱਡੇ ਪੱਧਰ ’ਤੇ ਲਹਿਰ ਉਸਾਰੀ ਜਾਵੇਗੀ, ਜਿਸ ਦੀ ਸ਼ੁਰੂਆਤ ਪੰਜਾਬ ਵਿੱਚ ਰਵਿਦਾਸ ਭਾਈਚਾਰੇ ਤੋਂ ਕੀਤੀ ਜਾ ਰਹੀ ਹੈ।
ਚੇਅਰਮੈਨ ਸ. ਗੜ੍ਹੀ ਨੇ ਕਿਹਾ ਕਿ ਇਸ ਲੜੀ ਤਹਿਤ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਨੂੰ ਮੰਨਣ ਵਾਲੀਆਂ ਸਾਰੀਆਂ ਸੰਸਥਾਵਾਂ ਅਤੇ ਡੇਰਿਆਂ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਸਭਨਾਂ ਨੂੰ ਇਕ ਲੜੀ ਵਿੱਚ ਪਿਰੋਦਿਆਂ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਪੂਰੀ ਸ਼ਰਧਾ ਭਾਵਨਾ ਅਤੇ ਮਰਿਆਦਾ ਅਨੁਸਾਰ ਸੁਚੱਜੇ ਢੰਗ ਨਾਲ ਮਨਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਮੰਨਣ ਵਾਲੀਆਂ ਸੰਸਥਾਵਾਂ ਸਮੇਤ ਵੱਖ-ਵੱਖ ਭਾਈਚਾਰਿਆਂ ਨੂੰ ਸ਼ਾਮਲ ਕਰਕੇ ਗੁਰੂ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਵਿੱਚ ਵੱਡੀ ਜਾਗਰੂਕਤਾ ਲਹਿਰ ਖੜ੍ਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦੀ ਸ਼ੁਰੂਆਤ ਅੱਜ ਡੇਰਾ ਸ਼੍ਰੀ 108 ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਤੋਂ ਕੀਤੀ ਗਈ ਹੈ।
ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ ਰਣਬੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਸੰਗਤ ਮੌਜੂਦ ਸੀ।

Leave a Comment

Your email address will not be published. Required fields are marked *

Scroll to Top