ਬਾਲ ਭੀਖਿਆ ਸਬੰਧੀ ਹੈਲਪਲਾਈਨ ਨੰਬਰ 1098 ’ਤੇ ਜਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਵਿਖੇ ਦਿੱਤੀ ਜਾ ਸਕਦੀ ਜਾਣਕਾਰੀ
ਜਲੰਧਰ, 2 ਜਨਵਰੀ : ਬਾਲ ਭਿੱਖਿਆ ਨੂੰ ਰੋਕਣ ਅਤੇ ਭੀਖ ਮੰਗਦੇ ਬੱਚਿਆਂ ਨੂੰ ਛੁਡਾਉਣ ਲਈ ਅੱਜ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵਲੋਂ ਬੀ.ਐਮ.ਸੀ.ਚੌਕ, ਗੁਰੂ ਨਾਨਕ ਮਿਸ਼ਨ ਚੌਕ ਅਤੇ ਮਾਡਲ ਟਾਊਨ ਵਿੱਚ ਛਾਪੇਮਾਰੀ ਕੀਤੀ ਗਈ ਅਤੇ ਇਸ ਦੌਰਾਨ ਭੀਖ ਮੰਗਦੀ ਇਕ ਬੱਚੀ ਨੂੰ ਰੈਸਕਿਊ ਕੀਤਾ ਗਿਆ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਸ਼ਹਿਰ ਵਿਚੋਂ ਬਾਲ ਭਿੱਖਿਆ ਨੂੰ ਰੋਕਣ ਲਈ ਟਾਸਕ ਫੋਰਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਭੀਖ ਮੰਗਦੇ ਬੱਚਿਆਂ ਨੂੰ ਰੈਸਕਿਊ ਕਰਕੇ ਬਾਲ ਭਲਾਈ ਕਮੇਟੀਆਂ ਨੂੰ ਸੌਂਪਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਦੀਆਂ ਵੱਖ-ਵੱਖ ਟੀਮਾਂ ਵਲੋਂ ਸ਼ਹਿਰ ਦੇ ਕਈ ਖੇਤਰਾਂ ਵਿੱਚ ਛਾਪੇਮਾਰੀ ਕਰਕੇ ਬੱਚਿਆਂ ਨੂੰ ਬੈਗਰੀ ਐਕਟ ਤਹਿਤ ਰੈਸਕਿਊ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਟੀਮਾਂ ਵਲੋਂ ਆਮ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਬੱਚਿਆਂ ਦੇ ਅਧਿਕਾਰਾਂ, ਸਿੱਖਿਆ ਦੀ ਮਹੱਤਤਾ ਅਤੇ ਬੱਚਿਆਂ ਨਾਲ ਹੋ ਰਹੇ ਅਪਰਾਧਾਂ ਬਾਰੇ, ਬਾਲ ਮਜ਼ਦੂਰੀ, ਬਾਲ ਭਿਖਿਆ, ਬੱਚਿਆਂ ਨਾਲ ਛੇੜਛਾੜ ਅਤੇ ਜਿਣਸੀ ਸ਼ੋਸ਼ਣ ਵਰਗੀਆਂ ਬੁਰਾਈਆਂ ਬਾਰੇ ਵੀ ਜਾਗਰੂਕ ਕੀਤਾ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਨੂੰ ਬਾਲ ਭਿੱਖਿਆ, ਕਿਸੇ ਵੀ ਮੁਸੀਬਤ ਵਿੱਚ ਫਸੇ ਬੱਚੇ ਬਾਰੇ ਜਾਣਕਾਰੀ ਮਿਲੇ, ਤਾਂ ਤੁਰੰਤ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਜਾਂ ਦਫਤਰ ਜ਼ਿਲ੍ਹਾ ਪੋਗਰਾਮ ਅਫਸਰ, ਗਾਂਧੀ ਵਨੀਤਾ ਆਸ਼ਰਮ ਵਿਖੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣ ਹਿੱਤ ਵੱਖ-ਵੱਖ ਟੀਮਾਂ ਵਲੋਂ ਛਾਪੇਮਾਰੀ ਜਾਰੀ ਰਹੇਗੀ।

















































