ਜਲੰਧਰ, 16 ਦਸੰਬਰ: ਸਾਲ 2009 ਬੈਚ ਦੇ ਆਈ.ਏ.ਐਸ. ਅਧਿਕਾਰੀ ਰਾਮਵੀਰ ਸਿੰਘ ਨੇ ਅੱਜ ਜਲੰਧਰ ਦੇ ਨਵੇਂ ਡਿਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਅਤੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਨੀਤੀਆਂ ਨੂੰ ਲਾਗੂ ਕਰਨ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ।
ਜ਼ਿਕਰਯੋਗ ਹੈ ਕਿ ਭਾਰਤੀ ਪ੍ਰਸ਼ਾਸਕੀ ਸੇਵਾ ਦੇ ਸੀਨੀਅਰ ਅਧਿਕਾਰੀ ਰਾਮਵੀਰ ਸਿੰਘ, ਸੂਬਾ ਸਰਕਾਰ ਵਿੱਚ ਵੱਖ-ਵੱਖ ਅਹੁਦਿਆਂ `ਤੇ ਸੇਵਾ ਨਿਭਾ ਰਹੇ ਸਨ। ਜਨਤਕ ਸੇਵਾ ਪ੍ਰਤੀ ਆਪਣੀ ਸਰਗਰਮ ਤੇ ਜਵਾਬਦੇਹ ਪਹੁੰਚ ਲਈ ਜਾਣੇ ਜਾਂਦੇ ਰਾਮਵੀਰ ਸਿੰਘ ਕੋਲ ਵਿਸ਼ਾਲ ਪ੍ਰਸ਼ਾਸਕੀ ਤਜਰਬਾ ਹੈ। ਉਨ੍ਹਾਂ ਨੇ ਸੂਬਾ ਸਰਕਾਰ ਵਿੱਚ ਮੁੱਖ ਅਹੁਦਿਆਂ `ਤੇ ਸੇਵਾਵਾਂ ਨਿਭਾਈਆਂ ਹਨ, ਜਿਨ੍ਹਾਂ ਵਿੱਚ ਡਿਪਟੀ ਕਮਿਸ਼ਨਰ ਪਟਿਆਲਾ, ਸੰਗਰੂਰ, ਪਠਾਨਕੋਟ ਅਤੇ ਮੈਨੇਜਿੰਗ ਡਾਇਰੈਕਟਰ ਮਾਰਕਫੈੱਡ ਸ਼ਾਮਲ ਹਨ। ਮੌਜੂਦਾ ਸਮੇਂ ਉਹ ਸਕੱਤਰ ਪੰਜਾਬ ਮੰਡੀ ਬੋਰਡ ਅਤੇ ਸਕੱਤਰ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵਜੋਂ ਸੇਵਾ ਨਿਭਾ ਰਹੇ ਹਨ।
ਇਸ ਦੌਰਾਨ ਡਿਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਖੇਤਰ ਦੀ ਤਰੱਕੀ ਅਤੇ ਇਸ ਦੇ ਵਸਨੀਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸੂਬੇ ਦੇ ਪ੍ਰਮੁੱਖ ਪ੍ਰੋਗਰਾਮਾਂ ਨੂੰ ਲਾਗੂ ਕਰਨ `ਤੇ ਵੱਡਾ ਜ਼ੋਰ ਦਿੱਤਾ ਜਾਵੇਗਾ। ਰਾਮਵੀਰ ਸਿੰਘ ਨੇ ਕਿਹਾ ਕਿ ਡਿਵੀਜ਼ਨ ਵਿੱਚ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਪਾਰਦਰਸ਼ੀ ਵਿਧੀ ਵਿਕਸਤ ਕੀਤੀ ਜਾਵੇਗੀ।
ਡਿਵੀਜ਼ਨਲ ਕਮਿਸ਼ਨਰ ਨੇ ਅੱਗੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਭਲਾਈ ਪ੍ਰੋਗਰਾਮਾਂ ਅਤੇ ਨੀਤੀਆਂ ਨੂੰ ਅੱਗੇ ਵਧਾਉਣਗੇ ਤਾਂ ਜੋ ਇਸ ਦਾ ਲਾਭ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਤੱਕ ਪਹੁੰਚ ਸਕੇ। ਰਾਮਵੀਰ ਸਿੰਘ ਨੇ ਅੱਗੇ ਕਿਹਾ ਕਿ ਉਹ ਇਹ ਵੀ ਯਕੀਨੀ ਬਣਾਉਣਗੇ ਕਿ ਖੇਤਰ ਦੇ ਲੋਕਾਂ ਨੂੰ ਵੱਡੇ ਪੱਧਰ `ਤੇ ਲਾਭ ਪਹੁੰਚਾਉਣ ਲਈ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਵਿਧੀ ਲਾਗੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਅਤੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਨੇ ਡਿਵੀਜ਼ਨਲ ਕਮਿਸ਼ਨਰ ਦਾ ਦਫ਼ਤਰ ਵਿਖੇ ਸਵਾਗਤ ਕੀਤਾ।
ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਇੱਕ ਟੁਕੜੀ ਵੱਲੋਂ ਡਿਵੀਜ਼ਨਲ ਕਮਿਸ਼ਨਰ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿਮਲ ਕੁਮਾਰ ਸੇਤੀਆ, ਵਧੀਕ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸੰਦੀਪ ਗਾੜ੍ਹਾ, ਡੀ.ਸੀ.ਪੀ. ਨਰੇਸ਼ ਡੋਗਰਾ ਤੇ ਹੋਰ ਹਾਜ਼ਰ ਸਨ।
——
- +91 99148 68600
- info@livepunjabnews.com
















































