ਜਲੰਧਰ, 20 ਦਸੰਬਰ: ਜ਼ਿਲ੍ਹੇ ਵਿੱਚ 21 ਦਸੰਬਰ ਨੂੰ ਹੋਣ ਜਾ ਰਹੀਆਂ ਜਲੰਧਰ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸ਼ਨੀਵਾਰ ਨੂੰ 729658 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਵੋਟਾਂ ਸ਼ਨੀਵਾਰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਪੈਣ ਤੋਂ ਬਾਅਦ ਪੋਲਿੰਗ ਸਟੇਸ਼ਨਾਂ ’ਤੇ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਉਨ੍ਹਾਂ ਵੋਟਰਾਂ ਨੂੰ ਇਨ੍ਹਾਂ ਚੋਣਾਂ ਵਿੱਚ ਬਿਨਾਂ ਕਿਸੇ ਡਰ ਤੇ ਭੈਅ ਤੋਂ ਵਧ-ਚੜ੍ਹ ਕੇ ਭਾਗ ਲੈਂਦਿਆਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ।
ਚੋਣ ਤਿਆਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜਲੰਧਰ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਕੁੱਲ 729 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚ ਨਗਰ ਨਿਗਮ ਜਲੰਧਰ ਦੇ 85 ਵਾਰਡਾਂ ਲਈ 677 ਪੋਲਿੰਗ ਬੂਥਾਂ ਤੋਂ ਇਲਾਵਾ ਨਗਰ ਕੌਂਸਲ ਭੋਗਪੁਰ, ਨਗਰ ਕੌਂਸਲ ਗੁਰਾਇਆ ਅਤੇ ਨਗਰ ਕੌਂਸਲ ਫਿਲੌਰ ਦੇ ਇਕ ਵਾਰਡ ਲਈ ਕੁੱਲ 27 ਅਤੇ ਨਗਰ ਪੰਚਾਇਤ ਬਿਲਗਾ, ਨਗਰ ਪੰਚਾਇਤ ਸ਼ਾਹਕੋਟ ਅਤੇ ਨਗਰ ਪੰਚਾਇਤ ਮਹਿਤਪੁਰ ਦੇ ਇਕ ਵਾਰਡ ਲਈ ਕੁੱਲ 25 ਪੋਲਿੰਗ ਬੂਥ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਬਿਲਗਾ ਦੇ 2 ਵਾਰਡਾਂ (ਵਾਰਡ ਨੰ.1 ਤੇ 3) ਵਿੱਚ ਪਹਿਲਾਂ ਹੀ ਸਰਬਸੰਮਤੀ ਹੋ ਚੁੱਕੀ ਹੈ।
ਵੋਟਰਾਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 354159 ਪੁਰਸ਼, 329188 ਮਹਿਲਾ ਤੇ 20 ਹੋਰਨਾਂ ਸਮੇਤ ਜਲੰਧਰ ਸ਼ਹਿਰ ਵਿੱਚ ਕੁੱਲ 683367 ਵੋਟਰ ਹਨ ਜਦਕਿ ਨਗਰ ਕੌਂਸਲ ਭੋਗਪੁਰ, ਗੁਰਾਇਆਂ ਅਤੇ ਫਿਲੌਰ ਲਈ 24504 ਅਤੇ ਨਗਰ ਪੰਚਾਇਤ ਬਿਲਗਾ, ਸ਼ਾਹਕੋਟ ਅਤੇ ਮਹਿਤਪੁਰ ਲਈ 21787 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।
ਉਨ੍ਹਾਂ ਕਿਹਾ ਕਿ ਸਮੁੱਚੇ ਚੋਣ ਅਮਲ ਨੂੰ ਆਜ਼ਾਦ, ਨਿਰਪੱਖ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ 2916 ਮੁਲਾਜ਼ਮ ਚੋਣ ਡਿਊਟੀ ’ਤੇ ਤਾਇਨਾਤ ਕੀਤੇ ਗਏ, ਜਿਨ੍ਹਾਂ ਵਿੱਚੋਂ 2708 ਕਰਮਚਾਰੀ ਨਗਰ ਨਿਗਮ ਜਲੰਧਰ ਅਤੇ 208 ਮੁਲਾਜ਼ਮ ਨਗਰ ਕੌਂਸਲ ਭੋਗਪੁਰ, ਗੁਰਾਇਆ, ਫਿਲੌਰ ਅਤੇ ਨਗਰ ਪੰਚਾਇਤ ਬਿਲਗਾ, ਸ਼ਾਹਕੋਟ ਅਤੇ ਮਹਿਤਪੁਰ ਦੀਆਂ ਚੋਣਾਂ ਦੌਰਾਨ ਡਿਊਟੀ ਨਿਭਾਉਣਗੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣਾਂ ਨੂੰ ਲੈ ਕੇ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ 3404 ਮੁਲਾਜ਼ਮ ਤਾਇਨਾਤ ਹੋਣਗੇ, ਜਿਨ੍ਹਾਂ ਵਿੱਚ ਨਗਰ ਨਿਗਮ ਚੋਣਾਂ ਲਈ 2469 ਅਤੇ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ 935 ਮੁਲਾਜ਼ਮ ਸ਼ਾਮਲ ਹਨ।
- +91 99148 68600
- info@livepunjabnews.com