ਜਲੰਧਰ:- ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਸਤੀਫਾ ਦੇਣਾ ਸਿੱਖ ਕੌਮ ਲਈ ਘਾਤਕ ਸਿੱਧ ਹੋ ਸਕਦਾ ਹੈ, ਇਸ ਲਈ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਨਾ ਕੀਤਾ ਜਾਵੇ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਇਹ ਅਪੀਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੀ. ਏ. ਸੀ. ਮੈਂਬਰ ਰਣਜੀਤ ਸਿੰਘ ਰਾਣਾ ਨੇ ਇਕ ਪ੍ਰੈੱਸ ਬਿਆਨ ਰਾਹੀਂ ਕੀਤੀ। ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਵੱਲੋਂ ਜੋ ਕੂੜ ਪ੍ਰਚਾਰ ਕਰਦਿਆਂ ਤਖਤ ਸਾਹਿਬਾਨ ਦੇ ਜਥੇਦਾਰਾਂ ‘ਤੇ ਉਂਗਲ ਉਠਾਈ ਜਾ ਰਹੀ ਹੈ, ਉਹ ਕੌਮ ਲਈ ਖਤਰੇ ਦੀ ਘੰਟੀ ਹੈ।
ਉਨ੍ਹਾਂ ਕਿਹਾ ਕਿ ਤਖਤ ਸਾਹਿਬਾਨ ਸਿੱਖਾਂ ਲਈ ਸੁਪਰੀਮ ਹਨ ਅਤੇ ਉਨ੍ਹਾਂ ‘ਤੇ ਬਿਰਾਜਮਾਨ ਜਥੇਦਾਰ ਸਾਹਿਬਾਨ ਕੌਮ ਦੀ ਬਿਖੜੇ ਸਮੇਂ ਵਿਚ ਹਮੇਸ਼ਾ ਅਗਵਾਈ ਕਰਦੇ ਆਏ ਹਨ, ਜਿਨ੍ਹਾਂ ਵਿਰੁੱਧ ਭੱਦੀ ਸ਼ਬਦਾਵਲੀ ਵਰਤਣੀ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਕਹੀ ਜਾ ਸਕਦੀ। ਰਾਣਾ ਨੇ ਕਿਹਾ ਕਿ ਸਿੱਖ ਸੰਗਤਾਂ ਗਿਆਨੀ ਹਰਪ੍ਰੀਤ ਸਿੰਘ ਜੀ ਦੀਆਂ ਸੇਵਾਵਾਂ ਦੀ ਕਦਰ ਕਰਦੀਆਂ ਹਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹਰ ਹੁਕਮ ‘ਤੇ ਚੱਟਾਨ ਵਾਂਗ ਡਟ ਕੇ ਪਹਿਰਾ ਦੇਣਗੀਆਂ।

















































