ਲੰਮਾ ਪਿੰਡ-ਜੰਡੂ ਸਿੰਘਾ ਰੋਡ ਨੂੰ ਚੌੜਾ ਕਰਨ ਅਤੇ ਚਹੁੰ-ਮਾਰਗੀ ਕਰਨ ਦੇ ਕੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਜਲੰਧਰ, 5 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਹੁਸ਼ਿਆਰਪੁਰ ਰੋਡ ਦਾ ਦੌਰਾ ਕਰਕੇ ਇਸ ਹਾਈਵੇ ਨੂੰ ਚੌੜਾ ਅਤੇ ਚਹੁੰ-ਮਾਰਗੀ ਕਰਨ ਦੇ ਚੱਲ ਰਹੇ ਪ੍ਰਾਜੈਕਟ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਨੂੰ ਇਸ ਹਾਈਵੇ ‘ਤੇ ਕਰੀਬ 500 ਮੀਟਰ ਲੰਬੇ ਹਿੱਸੇ ਦਾ ਸੜਕ ਨਿਰਮਾਣ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਪੀ.ਐਸ.ਪੀ.ਸੀ.ਐਲ. ਵੱਲੋਂ ਬਿਜਲੀ ਦੇ ਖੰਭੇ ਸ਼ਿਫਟ ਕੀਤੇ ਗਏ ਹਨ।


ਉਨ੍ਹਾਂ ਇਸ ਸੜਕ ਨੂੰ ਦਸੰਬਰ ਦੇ ਅਖੀਰ ਤੱਕ ਮੁਕੰਮਲ ਕਰਨ ਦੇ ਹੁਕਮ ਦਿੱਤੇ ਤਾਂ ਜੋ ਸ਼ਹਿਰ ਦੇ ਲੋਕਾਂ ਨੂੰ ਇਸ ਸੜਕ ਦੀ ਵਰਤੋਂ ਕਰਦਿਆਂ ਰਾਹਤ ਮਿਲ ਸਕੇ। ਡਾ. ਅਗਰਵਾਲ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਬਿਜਲੀ ਦੇ ਖੰਭਿਆਂ ਦੀ ਸ਼ਿਫਟਿੰਗ ਦੇ ਮੱਦੇਨਜ਼ਰ ਸ਼ਹਿਰ ਦੇ ਨਾਲ ਲੱਗਦੇ ਇਸ 500 ਮੀਟਰ ਲੰਬੇ ਹਿੱਸੇ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੰਮ ਸਰਦੀਆਂ ਤੋਂ ਪਹਿਲਾਂ ਭਾਵ ਹਾਟਮਿਕਸ ਪਲਾਂਟ ਬੰਦ ਹੋਣ ਤੋਂ ਪਹਿਲਾਂ ਮੁਕੰਮਲ ਹੋ ਜਾਣਾ ਚਾਹੀਦਾ ਹੈ।


ਡਿਪਟੀ ਕਮਿਸ਼ਨਰ ਨੇ ਰੋਜ਼ਾਨਾ ਦੇ ਆਧਾਰ ’ਤੇ ਇਸ ਸੜਕ ਦੀ ਵਰਤੋਂ ਕਰਨ ਵਾਲੇ ਵੱਡੀ ਗਿਣਤੀ ਯਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਇਸ ਪ੍ਰਾਜੈਕਟ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਫੌਰੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਲੰਮਾ ਪਿੰਡ-ਜੰਡੂ ਸਿੰਘਾ ਰੋਡ ਦੇ ਪੰਜ ਕਿਲੋਮੀਟਰ ਦੇ ਹਿੱਸੇ ਦੀ ਅਹਿਮੀਅਤ ’ਤੇ ਚਾਨਣਾ ਪਾਉਂਦਿਆਂ ਪੀ.ਐੱਸ.ਪੀ.ਸੀ.ਐੱਲ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਿਜਲੀ ਦੇ ਬਾਕੀ ਰਹਿੰਦੇ ਖੰਭਿਆਂ ਨੂੰ ਤੁਰੰਤ ਸ਼ਿਫਟ ਕੀਤਾ ਜਾਵੇ ਤਾਂ ਜੋ ਇਸ ਸੜਕ ਨੂੰ ਚੌੜਾ ਕਰਨ ਦਾ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।


ਉਨ੍ਹਾਂ ਇਹ ਵੀ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਜਲੰਧਰ ਅਤੇ ਹੁਸ਼ਿਆਰਪੁਰ ਵਿਚਕਾਰ ਆਵਾਜਾਈ ਪ੍ਰਵਾਹ ਵਿੱਚ ਸਹੂਲਤ ਮਿਲੇਗੀ ਕਿਉਂਕਿ ਸ਼ਹਿਰੀ ਖੇਤਰ ਦੇ ਵੱਡੀ ਗਿਣਤੀ ਯਾਤਰੀ ਹੁਸ਼ਿਆਰਪੁਰ ਜਾਣ ਲਈ ਰਾਮਾਂ ਮੰਡੀ ਜਾਏ ਬਿਨਾਂ ਇਸ ਰਸਤੇ ਦੀ ਵਰਤੋਂ ਕਰ ਸਕਣਗੇ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਕੰਮ ਦੀ ਰਫ਼ਤਾਰ ‘ਤੇ ਨਿੱਜੀ ਤੌਰ ‘ਤੇ ਨਜ਼ਰ ਰੱਖੀ ਜਾਵੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਵਿੱਚ ਪੀ.ਐਸ.ਪੀ.ਸੀ.ਐਲ., ਜਲ ਸਪਲਾਈ ਤੇ ਸੀਵਰੇਜ ਬੋਰਡ, ਪੀ.ਡਬਲਯੂ.ਡੀ. ਦੇ ਅਧਿਕਾਰੀ ਵੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top