ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਸਚਿਨ ਥਾਪਨ ਮਾਨਸਾ ਦੀ ਅਦਾਲਤ ਵਿੱਚ ਪੇਸ਼ ਹੋਏ। ਦਿੱਲੀ ਪੁਲਿਸ ਨੇ ਅੱਜ ਸਚਿਨ ਥਾਪਨ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਚੁੱਕ ਕੇ ਮਾਨਸਾ ਦੀ ਸੀਜੀਐਮ ਅਦਾਲਤ ਵਿੱਚ ਪੇਸ਼ ਕੀਤਾ। ਇਸ ਮਾਮਲੇ ਵਿੱਚ ਅਦਾਲਤ ਨੇ ਮਾਨਸਾ ਪੁਲੀਸ ਵੱਲੋਂ ਸਚਿਨ ਥਾਪਨ ਖ਼ਿਲਾਫ਼ ਦਾਇਰ ਅਰਜ਼ੀ ’ਤੇ ਸੁਣਵਾਈ ਕਰਦਿਆਂ ਉਸ ਨੂੰ 23 ਜਨਵਰੀ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਸਿੱਧੂ ਮੂਸੇਵਾਲਾ ਦੇ ਵਕੀਲ ਸਤਿੰਦਰਪਾਲ ਮਿੱਤਲ ਨੇ ਦੱਸਿਆ ਕਿ ਦਿੱਲੀ ਅਤੇ ਮਾਨਸਾ ਪੁਲਿਸ ਨੇ ਅੱਜ ਸਚਿਨ ਥਾਪਨ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ 23 ਜਨਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।ਐਡਵੋਕੇਟ ਸਤਿੰਦਰਪਾਲ ਮਿੱਤਲ ਨੇ ਦੱਸਿਆ ਕਿ ਹੁਣ ਸਾਰੇ ਮੁਲਜ਼ਮਾਂ ਨੂੰ ਸੈਸ਼ਨ ਅਦਾਲਤ ਵਿੱਚ ਪੇਸ਼ ਕਰਕੇ ਸੈਸ਼ਨ ਅਦਾਲਤ ਵਿੱਚ ਬਹਿਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਦਾਲਤ ਵਿੱਚ ਬਹਿਸ ਤੋਂ ਬਾਅਦ ਦੋਸ਼ਾਂ ਬਾਰੇ ਫੈਸਲਾ ਕੀਤਾ ਜਾਵੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਅਦਾਲਤ 23 ਜਨਵਰੀ ਨੂੰ ਦੋਸ਼ ਤੈਅ ਕਰਨ ਤੋਂ ਬਾਅਦ ਕੀ ਫੈਸਲਾ ਸੁਣਾਉਂਦੀ ਹੈ।

















































