ਜਲੰਧਰ, 9 ਫਰਵਰੀ: ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਗਿੱਦੜਪਿੰਡੀ ਰੇਲਵੇ ਪੁਲ ਅਤੇ ਮੰਡਾਲਾ ਛੰਨਾ ਦਾ ਦੌਰਾ ਕਰਕੇ ਜਿੱਥੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ, ਉੱਥੇ ਸਬੰਧਿਤ ਅਧਿਕਾਰੀਆਂ ਨੂੰ ਇਹਨਾਂ ਮੁਸ਼ਕਿਲਾਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਸੰਤ ਸੀਚੇਵਾਲ ਨੇ ਕਿਹਾ ਕਿ ਗਿੱਦੜਪਿੰਡੀ ਰੇਲਵੇ ਪੁਲ ਹੇਠੋਂ ਜੰਮੀ ਗਾਰ ਨੂੰ ਕਢਵਾਉਣਾ ਬਹੁਤ ਜ਼ਰੂਰੀ ਹੈ, ਤਾਂ ਜੋ ਹੜ੍ਹਾਂ ਵਰਗੇ ਹਾਲਾਤ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਗਾਰ, ਨਜਾਇਜ਼ ਕਬਜ਼ੇ ਅਤੇ ਹੋਰ ਅਹਿਮ ਮੁਸ਼ਕਿਲਾਂ ਦੇ ਹੱਲ ਲਈ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਸਮੇਤ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰ ਚੁੱਕੇ ਹਨ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਇਲਾਕੇ ਵਿੱਚ ਹੜ੍ਹਾਂ ਵਰਗੇ ਹਾਲਾਤ ਪੈਦਾ ਨਹੀਂ ਹੋਣ ਦਿੱਤੇ ਜਾਣਗੇ।
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਮੰਡਾਲਾ ਛੰਨਾ ਵਿਖੇ 2200 ਫੁੱਟ ਤੱਕ ਪੱਥਰ ਲਗਾਉਣ ਦੀ ਤਜ਼ਵੀਜ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇੱਥੇ ਪੱਥਰ ਲਾ ਕੇ ਜਿੱਥੇ ਬੰਨ੍ਹ ਮਜ਼ਬੂਤ ਕੀਤਾ ਜਾਵੇਗਾ, ਉਥੇ ਢੁਕਵੀਆਂ ਥਾਵਾਂ ‘ਤੇ ਸਟੱਡ ਤੇ ਸਪਰ ਵੀ ਬਣਾਏ ਜਾਣਗੇ, ਤਾਂ ਜੋ ਦਰਿਆ ਬੰਨ੍ਹ ਨੂੰ ਢਾਹ ਨਾ ਲਾ ਸਕੇ।
ਇਸ ਮੌਕੇ ਨਾਇਬ ਤਹਿਸੀਲਦਾਰ, ਡਰੇਨਜ਼ ਵਿਭਾਗ ਦੇ ਐਸਡੀਓਜ਼ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

















































