ਫਿਲੌਰ (ਜਲੰਧਰ), 18 ਫਰਵਰੀ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਕਿਹਾ ਕਿ ਐਸ.ਸੀ./ਐਸ.ਟੀ. ਅੱਤਿਆਚਾਰ ਰੋਕੂ ਐਕਟ 1989 ਸਮਾਜਿਕ ਬਰਾਬਰੀ ਅਤੇ ਇਨਸਾਫ਼ ਨੂੰ ਯਕੀਨੀ ਬਣਾਉਣ ਲਈ ਇਕ ਅਹਿਮ ਸੰਵਿਧਾਨਕ ਉਪਾਅ ਹੈ, ਜਿਸ ਦਾ ਉਦੇਸ਼ ਐਸ.ਸੀ./ਐਸ.ਟੀ. ਭਾਈਚਾਰੇ ਦੇ ਅਧਿਕਾਰਾਂ ਅਤੇ ਸਨਮਾਨ ਦੀ ਰਾਖੀ ਕਰਨਾ ਹੈ।
ਇਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਵਿਖੇ ਡੀ.ਐਸ.ਪੀ. ਪੱਧਰ ਦੇ ਅਧਿਕਾਰੀਆਂ ਲਈ ਐਸ.ਸੀ./ਐਸ.ਟੀ. ਅੱਤਿਆਚਾਰ ਰੋਕੂ ਐਕਟ 1989 ਸਬੰਧੀ ਕਰਵਾਈ ਵਿਸਥਾਰਪੂਰਵਕ ਟ੍ਰੇਨਿੰਗ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਇਸ ਟ੍ਰੇਨਿੰਗ ਦਾ ਮੁੱਖ ਮਕਸਦ ਕਾਨੂੰਨ ਦੇ ਪ੍ਰਭਾਵਸ਼ਾਲੀ ਅਮਲ ਲਈ ਪੁਲਿਸ ਅਧਿਕਾਰੀਆਂ ਨੂੰ ਇਸ ਐਕਟ ਸਬੰਧੀ ਵਿਸਥਾਰ ਨਾਲ ਜਾਣਕਾਰੀ ਦੇਣਾ, ਸੰਵੇਦਨਸ਼ੀਲ ਮਾਮਲਿਆਂ ਵਿੱਚ ਐਕਟ ਅਨੁਸਾਰ ਕਾਰਵਾਈ ਯਕੀਨੀ ਬਣਾਉਣਾ ਅਤੇ ਇਸ ਐਕਟ ਪ੍ਰਤੀ ਜਾਗਰੂਕਤਾ ਵਧਾਉਣਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਆਉਣ ਵਾਲੇ ਜ਼ਿਆਦਾਤਰ ਮਾਮਲੇ ਪੁਲਿਸ ਵਿਭਾਗ ਨਾਲ ਸਬੰਧਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਐਸ.ਸੀ./ਐਸ.ਟੀ. ਅੱਤਿਆਚਾਰ ਰੋਕੂ ਐਕਟ ਬਾਰੇ ਅੱਜ ਜੋ ਟ੍ਰੇਨਿੰਗ ਮੁਹੱਈਆ ਕਰਵਾਈ ਗਈ ਹੈ, ਉਸ ਨਾਲ ਅਜਿਹੇ ਮਾਮਲਿਆਂ ਦੀ ਗਿਣਤੀ ਘੱਟ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਐਸ.ਸੀ. ਕਮਿਸ਼ਨ ਦੇ ਸੁਝਾਅ ’ਤੇ ਪੁਲਿਸ ਵਿਭਾਗ ਵੱਲੋਂ ਇਹ ਟ੍ਰੇਨਿੰਗ ਪਾਇਲਟ ਪ੍ਰਾਜੈਕਟ ਦੇ ਤੌਰ ’ਤੇ ਕਰਵਾਈ ਗਈ ਹੈ।
ਸ਼੍ਰੀ ਗੜ੍ਹੀ ਨੇ ਕਿਹਾ ਕਿ ਇਸ ਲੜੀ ਵਿੱਚ ਇਹ ਪਹਿਲਾ ਟ੍ਰੇਨਿੰਗ ਪ੍ਰੋਗਰਾਮ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਭਰ ਦੇ 400 ਦੇ ਕਰੀਬ ਡੀ.ਐਸ.ਪੀ. ਨੂੰ ਵਿਸਥਾਰਥ ਸਿਖ਼ਲਾਈ ਦੇਣ ਦੀ ਤਜਵੀਜ਼ ਹੈ। ਉਨ੍ਹਾਂ ਕਿਹਾ ਕਿ ਟ੍ਰੇਨਿੰਗ ਵਿੱਚ ਸ਼ਾਮਲ ਪੰਜਾਬ ਭਰ ਤੋਂ ਆਏ ਪੁਲਿਸ ਅਧਿਕਾਰੀਆਂ ਵੱਲੋਂ ਇਸ ਸਿਖ਼ਲਾਈ ਪ੍ਰੋਗਰਾਮ ਨੂੰ ਹਾਂ-ਪੱਖੀ ਹੁੰਗਾਰਾ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਦੇ ਨਾਲ-ਨਾਲ ਹਰ ਵਰਗ ਦੇ ਅਧਿਕਾਰਾਂ ਅਤੇ ਸਨਮਾਨ ਦੀ ਰਾਖੀ ਲਈ ਦ੍ਰਿੜ ਵਚਨਬੱਧ ਹੈ।
ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਅਤੇ ਸਪੈਸ਼ਲ ਡੀ.ਜੀ.ਪੀ.-ਕਮ-ਡਾਇਰੈਕਟਰ ਅਨੀਤਾ ਪੁੰਜ ਦਾ ਵਿਸ਼ੇਸ਼ ਯੋਗਦਾਨ ਰਿਹਾ।
ਵੱਖ-ਵੱਖ ਟ੍ਰੇਨਿੰਗ ਸੈਸ਼ਨ ਦੌਰਾਨ ਮਾਹਰਾਂ ਵੱਲੋਂ ਐਸ.ਸੀ./ਐਸ.ਟੀ. ਅੱਤਿਆਚਾਰ ਰੋਕੂ ਐਕਟ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

















































