ਜਨਗਣਨਾ-2027 : ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ’ਚ ਪੁੱਜੀ ਡਿਜੀਟਲ ਵੈਨ

ਜਲੰਧਰ, 26 ਨਵੰਬਰ : ਡਾਇਰੈਕਟੋਰੇਟ ਆਫ਼ ਸੈਂਸਜ਼ ਆਪ੍ਰੇਸ਼ਨਜ਼, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਜਨਗਣਨਾ-2027 ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿੱਚ ਪਹੁੰਚ ਕੇ ਆਮ ਲੋਕਾਂ ਨੂੰ ਜਨਗਣਨਾ ਦੀ ਮਹੱਤਤਾ ਅਤੇ ਇਸ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਸੇ ਲੜੀ ਤਹਿਤ ਅੱਜ ਡਿਜੀਟਲ ਜਾਗਰੂਕਤਾ ਵੈਨ ਸਬ-ਡਵੀਜ਼ਨ ਜਲੰਧਰ-2 ਦੇ ਪਿੰਡ ਲਾਂਬੜਾ, ਲੱਲੀਆਂ ਖੁਰਦ, ਲੱਲੀਆਂ ਕਲਾਂ ਅਤੇ ਚਿੱਟੀ ਵਿਖੇ ਪਹੁੰਚੀ, ਜਿੱਥੇ ਲੋਕਾਂ ਨੂੰ ਜਨਗਣਨਾ-2027 ਬਾਰੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਲੋਕਾਂ ਨੂੰ ਦੱਸਿਆ ਗਿਆ ਕਿ ਜਨਗਣਨਾ-2027 ਤਹਿਤ ਸਵੈ-ਗਣਨਾ (ਸੈਲਫ਼ ਇਨੂਮੀਰੇਸ਼ਨ) ਦੀ ਸਹੂਲਤ 30 ਨਵੰਬਰ 2026 ਤੱਕ ਉਪਲੱਬਧ ਹੈ। ਇਸ ਸਹੂਲਤ ਰਾਹੀਂ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ se.census.gov.in ’ਤੇ ਜਾ ਕੇ ਆਪਣੇ ਪਰਿਵਾਰ ਨਾਲ ਸਬੰਧਤ ਲੋੜੀਂਦੇ ਵੇਰਵੇ ਆਨਲਾਈਨ ਦਰਜ ਕਰਵਾ ਸਕਦੇ ਹਨ। ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਹਰੇਕ ਪਰਿਵਾਰ ਨੂੰ ਇੱਕ ਵਿਲੱਖਣ ਸਵੈ-ਗਣਨਾ ਪਛਾਣ ਨੰਬਰ (ਐੱਸ.ਈ. ਆਈ.ਡੀ.) ਜਾਰੀ ਕੀਤਾ ਜਾਵੇਗਾ। ਇਸ ਨੰਬਰ ਨੂੰ ਬਾਅਦ ਵਿੱਚ ਘਰ-ਘਰ ਜਾ ਕੇ ਜਨਗਣਨਾ ਦੇ ਵੇਰਵੇ ਇਕੱਤਰ ਕਰਨ ਵਾਲੇ ਅਧਿਕਾਰਤ ਕਰਮਚਾਰੀ ਨਾਲ ਸਾਂਝਾ ਕਰਨਾ ਲਾਜ਼ਮੀ ਹੋਵੇਗਾ।
ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਜਨਗਣਨਾ-2027 ਸਬੰਧੀ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਿੱਦਿਅਕ ਸੰਸਥਾਵਾਂ ਵਿੱਚ ਵੀ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸੇ ਤਹਿਤ ਸੀ.ਟੀ. ਗਰੁੱਪ ਆਫ਼ ਇੰਸਟੀਚਿਸ਼ਨਜ਼, ਮਕਸੂਦਾਂ ਵਿਖੇ ਸਵੈ-ਗਣਨਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੂੰ ਜਨਗਣਨਾ ਦੀ ਅਹਿਮੀਅਤ ਅਤੇ ਸਵੈ-ਗਣਨਾ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ। ਨਾਲ ਹੀ ਉਨ੍ਹਾਂ ਨੂੰ ਅਪਣੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੂੰ ਜਨਗਣਨਾ ਵਿੱਚ ਆਪਣੀ ਭਾਗੀਦਾਰੀ ਨਿਭਾਉਣ ਲਈ ਪ੍ਰੇਰਿਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ।

Table of Contents

Scroll to Top