ਜਲੰਧਰ ਜ਼ਿਲ੍ਹੇ ‘ਚ ਹੁਣ ਤੱਕ 9,22,856 ਮੀਟਰਕ ਟਨ ਹੋਈ ਝੋਨੇ ਦੀ ਨਿਰਵਿਘਨ ਖਰੀਦ, 2092 ਕਰੋੜ ਰੁਪਏ ਦਾ ਭੁਗਤਾਨ

ਜਲੰਧਰ, 13 ਨਵੰਬਰ – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਖਰੀਦ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 9,27,944 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਏਜੰਸੀਆਂ ਵਲੋਂ 9,22,856 ਮੀਟਰਕ ਟਨ ਨਿਰਵਿਘਨ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ ਖ਼ਰੀਦ ਕੀਤੇ ਗਏ ਝੋਨੇ ਦੀ 2092 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਜਾ ਚੁੱਕੀ ਹੈ।
    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਭਰ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਤੇਜ਼ੀ ਨਾਲ ਲਿਫਟਿੰਗ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਹੁਣ ਤੱਕ 5,64,289 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।
    ਪੰਜਾਬ ਸਰਕਾਰ ਵਲੋਂ ਖਰੀਦ ਕੇਂਦਰਾਂ ਵਿਚੋਂ ਝੋਨੇ ਦਾ ਇਕ-ਇਕ ਦਾਣਾ ਚੁੱਕਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ/ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਵੀ ਦਿੱਤਾ।
    ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਨਾ ਲਗਾਕੇ ਖੇਤਾਂ ਵਿੱਚ ਹੀ ਪ੍ਰਬੰਧਨ ਕਰਕੇ ਵਾਤਾਵਰਣ ਹਿਤੈਸ਼ੀ ਬਣਨ ਵਾਲੇ ਅਗਾਂਹਵਧੂ ਕਿਸਾਨਾਂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਬਾਕੀ ਕਿਸਾਨ ਵੀ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਅੱਗੇ ਆਉਣ। ਉਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਕਿਰਾਏ ਉੱਤੇ ਆਧੁਨਿਕ ਮਸ਼ੀਨਰੀ ਵੀ ਮੁੱਹਈਆ ਕਰਵਾਈ ਜਾ ਰਹੀ। ਇਸ ਤੋਂ ਇਲਾਵਾ ਮਸ਼ੀਨਰੀ ਉਤੇ ਸਰਕਾਰ ਵਲੋਂ ਸਬਸਿਡੀ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਮਦਦ ਲਈ ਹੈਲਪਲਾਈਨ ਨੰਬਰ 0181-2225005 ਵੀ ਜਾਰੀ ਕੀਤਾ ਗਿਆ ਹੈ, ਜਿਸ ’ਤੇ ਕਿਸਾਨ ਸੰਪਰਕ ਕਰ ਸਕਦੇ ਹਨ।
—————

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top