ਚੰਡੀਗੜ੍ਹ, 26 ਅਕਤੂਬਰ 2025:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਕੂਲਾ ਦੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਸਵਰਗਵਾਸੀ ਵਾਈ. ਪੂਰਨ ਕੁਮਾਰ ਆਈਪੀਐਸ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਰੋਹ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਵਾਈ. ਪੂਰਨ ਕੁਮਾਰ ਆਈਪੀਐਸ ਦੇ ਬੇਵਕਤੀ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਭਲਾਈ ਲਈ ਉਨ੍ਹਾਂ ਵੱਲੋਂ ਕੀਤੇ ਕਾਰਜਾਂ ਨੂੰ ਸਮਾਜ ਹਮੇਸ਼ਾ ਯਾਦ ਰੱਖੇਗਾ।
ਸ. ਸੰਧਵਾਂ ਨੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਜਿਨ੍ਹਾਂ ਨੇ ਦੁਖੀ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕੀਤੀ, ਦਾ ਸੁਨ੍ਹੇਹਾ ਵੀ ਪਹੁੰਚਾਇਆ। ਉਹਨਾਂ ਕਿਹਾ ਕਿ ਅਸੀਂ ਇਸ ਦੁੱਖ ਦੀ ਘੜੀ ਵਿੱਚ ਮਰਹੂਮ ਵਾਈ. ਪੂਰਨ ਕੁਮਾਰ ਆਈਪੀਐਸ ਦੇ ਪਰਿਵਾਰ ਦੇ ਨਾਲ ਹਮੇਸ਼ਾ ਖੜ੍ਹੇ ਹਾਂ।
ਸਪੀਕਰ ਸੰਧਵਾਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਦੁੱਖ ਦੀ ਇਸ ਘੜੀ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖ਼ਸ਼ੇ।

















































