ਸੂਬਾ ਸਰਕਾਰ ਹਰੇਕ ਪੰਜਾਬੀ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਡਾ. ਰਵਜੋਤ ਸਿੰਘ

ਚੰਡੀਗੜ੍ਹ, 2 ਮਾਰਚ: ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੇ ਟਕਰਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਮੱਧ ਏਸ਼ੀਆਈ ਦੇਸ਼ਾਂ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਸਮਰਪਿਤ 24×7 ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਇਸ ਸਬੰਧੀ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ, ਡਾ. ਰਵਜੋਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਸਮੁੱਚੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਤਾਲਮੇਲ ਜਾਰੀ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਤੁਰੰਤ ਵਾਪਸੀ ਲਈ ਕੇਂਦਰ ਨੂੰ ਸੂਬੇ ਦੇ ਸਹਿਯੋਗ ਲਈ ਅਪੀਲ ਕੀਤੀ ਗਈ ਹੈ।

ਅੱਜ ਪੰਜਾਬ ਭਵਨ ਵਿਖੇ ਇਹ ਐਲਾਨ ਕਰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ, ਡਾ. ਰਵਜੋਤ ਸਿੰਘ ਨੇ ਕਿਹਾ, “ਸੂਬਾ ਸਰਕਾਰ ਸਮੁੱਚੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਪ੍ਰਭਾਵਿਤ ਖੇਤਰਾਂ ਆ ਰਹੀਆਂ ਕਾਲਾਂ ਸਬੰਧੀ ਕਾਰਜ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।”

ਡਾ. ਰਵਜੋਤ ਸਿੰਘ ਨੇ ਭਰੋਸਾ ਦਿੱਤਾ, “ਸਾਨੂੰ ਮੱਧ ਏਸ਼ੀਆ ਤੋਂ ਫੋਨ ਕਾਲ ਆ ਰਹੇ ਹਨ ਅਤੇ ਉਨ੍ਹਾਂ ਵਿੱਚੋਂ ਜ਼ਿਆਦਾਤਰ ਪੰਜਾਬੀ ਸੈਲਾਨੀ ਹਨ। ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਫਸੇ ਹਰ ਪੰਜਾਬੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਅਸੀਂ ਉਨ੍ਹਾਂ ਦੀ ਸੁਰੱਖਿਅਤ ਨਿਕਾਸੀ ਅਤੇ ਘਰ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਾਂਗੇ।”

ਸਹਾਇਤਾ ਵਿਧੀ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ, “ਤੁਰੰਤ ਸਹਾਇਤਾ ਅਤੇ ਤਾਲਮੇਲ ਸਹਾਇਤਾ ਪ੍ਰਦਾਨ ਕਰਨ ਲਈ 0172-2260042, 0172-2260042 (ਵਿਦੇਸ਼ੀ ਨਾਗਰਿਕਾਂ ਲਈ) ਅਤੇ 1100 (ਭਾਰਤ ਦੇ ਨਿਵਾਸੀਆਂ ਲਈ) ਆਦਿ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੈਲਪਲਾਈਨ ਸੇਵਾ ਮਾਰਗਦਰਸ਼ਨ ਪ੍ਰਦਾਨ ਕਰਨ, ਜਾਣਕਾਰੀ ਇਕੱਠੀ ਕਰਨ ਅਤੇ ਨਿਕਾਸੀ ਅਤੇ ਸਹਾਇਤਾ ਲਈ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਨ ਲਈ 24 ਘੰਟੇ ਕੰਮ ਕਰੇਗੀ।

ਮੰਤਰੀ ਨੇ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਏਡੀਜੀਪੀ ਐਨਆਰਆਈ ਵਿੰਗ ਆਰ.ਕੇ. ਜੈਸਵਾਲ ਦੀ ਅਗਵਾਈ ਹੇਠ ਇੱਕ ਕਮੇਟੀ ਵੀ ਬਣਾਈ ਗਈ ਹੈ।

ਕੇਂਦਰ ਅਤੇ ਸੂਬਿਆਂ ਦਰਮਿਆਨ ਤਾਲਮੇਲ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਫਸੇ ਵਿਅਕਤੀਆਂ ਦੀ ਸੁਰੱਖਿਅਤ ਨਿਕਾਸੀ ਲਈ ਤਾਲਮੇਲ ਅਤੇ ਸੁਹਿਰਦ ਯਤਨਾਂ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਨਾਲ ਜਲਦੀ ਮੀਟਿੰਗ ਕਰਨ ਲਈ ਵੀ ਉਤਸੁਕ ਹੈ। ਸਾਡਾ ਮੰਨਣਾ ਹੈ ਕਿ ਸੂਬਾ ਅਤੇ ਕੇਂਦਰ ਸਰਕਾਰ ਵਿਚਕਾਰ ਆਪਸੀ ਸਹਿਯੋਗ ਰਾਹੀਂ, ਅਸੀਂ ਰਾਹਤ ਉਪਾਵਾਂ ਨੂੰ ਤੇਜ਼ ਕਰ ਸਕਦੇ ਹਾਂ ਅਤੇ ਮੁਸਿਬਤ ਵਿੱਚ ਫਸੇ ਆਪਣੇ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰ ਸਕਦੇ ਹਾਂ।”

ਪ੍ਰਬੰਧਕੀ ਤਿਆਰੀ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਐਨ.ਆਰ.ਆਈ. ਮਾਮਲੇ ਵਿਭਾਗ, ਗ੍ਰਹਿ ਵਿਭਾਗ ਅਤੇ ਹੋਰ ਸਬੰਧਤ ਏਜੰਸੀਆਂ ਨਾਲ ਤਾਲਮੇਲ ਕਰਕੇ, ਪ੍ਰਭਾਵਿਤ ਵਿਅਕਤੀਆਂ ਦਾ ਡਾਟਾ ਸਰਗਰਮੀ ਨਾਲ ਇਕੱਠਾ ਕਰ ਰਿਹਾ ਹੈ ਅਤੇ ਉਨ੍ਹਾਂ ਦੇ ਸੁਰੱਖਿਅਤ ਰਸਤੇ ਨੂੰ ਆਸਾਨ ਬਣਾਉਣ ਲਈ ਐਮਰਜੈਂਸੀ ਯੋਜਨਾਵਾਂ ‘ਤੇ ਕੰਮ ਕਰ ਰਿਹਾ ਹੈ।

ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੰਤਰੀ ਨੇ ਕਿਹਾ, “ਵਿਦੇਸ਼ਾਂ ਵਿੱਚ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਹਰੇਕ ਪੰਜਾਬੀ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ।” ਉਨ੍ਹਾਂ ਵਿਦੇਸ਼ਾਂ ‘ਚ ਫਸੇ ਹੋਏ ਲੋਕਾਂ ਦੇ ਪਰਿਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਾਂਤ ਰਹਿਣ ਅਤੇ ਨਿਰਧਾਰਤ ਹੈਲਪਲਾਈਨ ਨੰਬਰਾਂ ਰਾਹੀਂ ਸੰਪਰਕ ਵਿੱਚ ਰਹਿਣ। ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਸਾਡੇ ਲੋਕਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।” 

ਇਸ ਮੌਕੇ ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਪੰਜਾਬ ਸ੍ਰੀ ਆਰ.ਕੇ. ਜੈਸਵਾਲ, ਵਿਸ਼ੇਸ਼ ਸਕੱਤਰ ਐਨ.ਆਰ.ਆਈ.ਮਾਮਲੇ ਸ੍ਰੀਮਤੀ ਦਲਜੀਤ ਕੌਰ, ਵਧੀਕ ਸਕੱਤਰ ਸ੍ਰੀ ਆਰ.ਜੇ.ਐਸ. ਬਰਾੜ, ਡਿਪਟੀ ਸਕੱਤਰ ਗ੍ਰਹਿ ਸ੍ਰੀਮਤੀ ਮਨਪ੍ਰੀਤ ਕੌਰ, ਏ.ਆਈ.ਜੀ, ਐਨ.ਆਰ.ਆਈ ਵਿੰਗ, ਸ੍ਰੀ ਅਜਿੰਦਰ ਸਿੰਘ, ਐਨ.ਆਰ.ਆਈ. ਕਮਿਸ਼ਨ ਦੇ ਮੈਂਬਰ ਸ੍ਰੀ ਕਮਲ ਗਰਗ ਆਦਿ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top