ਜਲੰਧਰ: ਸੂਰਿਆ ਐਨਕਲੇਵ ਚਾਰ ਮਰਲੇ ਕਾਲੋਨੀ ਵਿੱਚ ਪਿਛਲੇ ਕਰੀਬ ਇੱਕ ਸਾਲ ਤੋਂ ਸਟ੍ਰੀਟ ਲਾਈਟਾਂ ਬੰਦ ਪਈਆਂ ਹੋਣ ਕਾਰਨ ਕਾਲੋਨੀ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਲੋਨੀ ਵਾਸੀਆਂ ਨੇ ਦੱਸਿਆ ਕਿ ਨਗਰ ਨਿਗਮ ਦਾ ਠੇਕੇਦਾਰ ਲਾਈਟਾਂ ਦੀ ਮੁਰੰਮਤ ਕਰਨ ਲਈ ਉਨ੍ਹਾਂ ਨੂੰ ਕਰੀਬ ਇੱਕ ਸਾਲ ਪਹਿਲਾਂ ਉਤਾਰ ਕੇ ਲੈ ਗਿਆ ਸੀ, ਪਰ ਅੱਜ ਤੱਕ ਲਾਈਟਾਂ ਮੁਰੰਮਤ ਕਰਕੇ ਮੁੜ ਨਹੀਂ ਲਗਾਈਆਂ ਗਈਆਂ।
ਕਾਲੋਨੀ ਵਾਸੀਆਂ ਮੁਤਾਬਕ ਰਾਤ ਸਮੇਂ ਪੂਰੀ ਕਾਲੋਨੀ ਵਿੱਚ ਹਨੇਰਾ ਛਾਇਆ ਰਹਿੰਦਾ ਹੈ, ਜਿਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਚੋਰੀ ਅਤੇ ਲੁੱਟ-ਖੋਹ ਦੀਆਂ ਕਈ ਘਟਨਾਵਾਂ ਵੀ ਵਾਪਰ ਚੁੱਕੀਆਂ ਹਨ। ਇਸ ਸਮੱਸਿਆ ਸਬੰਧੀ ਕਈ ਵਾਰ ਸ਼ਿਕਾਇਤਾਂ ਕੀਤੀਆਂ ਜਾ ਚੁੱਕੀਆਂ ਹਨ, ਪਰ ਇਸ ਦੇ ਬਾਵਜੂਦ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ।
ਅੱਜ ਮੌਕੇ ’ਤੇ ਪਹੁੰਚੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਕਾਲੋਨੀ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਵੀ ਅਸਫਲ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਲੋਕ ਬੁਨਿਆਦੀ ਸਮੱਸਿਆਵਾਂ ਨਾਲ ਜੂਝ ਰਹੇ ਹਨ। ਕਿਤੇ ਸੀਵਰੇਜ ਬੰਦ ਪਿਆ ਹੈ, ਕਿਤੇ ਲੋਕਾਂ ਨੂੰ ਗੰਦਾ ਪਾਣੀ ਮਿਲ ਰਿਹਾ ਹੈ ਅਤੇ ਕਿਤੇ ਸਟ੍ਰੀਟ ਲਾਈਟਾਂ ਬੰਦ ਪਈਆਂ ਹਨ।
ਰਜਿੰਦਰ ਬੇਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਲੋਕ ਅਜੇ ਵੀ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਹਨ। ਉਨ੍ਹਾਂ ਮੰਗ ਕੀਤੀ ਕਿ ਸੂਰਿਆ ਐਨਕਲੇਵ ਚਾਰ ਮਰਲੇ ਕਾਲੋਨੀ ਦੀਆਂ ਬੰਦ ਪਈਆਂ ਸਟ੍ਰੀਟ ਲਾਈਟਾਂ ਨੂੰ ਤੁਰੰਤ ਮੁਰੰਮਤ ਕਰਵਾ ਕੇ ਮੁੜ ਚਾਲੂ ਕੀਤਾ ਜਾਵੇ, ਤਾਂ ਜੋ ਕਾਲੋਨੀ ਵਾਸੀਆਂ ਨੂੰ ਰਾਤ ਸਮੇਂ ਆ ਰਹੀ ਪ੍ਰੇਸ਼ਾਨੀ ਤੋਂ ਰਾਹਤ ਮਿਲ ਸਕੇ।
ਇਸ ਮੌਕੇ ਬਲਜੀਤ ਸਿੰਘ, ਨਰੇਸ਼ ਸ਼ਰਮਾ, ਸੁਰਿੰਦਰ ਸ਼ਰਮਾ, ਗੋਰਾ, ਪੂਜਾ, ਪੰਡਿਤ ਸੰਤਰਾਮ ਅਤੇ ਦੀਪਕ ਸ਼ਰਮਾ ਸਮੇਤ ਹੋਰ ਕਾਲੋਨੀ ਵਾਸੀ ਮੌਜੂਦ ਸਨ।