ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ, ਫੇਕ ਨਿਊਜ਼ ਚਲਾਉਣ ਅਤੇ ਅਫ਼ਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਜਲੰਧਰ, 9 ਮਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਜਲੰਧਰ ’ਚ ਸਥਿਤੀ ਬਿਲਕੁਲ ਠੀਕ ਹੈ ਅਤੇ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਕ ਜ਼ਿੰਮੇਵਾਰ ਨਾਗਰਿਕ ਦੀ ਭੂਮਿਕਾ ਨਿਭਾਉਂਦਿਆਂ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ’ਤੇ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਜਿੱਥੇ ਫੇਕ ਨਿਊਜ਼ ਅਤੇ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ, ਉੱਥੇ ਫੇਕ ਨਿਊਜ਼ ਚਲਾਉਣ ਅਤੇ ਅਫਵਾਹਾਂ ਫੈਲਾਉਣ ਵਾਲਿਆਂ ‘ਤੇ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ। ਉਨ੍ਹਾਂ ਕਿਹਾ ਕੋਈ ਵੀ ਫੋਟੋ ਜਾਂ ਵੀਡੀਓ ਵਟਸਐਪ ਜਾਂ ਸੋਸ਼ਲ ਮੀਡੀਆ ’ਤੇ ਆਉਂਦੀ ਹੈ, ਤਾਂ ਉਸ ਨੂੰ ਬਿਨ੍ਹਾਂ ਸੋਚੇ ਸਮਝੇ ਅੱਗੇ ਫਾਰਵਰਡ ਨਾ ਕੀਤਾ ਜਾਵੇ ਕਿਉਂਕਿ ਇਸ ਨਾਲ ਤਣਾਅ ਵਾਲੀ ਸਥਿਤੀ ਪੈਦਾ ਹੋ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਕੋਈ ਵੀ ਜਾਣਕਾਰੀ ਲੈਣੀ ਹੈ ਤਾਂ ਡੀਸੀ ਜਲੰਧਰ ਅਤੇ ਡਿਸਟ੍ਰਿਕਟ ਪਬਲਿਕ ਰਿਲੇਸ਼ਨਸ ਆਫਿਸ ਜਲੰਧਰ ਦੇ ਵੈਰੀਫਾਈਡ ਸੋਸ਼ਲ ਮੀਡੀਆ ਪੇਜਾਂ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।
   ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਵੀ ਧਿਆਨ ਵਿੱਚ ਆਇਆ ਹੈ ਕਿ ਕੁਝ ਲੋਕਾਂ ਵੱਲੋਂ ਅਜਿਹੇ ਮੌਕੇ ’ਤੇ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ ਕੀਤੀ ਜਾ ਰਹੀ ਹੈ, ਜਿਸ ਦੀ ਰੋਕਥਾਮ ਲਈ ਅਧਿਕਾਰੀਆਂ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਇਨ੍ਹਾਂ ਟੀਮਾਂ ਵੱਲੋਂ ਬਾਜ਼ਾਰਾਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਕਿਸੇ ਵੱਲੋਂ ਵੀ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ ਨਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜਮ੍ਹਾਖੋਰੀ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਆਮ ਲੋਕਾਂ ਨੂੰ ਵੀ ਪੂਰੀ ਸਮਝਦਾਰੀ ਨਾਲ ਖ਼ਰੀਦਦਾਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਸਥਿਤੀ ਵਿੱਚ ਉਨ੍ਹਾਂ ਨਾਲ ਖੜ੍ਹਾ ਹੈ ਅਤੇ ਲੋੜ ਪੈਣ ’ਤੇ ਉਨ੍ਹਾਂ ਨੂੰ ਜ਼ਰੂਰਤ ਦੀ ਹਰ ਵਸਤੂ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
   ਡਾ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿੱਚ ਡਰੋਨ, ਉੱਚੀ ਆਵਾਜ਼ ਵਾਲੀ ਆਤਿਸ਼ਬਾਜ਼ੀ, ਪਟਾਕੇ, ਜਿਸ ਨਾਲ ਲੋਕਾਂ ਦੇ ਮਨਾਂ ਵਿੱਚ ਡਰ ਜਾਂ ਤਣਾਅ ਦੀ ਸਥਿਤੀ ਪੈਦਾ ਹੋ ਸਕਦੀ ਹੈ, ਦੇ ਚਲਾਉਣ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ ਅਤੇ ਜੇਕਰ ਕੋਈ ਵੀ ਵਿਅਕਤੀ ਡਰੋਨ ਅਤੇ ਹਵਾਈ ਪਟਾਕੇ ਚਲਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਲੰਘਣਾ ਸਬੰਧੀ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਨੰਬਰ 0181-2224417 ਜਾਂ ਪੁਲਿਸ ਕੰਟਰੋਲ ਰੂਮ ਨੰਬਰ 112 ‘ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ।
   ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਮੌਕ ਡਰਿੱਲ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਵੀ ਸਾਇਰਨ ਦੀ ਆਵਾਜ਼ ਸੁਣਾਈ ਦਿੰਦੀ ਹੈ ਜਾਂ ਰਾਤ ਸਮੇਂ ਮੁਕੰਮਲ ਬਿਜਲੀ ਬੰਦ ਕੀਤੀ ਜਾਂਦੀ ਹੈ, ਤਾਂ ਇਸ ਦਾ ਮਤਲਬ ਪੂਰਨ ਬਲੈਕ ਆਊਟ ਕੀਤਾ ਗਿਆ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਬਲੈਕ ਆਊਟ ਦੇ ਸਮੇਂ ਇਸ ਦੇ ਨਿਯਮਾਂ ਦੀ ਪੂਰਨ ਤੌਰ ’ਤੇ ਗੰਭੀਰਤਾ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਕਰਕੇ ਦੁਕਾਨਦਾਰ ਜਦੋਂ ਵੀ ਰਾਤ ਨੂੰ ਦੁਕਾਨਾਂ ਬੰਦ ਕਰਦੇ ਹਨ ਤਾਂ ਦੁਕਾਨਾਂ ਦੀਆਂ ਬਾਹਰਲੀਆਂ ਲਾਈਟਾਂ ਅਤੇ ਸਾਈਨ ਬੋਰਡ ਦੀਆਂ ਲਾਈਟਾਂ ਬੰਦ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਜਦੋਂ ਸਾਇਰਨ ਵੱਜਦਾ ਹੈ ਤਾਂ ਆਪਣੇ ਵਾਹਨਾਂ ਦੀਆਂ ਲਾਈਟਾਂ ਬੰਦ ਕਰਕੇ ਇਕ ਪਾਸੇ ਖੜ੍ਹੇ ਹੋ ਕੇ ਆਪਣੇ-ਆਪ ਨੂੰ ਸੁਰੱਖਿਅਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਲੈਕ ਆਊਟ ਦੌਰਾਨ ਮੋਬਾਇਲ ਟਾਵਰ ਅਤੇ ਸਟ੍ਰੀਟ ਲਾਈਟਾਂ ਬੰਦ ਕਰਨ ਦੇ ਨਿਰਦੇਸ਼ ਸਬੰਧਤ ਅਦਾਰਿਆਂ ਨੂੰ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਇਸ ਦੌਰਾਨ ਘਰਾਂ ਵਿੱਚ ਰਹਿਣ, ਲਾਈਟਾਂ ਬੰਦ ਰੱਖਣ, ਵਾਹਨਾਂ ’ਤੇ ਬਾਹਰ ਆਵਾਜਾਈ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top