ਜਲੰਧਰ, 28 ਨਵੰਬਰ:- ਸਕੱਤਰ,ਰੀਜ਼ਨਲ ਟਰਾਂਸਪੋਰਟ ਅਥਾਰਟੀ ਬਲਬੀਰ ਰਾਜ ਨੇ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਸੜਕ ਸੁਰੱਖਿਆ ਉਪਾਵਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਓਵਰ ਲੋਡਿੰਗ ਤੇ ਨਿਸ਼ਚਿਤ ਗਤੀ ਤੋਂ ਤੇਜ਼ ਅਤੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਖਿਲਾਫ਼ ਸ਼ਖਤ ਤੋਂ ਸਖ਼ਤ ਕਾਰਵਾਈ ਕਰਦਿਆਂ ਚਲਾਨ ਕੱਟੇ ਜਾਣ ਤਾਂ ਜੋ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਰੀਜ਼ਨਲ ਟਰਾਂਸਪੋਰਟ ਅਫ਼ਸਰ ਅਮਨਪਾਲ ਸਿੰਘ ਵੀ ਮੌਜੂਦ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿਦਿਆਰਥੀਆਂ ਨੂੰ ਸਕੂਲ ਲੈ ਕੇ ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਨੂੰ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਦੀ ਜਿੰਮੇਵਾਰੀ ਸਕੂਲ ਮੈਨੇਜਮੈਂਟ ਦੀ ਹੈ, ਇਸ ਲਈ ਮੈਨੇਜਮੈਂਟ ਦੀ ਇਹ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਨਿਰਧਾਰਿਤ ਮਾਪਦੰਡਾਂ ਅਨੁਸਾਰ ਲੋੜੀਂਦੇ ਦਸਤਾਵੇਜ਼ ਮੁਕੰਮਲ ਰੱਖਣ ਨੂੰ ਯਕੀਨੀ ਬਣਾਉਣ। ਉਨ੍ਹਾਂ ਇਹ ਵੀ ਕਿਹਾ ਕਿ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਸਕੂਲਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਸੰਡੇ ਮਾਰਕਿਟ ਦੌਰਾਨ ਲੋਕਾਂ ਦੀ ਜ਼ਿਆਦਾ ਭੀੜ ਹੋਣ ਕਰਕੇ ਐਂਬੂਲੈਂਸ ਦੇ ਲੰਘਣ ਵਿੱਚ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਐਂਬੂਲੈਂਸ ਸਮਰਪਿਤ ਕੋਰੀਡੋਰ ਬਣਾਇਆ ਜਾਵੇ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸੜਕੀ ਦੁਰਘਟਨਾਵਾਂ ਤੋਂ ਲੋਕਾਂ ਨੂੰ ਬਚਾਉਣ ਲਈ ਸਰਦੀਆ ਦੌਰਾਨ ਧੁੰਦਾਂ ਤੋਂ ਪਹਿਲਾਂ-ਪਹਿਲਾਂ ਜ਼ਿਲ੍ਹੇ ਦੇ ਬਲਾਕ ਸਪਾਟਾਂ ਨੂੰ ਦਰੁਸਤ ਕੀਤਾ ਜਾਵੇ । ਮੀਟਿੰਗ ਦੌਰਾਨ ਸੜਕੀ ਸੁਰੱਖਿਆ ਨੂੰ ਵਧਾਉਣ ਲਈ ਵਾਹਨਾਂ ’ਤੇ ਧੁੰਦ ਵਾਲੀਆਂ ਲਾਈਟਾਂ ਲਗਾਉਣ ਅਤੇ ਸੜਕਾਂ ਉਤੇ ਅਵਾਰਾ ਪਸ਼ੂਆਂ ਦੀ ਰੋਕਥਾਮ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਟਰੈਫਿਕ ਪੁਲਿਸ ਨੂੰ ਕਿਹਾ ਕਿ ਧੁੰਦ ਦੇ ਸਮੇਂ ਦੌਰਾਨ ਸੁਰੱਖਿਅਤ ਵਾਹਨ ਚਲਾਉਣ ਅਤੇ ਐਮਰਜੰਸੀ ਲਾਈਟਾਂ ਦੀ ਵਰਤੋਂ ਕਰਨ ਅਤੇ ਘੱਟ ਵਿਜੀਬਿਲਟੀ ਦੌਰਾਨ ਹੌਲੀ ਗੱਡੀ ਚਲਾਉਣ ਪ੍ਰਤੀ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਆਵਾਜਾਈ ਲਿਯਮਾਂ ਪ੍ਰਤੀ ਵਿਦਿਆਰਥੀਆਂ, ਮਾਪਿਆਂ ਅਤੇ ਆਮ ਲੋਕਾਂ ਨੁੰ ਵੀ ਵੱਧ ਤੋਂ ਵੱਧ ਜਾਣੂੰ ਕਰਵਾਇਆ ਜਾਵੇ ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੇ ਮੈਂਬਰ ਵੀ ਹਾਜ਼ਰ ਸਨ।
——————–

















































