ਡਿਪਟੀ ਕਮਿਸ਼ਨਰ ਵੱਲੋਂ ‘ਬੁੱਕ ਬੈਂਕ’ ਰਾਹੀਂ  ਵਿਦਿਆਰਥੀਆਂ ਨੂੰ ਤੁਰੰਤ ਕਿਤਾਬਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼

ਜਲੰਧਰ – ਨਵਾਂ ਵਿੱਦਿਅਕ ਸੈਸ਼ਨ 2024-25 ਸ਼ੁਰੂ ਹੋਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਵੇਂ ਵਿਦਿਅਕ ਸੈਸ਼ਨ ਲਈ ਕਿਤਾਬਾਂ ਦੀ ਵੰਡ ਤੋਂ ਬਕਾਇਆ ਰਹਿੰਦੇ ਸਕੂਲਾਂ ਨੂੰ ਬੁੱਕ ਬੈਂਕਾਂ ਰਾਹੀਂ ਤੁਰੰਤ ਕਿਤਾਬਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਬੱਚਿਆਂ ਦਾ ਪੜ੍ਹਾਈ ਪ੍ਰਭਾਵਿਤ ਨਾ ਹੋਵੇ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਿੱਖਿਆ ਵਿਭਾਗ ਦੇ ਅਧਿਕਾਰੀ ਕਿਤਾਬਾਂ ਦੀ ਵੰਡ ਜਲਦ ਤੋਂ ਜਲਦ ਕਰਵਾਉਣ ਲਈ ਨਿੱਜੀ ਤੌਰ ਉੱਪਰ ਨਿਗਰਾਨੀ ਕਰਨ ਤਾਂ ਜੋ ਬੱਚਿਆਂ ਨੂੰ ਜਲਦ ਤੋਂ ਜਲਦ ਕਿਤਾਬਾਂ ਮੁਹੱਈਆ ਹੋ ਸਕਣ।

ਸਕੂਲਾਂ ਵਿੱਚ ਮਿਡ-ਡੇ ਮੀਲ ਵਿੱਚ ਪਰੋਸੇ ਜਾਂਦੇ ਭੋਜਨ ਸਬੰਧੀ ਜਾਇਜ਼ਾ ਲੈਂਦਿਆਂ ਡਾ. ਹਿਮਾਸ਼ੂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੌਸ਼ਟਿਕ ਭੋਜਨ ਦੇਣ ਨੂੰ ਪੂਰੀ ਤਰਜੀਹ ਦਿੱਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਮਿੱਡ-ਡੇ-ਮੀਲ ਤਹਿਤ ਪਰੋਸੇ ਜਾਂਦੇ ਭੋਜਨ ਦੀ ਗੁਣਵੱਤਾ ਅਤੇ ਖਾਣਾ ਬਣਾਉਣ ਵਾਲੀ ਥਾਂ ਦੀ ਸਾਫ-ਸਫਾਈ ਨੂੰ ਯਕੀਨੀ ਬਣਾਉਣ ਲਈ ਸਮੇਂ-ਸਮੇਂ ’ਤੇ ਸਕੂਲਾਂ ਦਾ ਦੌਰਾ ਕਰਨ ਦੇ ਵੀ ਨਿਰਦੇਸ਼ ਦਿੱਤੇ।

ਸਕੂਲਾਂ ਵਿੱਚ ਸਾਫ਼-ਸਫਾਈ ’ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲਾਂ ਵਿਚਲੇ ਪਖਾਨੇ, ਪੀਣ ਵਾਲੇ ਪਾਣੀ, ਟੈਂਕੀਆਂ, ਰਸੋਈਆਂ ਆਦਿ ਦੀ ਸਾਫ-ਸਫਾਈ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ।

ਉਨ੍ਹਾਂ ਇਹ ਵੀ ਕਿਹਾ ਕਿ ਬੱਚਿਆਂ ਦੀ ਸਿਹਤ ਸੰਭਾਲ ਲਈ ਸਿਹਤ ਵਿਭਾਗ ਵੱਲੋਂ ਲਗਾਤਾਰ ਸਿਹਤ ਜਾਂਚ ਯਕੀਨੀ ਬਣਾਈ ਜਾਵੇ ਅਤੇ ਲੋੜ ਅਨੁਸਾਰ ਇਲਾਜ ਮੁਹੱਈਆ ਕਰਵਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਸਿੱਖਿਆ ਦੇ ਅਧਿਕਾਰ ਕਾਨੂੰਨ ਨੂੰ ਇੰਨ ਬਿੰਨ ਲਾਗੂ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

ਕੈਪਸ਼ਨ : ਸਿੱਖਿਆ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top