ਪ੍ਰਧਾਨ ਸੁਲਿੰਦਰ ਸਿੰਘ ਕੰਡੀ ਵੱਲੋਂ DIG ਪ੍ਰਮਲ ਸਿੰਘ CRPF ਦਾ ਸਵਾਗਤ, ਐਕਸਮੈਨ ਦੀ ਭਲਾਈ ਬਾਰੇ ਕੀਤੀ ਚਰਚਾ

ਜਲੰਧਰ: ਸੀਆਰਪੀਐਫ਼ ਐਕਸਮੈਨ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸੁਲਿੰਦਰ ਸਿੰਘ ਕੰਡੀ ਵੱਲੋਂ ਗਰੁੱਪ ਸੈਂਟਰ ਜਲੰਧਰ ਵਿਖੇ ਨਵੇਂ ਆਏ ਡੀਆਈਜੀ ਪ੍ਰਮਲ ਸਿੰਘ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸੁਲਿੰਦਰ ਸਿੰਘ ਕੰਡੀ ਨੇ ਡੀਆਈਜੀ ਪ੍ਰਮਲ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਐਸੋਸੀਏਸ਼ਨ ਵੱਲੋਂ ਸਾਬਕਾ ਸੈਨਿਕਾਂ (ਐਕਸਮੈਨ), ਸ਼ਹੀਦ ਜਵਾਨਾਂ ਦੇ ਪਰਿਵਾਰਾਂ ਅਤੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਸ ਦੌਰਾਨ ਐਸੋਸੀਏਸ਼ਨ ਵੱਲੋਂ ਸ਼ਹੀਦ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਨੂੰ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਅਹਿਮ ਮੁੱਦੇ ਡੀਆਈਜੀ ਦੇ ਧਿਆਨ ਵਿੱਚ ਲਿਆਂਦੇ ਗਏ। ਡੀਆਈਜੀ ਪ੍ਰਮਲ ਸਿੰਘ ਨੇ ਐਸੋਸੀਏਸ਼ਨ ਨੂੰ ਪੂਰਨ ਭਰੋਸਾ ਦਿਵਾਇਆ ਕਿ ਦੇਸ਼ ਦੀ ਸੇਵਾ ਕਰਦਿਆਂ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦੀ ਵੱਧ ਤੋਂ ਵੱਧ ਸਹਾਇਤਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀ ਦੇਖਭਾਲ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ।

ਮੁਲਾਕਾਤ ਦੌਰਾਨ ਸ਼ਹੀਦ ਜਵਾਨਾਂ ਦੀਆਂ ਧਰਮ ਪਤਨੀਆਂ ਦੀ ਭਰਤੀ ਸਬੰਧੀ ਵੀ ਵਿਸ਼ੇਸ਼ ਤੌਰ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਡਿਊਟੀ ਦੌਰਾਨ ਕਿਸੇ ਬਿਮਾਰੀ ਜਾਂ ਹੋਰ ਕਾਰਨਾਂ ਕਰਕੇ ਆਪਣੀ ਜਾਨ ਗੁਆਉਣ ਵਾਲੇ ਜਵਾਨਾਂ ਦੇ ਪਰਿਵਾਰਾਂ ਦੀ ਸਹਾਇਤਾ ਅਤੇ ਭਲਾਈ ਲਈ ਵੀ ਵਿਸ਼ੇਸ਼ ਉਪਰਾਲੇ ਕਰਨ ਦਾ ਭਰੋਸਾ ਦਿੱਤਾ ਗਿਆ।

ਡੀਆਈਜੀ ਪ੍ਰਮਲ ਸਿੰਘ ਨੇ ਕਿਹਾ ਕਿ ਸੀਆਰਪੀਐਫ਼ ਐਕਸਮੈਨ ਵੈਲਫੇਅਰ ਐਸੋਸੀਏਸ਼ਨ ਨੂੰ ਜਿਹੜੀ ਵੀ ਸਮੱਸਿਆ ਆਵੇਗੀ, ਉਸ ਨੂੰ ਗਰੁੱਪ ਸੈਂਟਰ ਜਲੰਧਰ ਵੱਲੋਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਨੇ ਕੰਟੀਨ ਵਿੱਚ ਉਪਲਬਧ ਸਮਾਨ ਅਤੇ ਸਾਬਕਾ ਸੈਨਿਕਾਂ ਨੂੰ ਆ ਰਹੀਆਂ ਸੀਜੀਐਚਐਸ (CGHS) ਸਬੰਧੀ ਮੁਸ਼ਕਲਾਂ ਦੇ ਹੱਲ ਲਈ ਵੀ ਵਿਸ਼ੇਸ਼ ਧਿਆਨ ਦੇਣ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਕੰਟੀਨ ਵਿੱਚ ਗਰਮੀਆਂ ਅਤੇ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕਰਨ ਦੀ ਗੱਲ ਵੀ ਕਹੀ।

ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਐਸੋਸੀਏਸ਼ਨ ਦੀ ਹਰ ਮਹੀਨੇ ਹੋਣ ਵਾਲੀ ਮੀਟਿੰਗ ਵਿੱਚ ਉਠਾਏ ਜਾਣ ਵਾਲੇ ਮੁੱਦਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਸਾਬਕਾ ਸੈਨਿਕਾਂ ਅਤੇ ਸ਼ਹੀਦ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਕੇ ਮਾਮਲਿਆਂ ਦੀ ਸੁਣਵਾਈ ਕਰਨਗੇ ਅਤੇ ਉਨ੍ਹਾਂ ਦਾ ਹੱਲ ਕਰਨ ਲਈ ਲੋੜੀਂਦੀ ਕਾਰਵਾਈ ਕਰਨਗੇ।

ਇਸ ਮੌਕੇ ਪ੍ਰਧਾਨ ਸੁਲਿੰਦਰ ਸਿੰਘ ਕੰਡੀ ਨੇ ਡੀਆਈਜੀ ਪ੍ਰਮਲ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਐਸੋਸੀਏਸ਼ਨ ਦਾ ਮੁੱਖ ਉਦੇਸ਼ ਦੇਸ਼ ਦੀ ਸੇਵਾ ਕਰ ਚੁੱਕੇ ਸਾਬਕਾ ਸੈਨਿਕਾਂ, ਸ਼ਹੀਦ ਜਵਾਨਾਂ ਦੇ ਪਰਿਵਾਰਾਂ ਅਤੇ ਲੋੜਵੰਦ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਉੱਚ ਅਧਿਕਾਰੀਆਂ ਤੱਕ ਪਹੁੰਚਾਉਣਾ ਅਤੇ ਉਨ੍ਹਾਂ ਦਾ ਹੱਲ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਡੀਆਈਜੀ ਵੱਲੋਂ ਦਿੱਤਾ ਗਿਆ ਸਹਿਯੋਗ ਅਤੇ ਭਰੋਸਾ ਐਸੋਸੀਏਸ਼ਨ ਲਈ ਬਹੁਤ ਮਹੱਤਵਪੂਰਨ ਹੈ।

Table of Contents

Scroll to Top