ਜਲੰਧਰ:- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਅੱਜ ਡਵੀਜ਼ਨਲ ਕਮਿਸ਼ਨਰ ਕੰਪਲੈਕਸ ਵਿਖੇ ਨੈਸ਼ਨਲ ਕੋਆਪ੍ਰੇਟਿਵ ਯੂਨੀਅਨ ਆਫ਼ ਇੰਡੀਆ ਵਲੋਂ ਹਰ ਸਾਲ ਇਕ ਕਰੋੜ ਬੂਟੇ ਲਗਾਉਣ ਦਾ ਬੀੜਾ ਚੁੱਕਿਆ ਗਿਆ ਹੈ। ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਡਵੀਜ਼ਨਲ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ।
ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਸੰਸਥਾ ਵਲੋਂ ਆਪਣੇ ਵਾਤਾਵਰਣ ਪ੍ਰੇਮੀ ਯੂਨਿਟ ਰਾਹੀਂ ਪੰਜਾਬ ਦੇ ਹਰ ਪਿੰਡ ਨੂੰ 1300 ਅਤੇ ਸ਼ਹਿਰ ਨੂੰ 2000 ਬੂਟਾ ਦਿੱਤਾ ਜਾਵੇਗਾ। ਉਨ੍ਹਾਂ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਧਰਤੀ, ਪਾਣੀ ਅਤੇ ਹਵਾ ਨੂੰ ਸਭ ਤੋਂ ਉਤੱਮ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਗੁਰੂ ਸਾਹਿਬ ਦੇ ਸਿਧਾਂਤਾ ’ਤੇ ਚੱਲਦੇ ਹੋਏ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਈਏ ਅਤੇ ਉਹਨਾਂ ਦੀ ਸੰਭਾਲ ਵੀ ਕਰੀਏ। ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਫ਼ਲਦਾਰ, ਫੁੱਲਦਾਰ, ਛਾਂਦਾਰ ਅਤੇ ਮੈਡੀਕੇਟਿਡ ਬੂਟਿਆਂ ਤੋਂ ਇਲਾਵਾ ਮੌਸਮੀ ਸਬਜ਼ੀਆਂ ਦੇ ਬੀਜ ਅਤੇ ਜੈਵਿਕ ਖਾਦ ਦੁਆਰਾ ਤਿਆਰ ਕੀਤੀਆਂ ਟਰੇਆਂ ਵਾਲੀਆਂ ਸਬਜ਼ੀਆਂ ਦੀਆਂ ਵੇਲਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।
ਸ੍ਰੀ ਸੱਭਰਵਾਲ ਨੇ ਕਿਹਾ ਕਿ ਸੰਸਥਾ ਵਲੋਂ ਧਾਰਮਿਕ ਸਥਾਨਾਂ ਲਈ ਫੁੱਲਾਂ ਦੇ ਬੂਟੇ ਅਤੇ ਬੀਜ ਸੇਵਾ ਵਜੋਂ ਮੁਫ਼ਤ ਦਿੱਤੇ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਸਮੂਹਿਕ ਇਕਜੁੱਟਤਾ ਨਾਲ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਹਨਾਂ ਦੀ ਸੰਭਾਲ ਕਰਨ ਲਈ ਸਭ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਪ੍ਰੇਮੀ ਯੂਨਿਟ ਵਲੋਂ ਪੂਰੇ ਪੰਜਾਬ ਵਿੱਚ 20 ਹਜ਼ਾਰ ਵਿਅਕਤੀ ਪੌਦੇ ਲਗਾਉਣ ਦੀ ਮੁਹਿੰਮ ਲਈ ਲਗਾਏ ਜਾਣਗੇ ਅਤੇ ਇਨ੍ਹਾਂ ਨੂੰ ਆਰਥਿਕ ਤੌਰ ’ਤੇ ਸਹਾਇਤਾ ਵੀ ਦਿੱਤੀ ਜਾਵੇਗੀ।
ਨੈਸ਼ਨਲ ਕੋਆਪ੍ਰੇਟਿਵ ਯੂਨੀਅਨ ਆਫ਼ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਦਲਵੀਰ ਲਾਲ ਹੀਰਾ ਨੇ ਦੱਸਿਆ ਕਿ ਸੰਸਥਾ ਵਲੋਂ ਸਰਕਾਰੀ ਰੇਟ ’ਤੇ ਬੂਟੇ ਮੁਹੱਈਆ ਕਰਵਾਏ ਜਾਣਗੇ ਅਤੇ ਇਸ ਸਬੰਧੀ ਮੰਗ ਕੋਆਪ੍ਰੇਟਿਵ ਸੁਸਾਇਟੀਆਂ ਨੂੰ ਕੀਤੀ ਜਾ ਸਕਦੀ ਹੈ।
ਇਸ ਮੌਕੇ ਡਵੀਜ਼ਨਲ ਕਮਿਸ਼ਨਰ ਵਲੋਂ ਕੰਪਲੈਕਸ ਵਿੱਚ ਪੌਦੇ ਵੀ ਲਗਾਏ ਗਏ। ਇਸ ਮੌਕੇ ਬਾਗਬਾਨੀ ਵਿਭਾਗ ਤੋਂ ਜੇ.ਐਸ. ਬਿਲਗਾ, ਪ੍ਰਿਥਵੀ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਿੰਦਰ ਸਿੰਘ , ਸ਼ਹੀਦ ਭਗਤ ਸਿੰਘ ਯੂਥ ਕਲੱਬ ਆਦਮਪੁਰ ਦੇ ਪ੍ਰਧਾਨ ਸਰਬਜੀਤ ਸਿੰਘ, ਸੁਪਰਡੈਂਟ ਅਸ਼ੋਕ ਕੁਮਾਰ ਅਤੇ ਹਰਜਿੰਦਰ ਸਿੰਘ ਗਿੱਲ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਹਾਜ਼ਰ ਸਨ।