ਤਲਵਾੜਾ ਦੇ ਹਰਸ਼ਿਤ ਦੀ ਭਾਰਤੀ ਜਲ ਸੈਨਾ ਅਕੈਡਮੀ ਵਿੱਚ ਚੋਣ

ਚੰਡੀਗੜ੍ਹ, 10 ਅਗਸਤ:- ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਐਫ.ਪੀ.ਆਈ.), ਮੋਹਾਲੀ ਦੇ ਇਕ ਹੋਰ ਕੈਡਿਟ ਹਰਸ਼ਿਤ ਚੌਧਰੀ ਵਾਸੀ ਤਲਵਾੜਾ, ਜ਼ਿਲ੍ਹਾ ਹੁਸ਼ਿਆਰਪੁਰ ਦੀ ਭਾਰਤੀ ਜਲ ਸੈਨਾ ਅਕੈਡਮੀ (ਆਈ.ਐਨ.ਏ.), ਇਜ਼ੀਮਾਲਾ, ਕੇਰਲਾ ਵਿੱਚ ਚੋਣ ਹੋਈ ਹੈ।

ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਸ ਕੈਡਿਟ ਨੂੰ ਵਧਾਈ ਦਿੰਦਿਆਂ ਉਸ ਨੂੰ ਸਿਖਲਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸੰਸਥਾ ਦੀ ਅਮੀਰ ਵਿਰਾਸਤ ਨੂੰ ਦਰਸਾਉਣ ਦੇ ਨਾਲ ਨਾਲ ਇਸ ਦੇ ਕੈਡਿਟਾਂ ਦੇ ਸਮਰਪਣ ਅਤੇ ਯੋਗਤਾ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦੇ ਕੁੱਲ 238 ਕੈਡਿਟਾਂ ਨੇ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਦਾਖਲਾ ਹਾਸਲ ਕੀਤਾ ਹੈ, ਜਿਨ੍ਹਾਂ ਵਿੱਚੋਂ 160 ਕੈਡਿਟ ਭਾਰਤੀ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫਸਰ ਬਣੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਹੁਨਰਮੰਦ ਅਤੇ ਯੋਗ ਫੌਜੀ ਆਗੂ ਤਿਆਰ ਕਰਨ ਪ੍ਰਤੀ ਇਸ ਸੰਸਥਾ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 15 ਕੈਡਿਟਾਂ ਨੇ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦੀ ਇੰਟਰਵਿਊ ਸਫ਼ਲਤਾਪੂਰਵਕ ਪਾਸ ਕਰ ਲਈ ਹੈ ਅਤੇ ਹੁਣ ਉਹ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਦਾ ਆਪਣਾ ਸਫਰ ਸ਼ੁਰੂ ਕਰਨ ਵਾਸਤੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਵਿੱਚ ਸਿਖਲਾਈ ਸ਼ੁਰੂ ਕਰਨ ਲਈ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ।

ਇਸ ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ., ਨੇ ਕਿਹਾ ਕਿ ਇਸ ਮਹੀਨੇ ਵਿੱਚ ਟੈਕਨੀਕਲ ਐਂਟਰੀ ਸਕੀਮ ਅਤੇ ਹੋਰ ਐਂਟਰੀਆਂ ਲਈ 11 ਹੋਰ ਕੈਡਿਟ ਐਸ.ਐਸ.ਬੀ. ਇੰਟਰਵਿਊ ਦੇਣਗੇ। ਉਨ੍ਹਾਂ ਕਿਹਾ ਕਿ ਇਹ ਸੰਸਥਾ ਆਪਣੇ ਕੈਡਿਟਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਜਾਣ ਦੇ ਮੌਕਿਆਂ ਲਈ ਪੂਰੀ ਤਰ੍ਹਾਂ ਤਿਆਰ ਕਰਨ ਲਈ ਸਮਰਪਿਤ ਤੇ ਵਚਨਬੱਧ ਹੈ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top