ਜਲੰਧਰ, 12 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ਵੱਲੋਂ ਅੱਜ ‘ਗ੍ਰੀਨਿੰਗ ਨੈਸ਼ਨਲ ਹਾਈਵੇ’ ਪਹਿਲਕਦਮੀ ਤਹਿਤ ਜਲੰਧਰ ਤੋਂ ਢਿਲਵਾਂ ਵਿਚਾਲੇ ਨੈਸ਼ਨਲ ਹਾਈਵੇ ਦੇ ਨਾਲ-ਨਾਲ ਬੂਟੇ ਲਾਉਣ ਦੀ ਵਿਆਪਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਬੋਲਦਿਆਂ ਮੰਤਰੀ ਬਲਕਾਰ ਸਿੰਘ ਨੇ ਐਲਾਨ ਕੀਤਾ ਕਿ ਇਸ ਮੁਹਿੰਮ ਤਹਿਤ ਹਾਈਵੇ ਦੇ ਦੋਵੇਂ ਪਾਸੇ 20,000 ਬੂਟੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਨਾ ਸਿਰਫ਼ ਹਾਈਵੇ ਸੁੰਦਰ ਬਨਣਗੇ ਸਗੋਂ ਵਾਤਾਵਰਣ ਦੀ ਸੰਭਾਲ ਵਿੱਚ ਵੀ ਮਦਦ ਮਿਲੇਗੀ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰਿਆਵਲ ਨੂੰ ਉਤਸ਼ਾਹਿਤ ਕਰਕੇ ਸੂਬੇ ਦੇ ਵਾਤਾਵਰਣ ਨੂੰ ਹਰਿਆ-ਭਰਿਆ ਅਤੇ ਸਿਹਤਮੰਦ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਮੰਤਰੀ ਨੇ ਵਾਤਾਵਰਣ ਦੀ ਸੁਰੱਖਿਆ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਸ ਵਿਲੱਖਣ ਪਹਿਲਕਦਮੀ ਦੀ ਅਗਵਾਈ ਅਤੇ ਰਾਸ਼ਟਰੀ ਰਾਜਮਾਰਗ ਦੇ ਨਾਲ 20,000 ਤੋਂ ਵੱਧ ਬੂਟੇ ਲਾਉਣ ਨੂੰ ਯਕੀਨੀ ਬਣਾਉਣ ਲਈ ਜੰਗਲਾਤ ਵਿਭਾਗ ਦੀ ਸ਼ਲਾਘਾ ਕੀਤੀ।
ਇਸ ਮੌਕੇ ਡਵੀਜ਼ਨਲ ਜੰਗਲਾਤ ਅਫ਼ਸਰ ਜਰਨੈਲ ਸਿੰਘ ਵੀ ਮੌਜੂਦ ਸਨ, ਜਿਨ੍ਹਾਂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਇਸ ਉਪਰਾਲੇ ਨਾਲ ਜਿਥੇ ਹਾਈਵੇ ਦੀ ਸੁੰਦਰਤਾ ਵਿੱਚ ਵਾਧਾ ਹੋਵੇਗਾ ਉਥੇ ਜ਼ਿਲ੍ਹੇ ਵਿੱਚ ਹਰਿਆਲੀ ਵੀ ਵਧੇਗੀ।
- +91 99148 68600
- info@livepunjabnews.com