ਜਲੰਧਰ, 16 ਜੁਲਾਈ – ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਨਗਰ ਨਿਗਮ ਨੂੰ ਸ਼ਹਿਰ ਭਰ ਵਿੱਚ ਜਲ ਸਪਲਾਈ ਅਤੇ ਸੀਵਰੇਜ ਦੀਆਂ ਪਾਈਪਾਂ ਦੀ ਮੁਰੰਮਤ ਕਰਵਾਉਣ ਲਈ ਕਿਹਾ।
ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਸਮੇਤ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਾ. ਅਗਰਵਾਲ ਨੇ ਸੀਵਰੇਜ ਅਤੇ ਜਲ ਸਪਲਾਈ ਪਾਈਪ ਲਾਈਨਾਂ ਵਿੱਚ ਲੀਕੇਜ ਦੀ ਜਾਂਚ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਜਿਹੀ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਇਨ੍ਹਾਂ ਸਮੱਸਿਆਵਾਂ ਬਾਰੇ ਤੁਰੰਤ ਸੂਚਨਾ ਅਤੇ ਹੱਲ ਦੀ ਸਹੂਲਤ ਲਈ ਨਗਰ ਨਿਗਮ ਜਲੰਧਰ ਵੱਲੋਂ ਹੈਲਪਲਾਈਨ ਨੰਬਰ 0181-2242587 ਵੀ ਜਾਰੀ ਕੀਤਾ ਹੈ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦਸਤ ਅਤੇ ਪਾਣੀ ਤੋਂ ਹੋਣ ਵਾਲੀਆਂ ਹੋਰ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਢੁੱਕਵੀਂ ਕਲੋਰੀਨੇਸ਼ਨ ਯਕੀਨੀ ਬਣਾਉਣ ਅਤੇ ਰੋਕਥਾਮ ਸਬੰਧੀ ਹੋਰ ਲੋੜੀਂਦੇ ਉਪਾਅ ਕਰਨ ਦੇ ਨਿਰਦੇਸ਼ ਦਿੱਤੇ। ਬਰਸਾਤ ਦੇ ਮੌਸਮ ਦੌਰਾਨ ਜਨਤਕ ਸਿਹਤ ਸੁਰੱਖਿਆ ਲਈ ਇਹ ਕਦਮ ਬਹੁਤ ਜ਼ਰੂਰੀ ਹਨ।
ਕੈਪਸ਼ਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਸਮੇਤ ਹੋਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ।