ਡਿਪਟੀ ਕਮਿਸ਼ਨਰ ਵੱਲੋਂ ਜਲੰਧਰ ’ਚ ਲੜਕੀਆਂ ਲਈ ਸੈਲਫ਼ ਡਿਫੈਂਸ ਤੇ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ

ਜਲੰਧਰ, 13 ਨਵੰਬਰ : ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਨਿਵੇਕਲੀ ਪਹਿਲਕਦਮੀ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਜਲੰਧਰ ’ਚ ਲੜਕੀਆਂ ਲਈ ਸੈਲਫ਼ ਡਿਫੈਂਸ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਆਗਾਜ਼ ਕੀਤਾ ਗਿਆ ।
ਇਥੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਨਹਿਰੂ ਗਾਰਡਨ ਵਿਖੇ ਸਵੈ ਰੱਖਿਆ ਸਬੰਧੀ ਕਲਾਸਾਂ ਦੀ ਸ਼ੁਰੂਆਤ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਇਸ ਸਕੂਲ ਤੋਂ ਲੜਕੀਆਂ ਨੂੰ ਆਤਮ ਰੱਖਿਆ ਦੀ ਸਿਖ਼ਲਾਈ ਦੇਣ ਲਈ 15-15 ਦਿਨਾਂ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਭਰ ਵਿੱਚ ਅਜਿਹੀਆਂ ਕਲਾਸਾਂ ਰਾਹੀਂ ਲੜਕੀਆਂ ਨੂੰ ਸਮੇਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਸਮਰੱਥ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲੇ ਬੈਚ ਵਿੱਚ 50 ਵਿਦਿਆਰਥਣਾਂ ਸੈਲਫ਼ ਡਿਫੈਂਸ ਦੀ ਟ੍ਰੇਨਿੰਗ ਹਾਸਲ ਕਰਨਗੀਆਂ।


ਡਾ. ਅਗਰਵਾਲ ਨੇ ਕਿਹਾ ਕਿ ਮੌਜੂਦਾ ਸਮੇਂ ਲੜਕੀਆਂ ਵਿੱਚ ਸਵੈ-ਰੱਖਿਆ ਦੀ ਭਾਵਨਾ ਅਤੇ ਆਤਮ ਵਿਸ਼ਵਾਸ ਹੋਣਾ ਬਹੁਤ ਜ਼ਰੂਰੀ ਹੈ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਿਖ਼ਲਾਈ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਦੌਰਾਨ ਵਿਦਿਆਰਥਣਾ ਨੂੰ ਸਵੈ-ਰੱਖਿਆ ਲਈ ਕਿਸ ਤਰ੍ਹਾਂ ਦੀ ਤਕਨੀਕ ਅਪਣਾਉਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਥਿਤੀ ਦਾ ਮੁਕਾਬਲਾ ਕਰਦੇ ਹੋਏ ਸੁਰੱਖਿਅਤ ਬਚਿਆ ਜਾ ਸਕੇ, ਸਬੰਧੀ ਵਿਸਥਾਰ ਨਾਲ ਸਿਖ਼ਲਾਈ ਦਿੱਤੀ ਜਾਵੇਗੀ।
ਵਿਦਿਆਰਥਣਾਂ ਨੂੰ ਜੀਵਨ ਵਿੱਚ ਬੁਲੰਦੀਆਂ ਹਾਸਲ ਕਰਨ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਕਿਹਾ ਕਿ ਮਹਿਲਾਵਾਂ ਕਿਸੇ ਵੀ ਖੇਤਰ ਵਿੱਚ ਪੁਰਸ਼ਾਂ ਨਾਲੋਂ ਘੱਟ ਨਹੀਂ ਹਨ ਸਗੋਂ ਹਰ ਖੇਤਰ ਭਾਵੇਂ ਉਹ ਸਿੱਖਿਆ, ਖੇਡਾਂ, ਪ੍ਰਸ਼ਾਸਨ, ਪੁਲਿਸ, ਫੌਜ, ਰਾਜਨੀਤੀ ਜਾਂ ਕੋਈ ਹੋਰ ਖੇਤਰ ਹੋਵੇ, ਹਰੇਕ ਖੇਤਰ ਵਿੱਚ ਔਰਤਾਂ ਨੇ ਆਪਣੀ ਸਮਰੱਥਾ, ਤਾਕਤ ਅਤੇ ਨਿਪੁੰਨਤਾ ਦਾ ਲੋਹਾ ਮੰਨਵਾਇਆ ਹੈ। ਉਨ੍ਹਾਂ ਇਸ ਮੌਕੇ ਲੜਕੀਆਂ ਨੂੰ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਟ੍ਰੇਨਿੰਗ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲੜਕੀਆਂ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਵੀ ਕੀਤੀ ਗਈ ਹੈ, ਜਿਥੇ 12ਵੀਂ ਉਪਰੰਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਲੜਕੀਆਂ ਨੂੰ ਮਾਹਰਾਂ ਵੱਲੋਂ ਕੋਚਿੰਗ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੇ ਬੈਚ ਵਿੱਚ 30 ਲੜਕੀਆਂ ਮੁਫ਼ਤ ਕੋਚਿੰਗ ਹਾਸਲ ਕਰਨਗੀਆਂ ਅਤੇ ਇਹ ਕਲਾਸਾਂ ਤਿੰਨ-ਤਿੰਨ ਮਹੀਨਿਆਂ ਦੀਆਂ ਹੋਣਗੀਆਂ।


ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੜਕੀਆਂ ਦੀ ਭਲਾਈ ਅਤੇ ਬਿਹਤਰੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਲੜਕੀਆਂ ਵਿੱਚ ਹਿਮੋਗਲੋਬਿਨ ਦੇ ਪੱਧਰ ਦੀ ਜਾਂਚ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਮੁਹਿੰਮ ਵਿੱਢੀ ਹੋਈ ਹੈ, ਜਿਸ ਤਹਿਤ ਸ਼ਾਹਕੋਟ ਬਲਾਕ ਦੇ 30 ਪਿੰਡਾਂ ਵਿੱਚ ਕੈਂਪ ਲਾਏ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਪੂਰੇ ਜ਼ਿਲ੍ਹੇ ਨੂੰ ਇਸ ਮੁਹਿੰਮ ਤਹਿਤ ਕਵਰ ਕੀਤਾ ਜਾਵੇਗਾ ਤਾਂ ਜੋ ਲੜਕੀਆਂ ਵਿੱਚ ਅਨੀਮੀਆ ਦੀ ਰੋਕਥਾਮ ਕੀਤੀ ਜਾ ਸਕੇ।

ਜ਼ਿਲ੍ਹੇ ਵਿੱਚ ਸ਼ੁਰੂ ਕੀਤੇ ‘ਚੇਤਨਾ’ ਪ੍ਰਾਜੈਕਟ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਉਪਰਾਲੇ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ‘ਲਾਈਫ਼ ਸੇਵਿੰਗ ਸਕਿੱਲਜ਼’ ਸਬੰਧੀ ਟ੍ਰੇਨਿੰਗ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਸਿਹਤ ਐਮਰਜੈਂਸੀ ਅਤੇ ਹਾਦਸਿਆਂ ਵਿੱਚ ਜਾਣ ਵਾਲੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।


ਲੜਕੀਆਂ ਦੇ ਸਰਵਪੱਖੀ ਵਿਕਾਸ ਲਈ ਉਨ੍ਹਾਂ ਨੂੰ ਸੁਰੱਖਿਆ, ਬਿਹਤਰ ਸਿਹਤ, ਸਿੱਖਿਆ ਸਮੇਤ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੱਚੀਆਂ ਦੇ ਰੌਸ਼ਨ ਭਵਿੱਖ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਵੀ ਸ਼ਲਾਘਾ ਕੀਤੀ।
ਇਸ ਦੌਰਾਨ ਉਨ੍ਹਾਂ ਵੱਲੋਂ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੀਆਂ ਸਕੂਲ ਦੀਆਂ ਵਿਦਿਆਰਥਣਾਂ ਦਾ ਮੈਡਲਾਂ ਨਾਲ ਸਨਮਾਨ ਵੀ ਕੀਤਾ ਗਿਆ।
ਇਸ ਤੋਂ ਪਹਿਲਾਂ ਸਕੂਲ ਪਹੁੰਚਣ ’ਤੇ ਵਿਦਿਆਰਥਣਾਂ ਦੇ ਬੈਂਡ ਵੱਲੋਂ ਡਿਪਟੀ ਕਮਿਸ਼ਨਰ ਦਾ ਨਿੱਘਾ ਸਵਾਗਤ ਕੀਤਾ ਗਿਆ, ਜਿਸ ਦੀ ਉਨ੍ਹਾਂ ਆਪਣੇ ਸੰਬੋਧਨ ਦੌਰਾਨ ਸ਼ਲਾਘਾ ਵੀ ਕੀਤੀ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ, ਸਕੂਲ ਦੇ ਪ੍ਰਿੰਸੀਪਲ ਗੋਹਰੀਨਾ, ਸਕੂਲ ਦਾ ਸਟਾਫ਼, ਵਿਦਿਆਰਥਣਾਂ ਆਦਿ ਵੀ ਮੌਜੂਦ ਸਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top