ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿੱਢੀ ਮੁਹਿੰਮ ਤਹਿਤ ਸਬ ਡਵੀਜ਼ਨ ਨਕੋਦਰ ਤੇ ਸ਼ਾਹਕੋਟ ਦੇ ਪਿੰਡਾਂ ’ਚ ਲਾਏ ਜਾਗਰੂਕਤਾ ਕੈਂਪ

ਜਲੰਧਰ, 7 ਅਕਤੂਬਰ: ਕਿਸਾਨਾਂ ਨੂੰ ਪਰਾਲੀ/ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾ ਕੇ ਇਸਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿੱਢੀ ਗਈ ਮੁਹਿੰਮ ਤਹਿਤ ਅੱਜ ਸਬ ਡਵੀਜ਼ਨ ਨਕੋਦਰ ਅਤੇ ਸ਼ਾਹਕੋਟ ਦੇ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਗਏ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਗਰੂਕਤਾ ਮੁਹਿੰਮ ਤਹਿਤ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਹਰ ਪਿੰਡ ਤੱਕ ਪਹੁੰਚ ਕੀਤੀ ਜਾ ਰਹੀ ਹੈ ਤਾਂ ਜੋ ਵਾਤਾਵਰਣ ਦੀ ਸੰਭਾਲ ਦਾ ਸੁਨੇਹਾ ਘਰ-ਘਰ ਪਹੁੰਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜਾਗਰੂਕਤਾ ਤੋਂ ਇਲਾਵਾ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਵੀ ਕਿਸਾਨਾਂ ਨੂੰ ਉਪਲਬਧ ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ/ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ ਅਤੇ ਇਸ ਮੰਤਵ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ 0181-2225005 ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਪਰਾਲੀ/ਰਹਿੰਦ-ਖੂੰਹਦ ਦੇ ਪ੍ਰਬੰਧਨ ਵਿੱਚ ਮਦਦ ਲਈ ਇਸ ਨੰਬਰ ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਇਸ ਦੇ ਯੋਗ ਪ੍ਰਬੰਧਨ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ।
ਪ੍ਰਸ਼ਾਸਨ ਵੱਲੋਂ ਵਿੱਢੀ ਇਸ ਮੁਹਿੰਮ ਤਹਿਤ ਅੱਜ ਸਬ ਡਵੀਜ਼ਨ ਨਕੋਦਰ ਦੇ ਪਿੰਡ ਬੋਪਾਰਾਏ ਕਲਾਂ ਅਤੇ ਗੋਹੀਰ ਵਿੱਚ ਜਾਗਰੂਕਤਾ ਕੈਂਪਾਂ ਲਗਾਏ ਗਏ, ਜਿਸ ਦੌਰਾਨ ਐਸ.ਡੀ.ਐਮ. ਨਕੋਦਰ ਲਾਲ ਵਿਸ਼ਵਾਸ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨਾਲ ਜਿਥੇ ਮਿੱਟੀ ਦੀ ਉਪਜਾਊ ਸ਼ਕਤੀ ਘੱਟਦੀ ਹੈ ਉਥੇ ਵਾਤਾਵਰਣ ਦੂਸ਼ਿਤ ਹੋਣ ਨਾਲ ਮਨੁੱਖਾਂ, ਪਸ਼ੂ, ਪੰਛੀਆਂ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਤਕਨੀਕਾਂ ਨਾਲ ਇਸ ਦਾ ਪ੍ਰਬੰਧਨ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ, ਜਿਸ ਦੇ ਲਈ ਸਭ ਨੂੰ ਸਾਂਝਾ ਹੰਭਲਾ ਮਾਰਨਾ ਚਾਹੀਦਾ ਹੈ।
ਇਸੇ ਤਰ੍ਹਾਂ ਸਬ ਡਵੀਜ਼ਨ ਸ਼ਾਹਕੋਟ ਦੇ ਪਿੰਡ ਕੁਲਾਰ ਵਿਖੇ ਵੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਭੋਗਲ ਅਤੇ ਤਹਿਸੀਲਦਾਰ ਸ਼ਾਹਕੋਟ ਗੁਰਦੀਪ ਸਿੰਘ ਸੰਧੂ ਨੇ ਕਿਸਾਨਾਂ ਨੂੰ ਪਰਾਲੀ/ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top