ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 26 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ

ਜਲੰਧਰ, 25 ਜੂਨ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 26 ਜੂਨ ਨੂੰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਇਸ ਮੌਕੇ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
ਇਸ ਸਬੰਧੀ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਨੇ ਦੱਸਿਆ ਕਿ ਇਸ ਮੌਕੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਨਸ਼ਿਆਂ ਖਿਲਾਫ਼ ਪ੍ਰਣ ਕਰਵਾਏ ਜਾਣਗੇ । ਉਨ੍ਹਾਂ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਐਨ.ਸੀ.ਸੀ., ਐਨ.ਐਸ.ਐਸ., ਐਨ.ਜੀ.ਓਜ਼ ਅਤੇ ਸਪੋਰਟਸ ਵਲੰਟੀਅਰਾਂ ਦੀ ਮਦਦ ਨਾਲ ਵੱਖ-ਵੱਖ ਗਤੀਵਿਧੀਆਂ ਰਾਹੀਂ ਆਮ ਲੋਕਾਂ ਵਿਚ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਈ ਜਾਵੇਗੀ। ਉਨ੍ਹਾਂ ਇਸ ਮੌਕੇ ਕਰਵਾਈਆਂ ਜਾਣ ਵਾਲੀਆਂ ਜਾਗਰੂਕਤਾ ਗਤੀਵਿਧੀਆਂ/ਪ੍ਰੋਗਰਾਮਾਂ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ’ਤੇ ਵਿਸ਼ੇਸ਼ ਤੌਰ ’ਤੇ ਜ਼ੋਰ ਦਿੱਤਾ ਤਾਂ ਜੋ ਸਮਾਜ ਵਿਚ ਨਸ਼ਿਆਂ ਖਿਲਾਫ਼ ਮਜ਼ਬੂਤ ਸੁਨੇਹਾ ਜਾ ਸਕੇ। ਇਸ ਮੌਕੇ ਏ.ਡੀ.ਸੀ.ਪੀ. ਆਕਰਸ਼ੀ ਜੈਨ ਵੀ ਮੌਜੂਦ ਸਨ।
ਉਨ੍ਹਾਂ ਸੀ.ਡੀ.ਪੀ.ਓਜ਼ ਨੂੰ ਪਿੰਡ ਪੱਧਰ ’ਤੇ ਨੌਜਵਾਨਾਂ ਨੂੰ ਸ਼ਾਮਲ ਕਰਕੇ ਨਸ਼ਿਆਂ ਖਿਲਾਫ਼ ਜਾਗੋ ਕੱਢਣ ਦੀਆਂ ਹਦਾਇਤਾਂ ਵੀ ਦਿੱਤੀਆਂ। ਇਸ ਤੋਂ ਇਲਾਵਾ ਉਨ੍ਹਾਂ ਪਿੰਡਾਂ ਵਿੱਚ ਪੰਚਾਇਤਾਂ ਅਤੇ ਨਗਰ ਕੌਂਸਲਾਂ ਵਿੱਚ ਈ.ਓਜ਼ ਦੇ ਸਹਿਯੋਗ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਵੀ ਕਿਹਾ।
ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮਨਜਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top