ਜਲੰਧਰ, 21 ਅਕਤੂਬਰ : ਮਹਿਲਾ ਸਸ਼ਕਤੀਕਰਨ ਨੂੰ ਹੁਲਾਰਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਲੜਕੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਮੁਹੱਈਆ ਕਰਵਾਉਣ ਤੋਂ ਇਲਾਵਾ ਆਤਮ ਰੱਖਿਆ ਲਈ ਸੈਲਫ਼ ਡਿਫੈਂਸ ਦੀ ਟ੍ਰੇਨਿੰਗ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਨੀਲ ਫੋਗਟ ਆਈ.ਏ.ਐਸ. (ਯੂ.ਟੀ.) ਅਤੇ ਵੱਖ-ਵੱਖ ਵਿਭਾਗਾਂ ਨਾਲ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਲੜਕੀਆਂ ਨੂੰ ਸਸ਼ਕਤ ਬਣਾਉਣ ਲਈ ਚੱਲ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੜਕੀਆਂ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਤੋਂ ਬਾਅਦ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਕੋਚਿੰਗ ਪ੍ਰਦਾਨ ਕਰਨ ਲਈ ਜਲਦ ਮੁਫ਼ਤ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਕਲਾਸਾਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਲਗਾਈਆਂ ਜਾਣਗੀਆਂ। ਉਨ੍ਹਾਂ ਅਧਿਕਾਰੀਆਂ ਨੂੰ ਇਸ ਸਬੰਧੀ ਚੱਲ ਰਹੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਜਲਦ ਤੋਂ ਜਲਦ ਕਲਾਸਾਂ ਸ਼ੁਰੂ ਕੀਤੀਆਂ ਜਾ ਸਕਣ।
ਡਾ. ਅਗਰਵਾਲ ਨੇ ਅੱਗੇ ਦੱਸਿਆ ਕਿ ਪੰਜਾਬ ਕਰਾਟੇ ਐਸੋਸੀਏਸ਼ਨ ਦੇ ਸਹਿਯੋਗ ਨਾਲ ਲੜਕੀਆਂ ਨੂੰ ਆਤਮ ਰੱਖਿਆ ਲਈ ਟ੍ਰੇਨਿੰਗ ਵੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿਜੀ ਦਿਲਚਸਪੀ ਲੈ ਕੇ ਇਨ੍ਹਾਂ ਪਹਿਲਕਦਮੀਆਂ ਨੂੰ ਯੋਜਨਾਬੰਦ ਢੰਗ ਨਾਲ ਨੇਪਰੇ ਚੜ੍ਹਾਉਣ ਤਾਂ ਜੋ ਵੱਧ ਤੋਂ ਵੱਧ ਲੜਕੀਆਂ ਨੂੰ ਲਾਭ ਮਿਲ ਸਕੇ।
ਲੜਕੀਆਂ ਵਿੱਚ ਹਿਮੋਗਲੋਬਿਨ ਦੇ ਪੱਧਰ ਦੀ ਜਾਂਚ ਲਈ ਸ਼ਾਹਕੋਟ ਬਲਾਕ ਦੇ ਪਿੰਡ ਢੰਡੋਵਾਲ ਤੋਂ ਵਿੱਢੀ ਮੁਹਿੰਮ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪਹਿਲਾਂ ਬਲਾਕ ਦੇ 30 ਪਿੰਡਾਂ ਵਿੱਚ ਕੈਂਪ ਲਗਾਏ ਜਾਣਗੇ, ਜਿਸ ਉਪਰੰਤ ਸਮੁੱਚੇ ਜ਼ਿਲ੍ਹੇ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਅਨੀਮੀਆ ਤੋਂ ਪੀੜਤ ਪਾਈਆਂ ਗਈਆਂ ਲੜਕੀਆਂ ਨੂੰ ਆਇਰਨ ਫੋਲਿਕ ਐਸਿਡ ਦੀਆਂ ਗੋਲੀਆਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਅਧਿਕਾਰੀਆਂ ਨੂੰ ਇਨ੍ਹਾਂ ਸਾਰੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਚਲਾਉਣ ਦੀਆਂ ਹਦਾਇਤਾਂ ਦਿੱਤੀਆਂ।
ਉਨ੍ਹਾਂ ਲੜਕੀਆਂ ਦੇ ਸਸ਼ਕਤੀਕਰਨ ਲਈ ਵੱਡੇ ਪੱਧਰ ’ਤੇ ਜਾਗਰੂਕਤਾ ਮੁਹਿੰਮ ਚਲਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਪੈਂਫਲੈਟਾਂ ਦੀ ਵੰਡ, ਗ੍ਰਾਫਿਟੀ ਆਰਟ, ਪੋਸਟਰ, ਸਟੀਕਰ, ਸਲੋਗਨ ਲਿਖਣ ਆਦਿ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਉਪਾਰਲਿਆਂ ਦਾ ਉਦੇਸ਼ ਲੜਕੀਆਂ ਨੂੰ ਸਮਾਜ ਵਿੱਚ ਹੋਰ ਸਸ਼ਕਤ ਬਣਾਉਣਾ ਹੈ।
ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਮਹਿਲਾ ਸਸ਼ਕਤੀਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੜਕੀਆ ਨੂੰ ਪੋਕਸੋ ਐਕਟ, ਬਾਲ ਵਿਆਹ, ਸਾਈਬਰ ਕ੍ਰਾਈਮ, ਘਰੇਲੂ ਹਿੰਸਾ, ਜਿਣਸੀ ਸ਼ੋਸ਼ਣ ਅਤੇ ਮਹਿਲਾ ਅਧਿਕਾਰਾਂ ਬਾਰੇ ਜਾਣਕਾਰੀ ਦੇਣ ਲਈ 21 ਸਕੂਲ-ਕਾਲਜਾਂ ਅਤੇ 26 ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਚੁੱਕੇ ਹਨ। ਇਸੇ ਤਰ੍ਹਾਂ ਪਿਛਲੇ 10 ਦਿਨਾਂ ਦੌਰਾਨ ਦਕੋਹਾ ਅਤੇ ਭੋਗਪੁਰ ਵਿਖੇ ਜ਼ਿਲ੍ਹਾ ਪੱਧਰ ’ਤੇ ਅਤੇ ਬਲਾਕ ਪੱਧਰ ’ਤੇ 51 ਵੱਖ-ਵੱਖ ਥਾਵਾਂ ’ਤੇ ਨਵ ਜੰਮੀਆਂ ਲੜਕੀਆਂ ਦੇ ਜਨਮ ਦਿਨ ਮਨਾਏ ਗਏ ਹਨ। ਇਸ ਤੋਂ ਇਲਾਵਾ ‘ਇਕ ਪੇੜ ਮਾਂ ਕੇ ਨਾਮ’ ਤਹਿਤ ਬਲਾਕਾਂ ਵਿੱਚ ਲਗਾਤਾਰ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

















































