ਚੰਡੀਗੜ੍ਹ, 12 ਅਗਸਤ: ਅੰਤਰਰਾਸ਼ਟਰੀ ਯੁਵਕ ਦਿਵਸ ਮੌਕੇ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਵੱਲੋਂ ਹਾਰਟੇਕ ਫਾਊਂਡੇਸ਼ਨ ਅਤੇ ਰਾਜੀਵ ਗਾਂਧੀ ਨੈਸ਼ਨਲ ਇੰਸਟੀਚਿਊਟ ਆਫ਼ ਯੂਥ ਡਿਵੈਲਪਮੈਂਟ (ਆਰਜੀਐਨਆਈਵਾਈਡੀ), ਰੀਜਨਲ ਸੈਂਟਰ, ਚੰਡੀਗੜ੍ਹ ਦੇ ਸਹਿਯੋਗ ਨਾਲ ਪੰਜਾਬ ਕਲਾ ਭਵਨ ਵਿਖੇ ਇੱਕ ਮੈਗਾ ਯੁਵਕ ਸਸ਼ਕਤੀਕਰਨ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਵਿੱਚ ਪੰਜਾਬ ਪੁਲਿਸ ਦੀ ਨੈਸ਼ਨਲ ਸਰਵਿਸ ਸਕੀਮ (ਐਨਐਸਐਸ) ਅਤੇ ਸਟੂਡੈਂਟ ਪੁਲਿਸ ਕੈਡੇਟ (ਐਸਪੀਸੀ) ਸਕੀਮ ਦੇ 400 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ।

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਗੁਰਪ੍ਰੀਤ ਕੌਰ ਦਿਓ ਨੇ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂ ਕਿ ਦੋ ਵਾਰ ਓਲੰਪੀਅਨ, ਰਾਸ਼ਟਰਮੰਡਲ ਖੇਡਾਂ ਦੇ ਤਗਮਾ ਜੇਤੂ ਅਤੇ ਅਰਜੁਨ ਪੁਰਸਕਾਰ ਜੇਤੂ ਅੰਜੁਮ ਮੋਦਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਰਜੀਐਨਆਈਵਾਈਡੀ ਦੇ ਡਾਇਰੈਕਟਰ ਸੁਬਰਤਾ ਹਾਜ਼ਰਾ ਅਤੇ ਹਰਟੇਕ ਫਾਊਂਡੇਸ਼ਨ ਦੇ ਸੀਈਓ ਹਰਕੀਰਤ ਕੌਰ ਵੀ ਸ਼ਾਮਲ ਹੋਏ।

ਇਕੱਠ ਨੂੰ ਸੰਬੋਧਨ ਕਰਦਿਆਂ, ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਰਾਸ਼ਟਰ ਨਿਰਮਾਣ ਵਿੱਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ ‘ਤੇ ਚਾਨਣਾ ਪਾਇਆ ਅਤੇ ਸਟੂਡੈਂਟ ਪੁਲਿਸ ਕੈਡੇਟ ਸਕੀਮ ਵਰਗੇ ਪ੍ਰੋਗਰਾਮਾਂ ਰਾਹੀਂ ਨੌਜਵਾਨਾਂ ਵਿੱਚ ਸਕਾਰਾਤਮਕ ਵਿਕਾਸ, ਲੀਡਰਸ਼ਿਪ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ।

ਸਪੈਸ਼ਲ ਡੀਜੀਪੀ ਨੇ ਨੌਜਵਾਨ ਵਿਦਿਆਰਥੀਆਂ ਨੂੰ ਸਮਾਜਿਕ ਭਲਾਈ ਅਤੇ ਰਾਸ਼ਟਰੀ ਵਿਕਾਸ ਵਿੱਚ ਸਰਗਰਮੀ ਨਾਲ ਯੋਗਦਾਨ ਪਾਉਂਦੇ ਹੋਏ ਅਨੁਸ਼ਾਸਨ, ਆਤਮਵਿਸ਼ਵਾਸ ਅਤੇ ਦ੍ਰਿੜ ਇਰਾਦੇ ਨਾਲ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਵਧਣ ਲਈ ਉਤਸ਼ਾਹਿਤ ਕੀਤਾ।
ਇਸ ਦੌਰਾਨ, ਸਮਾਗਮ ਦੀ ਸ਼ੁਰੂਆਤ ਇੱਕ ਕਲਾ ਮੁਕਾਬਲੇ ਨਾਲ ਹੋਈ, ਜਿਸ ਤੋਂ ਬਾਅਦ ਸਟੂਡੈਂਟ ਪੁਲਿਸ ਕੈਡਿਟਾਂ ਵੱਲੋਂ ਇੱਕ ਮਨਮੋਹਕ ਸਮੂਹ ਸੰਗੀਤਕ ਯੋਗਾ ਪੇਸ਼ਕਾਰੀ ਕੀਤੀ ਗਈ। ਸੱਭਿਆਚਾਰਕ ਅਤੇ ਸਮਾਜਿਕ ਸੰਦੇਸ਼ ਦਿੰਦਿਆਂ, ਪੰਜਾਬ ਯੂਨੀਵਰਸਿਟੀ ਦੇ ਥੀਏਟਰ ਵਿਭਾਗ ਦੇ ਵਿਦਿਆਰਥੀਆਂ ਨੇ ‘ਸਵੱਛ ਭਾਰਤ’ ਦੇ ਵਿਸ਼ੇ ‘ਤੇ ਕੇਂਦਰਿਤ ਇੱਕ ਪ੍ਰਭਾਵਸ਼ਾਲੀ ਨੁੱਕੜ ਨਾਟਕ ਪੇਸ਼ ਕੀਤਾ।
