ਜਨਰਲ ਆਬਜ਼ਰਵਰ ਤੇ ਡਿਪਟੀ ਕਮਿਸ਼ਨਰ ਨੇ ਮਾਈਕਰੋ ਆਬਜ਼ਰਵਰਾਂ ਨੂੰ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨ ਕਰਾਰ ਦਿੱਤਾ

ਜਲੰਧਰ, 23 ਮਈ – ਜਨਰਲ ਆਬਜ਼ਰਵਰ ਜੇ. ਮੇਘਨਾਥ ਰੈਡੀ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਲੋਕ ਸਭਾ ਚੋਣਾਂ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਮਾਈਕਰੋ ਆਬਜ਼ਰਵਰਾਂ ਨੂੰ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨ ਕਰਾਰ ਦਿੱਤਾ।
ਇੱਥੇ ਸੀ.ਟੀ. ਇੰਸਟੀਚਿਊਟ ਵਿਖੇ ਮਾਈਕਰੋ ਆਬਜ਼ਰਵਰਾਂ ਲਈ ਕਰਵਾਏ ਗਏ ਸਿਖ਼ਲਾਈ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਮਾਈਕਰੋ ਆਬਜ਼ਰਵਰਾਂ ਨੇ ਬਹੁਤ ਸਾਰੀਆਂ ਜ਼ਿੰਮੇਵਾਰੀਆਂ ਨਿਭਾਉਣੀਆਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ ਦੀਆਂ ਤਿਆਰੀਆਂ ਦੇ ਜਾਇਜ਼ੇ ਤੋਂ ਲੈ ਕੇ ਸ਼ਾਂਤਮਈ ਮਤਦਾਨ ਯਕੀਨੀ ਬਣਾਉਣ ਲਈ ਮਾਈਕਰੋ ਆਬਜ਼ਰਵਰ ਸਮੁੱਚੀ ਚੋਣ ਪ੍ਰਕਿਰਿਆ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮਾਈਕਰੋ ਆਬਜ਼ਰਵਰ ਚੋਣਾਂ ਨਾਲ ਸਬੰਧਤ ਸਮੁੱਚੇ ਕਾਰਜ ਲਈ ਸਿੱਧੇ ਤੌਰ ‘ਤੇ ਆਬਜ਼ਰਵਰਾਂ ਨੂੰ ਰਿਪੋਰਟ ਕਰਨਗੇ।
ਜਨਰਲ ਆਬਜ਼ਰਵਰ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਈਕਰੋ ਆਬਜ਼ਰਵਰਾਂ ਦੀ ਮਹੱਤਤਾ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਚੋਣ ਪ੍ਰਕਿਰਿਆ ‘ਤੇ ਸਖ਼ਤ ਨਜ਼ਰ ਰੱਖਣ ਲਈ ਉਨ੍ਹਾਂ ਨੂੰ ਵਲਨਰਬਿਲਟੀ ਮੈਪਿੰਗ ਦੌਰਾਨ ਪਛਾਣੇ ਗਏ ਸੰਵੇਦਨਸ਼ੀਲ ਪੋਲਿੰਗ ਖੇਤਰਾਂ ਵਿੱਚ ਨਿਯੁਕਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮਾਈਕਰੋ ਆਬਜ਼ਰਵਰ ਪੋਲਿੰਗ ਵਾਲੇ ਦਿਨ ਉਨ੍ਹਾਂ ਨੂੰ ਸੌਂਪੇ ਗਏ ਪੋਲਿੰਗ ਬੂਥਾਂ ਦੀ ਸਮੁੱਚੀ ਚੋਣ ਪ੍ਰਕਿਰਿਆ ਦੀ ਨਿਗਰਾਨੀ ਕਰਨਗੇ। ਉਨ੍ਹਾਂ ਮਾਈਕਰੋ ਆਬਜ਼ਰਵਰਾਂ ਨੂੰ ਚੋਣਾਂ ਪਾਰਦਰਸ਼ੀ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਵੱਲੋਂ ਸੌਂਪੀ ਗਈ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ।
ਉਨ੍ਹਾਂ ਮਾਈਕਰੋ ਆਬਜ਼ਰਵਰਾਂ ਨੂੰ ਵੋਟਾਂ ਵਾਲੇ ਦਿਨ ਅਸਲ ਵੋਟਿੰਗ ਤੋਂ ਪਹਿਲਾਂ ਮੌਕ ਪੋਲ ਕਰਵਾਉਣ ਦੇ ਨਾਲ-ਨਾਲ ਸਮੁੱਚੀ ਚੋਣ ਪ੍ਰਕਿਰਿਆ ‘ਤੇ ਸਖ਼ਤ ਨਜ਼ਰ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ਼ ਦੀ ਤਿਆਰੀ ਲਈ ਮਾਈਕਰੋ ਆਬਜ਼ਰਵਰਾਂ ਨੂੰ 1 ਜੂਨ ਨੂੰ ਅਸਲ ਪੋਲਿੰਗ ਸ਼ੁਰੂ ਹੋਣ ਤੋਂ ਪਹਿਲਾਂ ਮੌਕ ਪੋਲ ਮੁਕੰਮਲ ਕਰਵਾਉਣੀ ਹੋਵੇਗੀ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top