ਸਰਕਾਰ ਵਲੋਂ ਜ਼ਿਲ੍ਹਾ ਜਲੰਧਰ ’ਚ ਕਿਸਾਨਾਂ ਨੂੰ ਝੋਨੇ ਦੀ 269 ਕਰੋੜ ਰੁਪਏ ਦੀ ਅਦਾਇਗੀ- ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ

ਜਲੰਧਰ, 21 ਅਕਤੂਬਰ – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਲੰਧਰ ਵਿਖੇ ਕਿਸਾਨਾਂ ਨੂੰ ਖ਼ਰੀਦੇ ਝੋਨੇ ਦੀ 269 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਦਾਣਾ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਖ਼ਰੀਦਣ ’ਤੇ 48 ਘੰਟਿਆਂ ਦੇ ਵਿੱਚ-ਵਿੱਚ ਅਦਾਇਗੀ ਕੀਤੀ ਜਾ ਰਹੀ ਹੈ। ਜ਼ਿਲ੍ਹੇ ਵਿੱਚ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਜ਼ਿਲ੍ਹੇ ਭਰ ਦੀਆਂ ਸਾਰੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਅਤੇ ਸੁਚਾਰੂ ਚੁਕਾਈ ਨੂੰ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ 78 ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਚੱਲ ਰਹੀ ਹੈ ਅਤੇ ਖ਼ਰੀਦ ਏਜੰਸੀਆਂ ਵਲੋਂ 13,400 ਮੀਟਰਿਕ ਟਨ ਝੋਨੇ ਦੀ ਚੁਕਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਝੋਨੇ ਦੀ ਚੁਕਾਈ ਵਿੱਚ ਵਾਧਾ ਕਰਨ ਦੇ ਨਾਲ-ਨਾਲ ਯਕੀਨੀ ਬਣਾਇਆ ਗਿਆ ਹੈ ਕਿ ਕਿਸਾਨਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖ਼ਰੀਦ ਸੀਜ਼ਨ ਦੌਰਾਨ ਲੋੜੀਂਦੇ ਬਾਰਦਾਨੇ ਅਤੇ ਹੋਰ ਸਹੂਲਤਾਂ ਸਬੰਧੀ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
ਡਾ.ਅਗਰਵਾਲ ਨੇ ਦੱਸਿਆ ਕਿ ਐਸ.ਡੀ.ਐਮਜ ਵਲੋਂ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਪ੍ਰਕਾਰ ਦੀ ਔਕੜ ਨੂੰ ਦੂਰ ਕਰਨ ਲਈ ਝੋਨੇ ਦੀ ਖ਼ਰੀਦ ਪ੍ਰਕਿਰਿਆ ’ਤੇ ਬਾਰੀਕੀ ਨਾਲ ਨਿਗ੍ਹਾ ਰੱਖੀ ਜਾ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਦੀ ਕਿਸਾਨਾਂ ਦਾ ਇਕ-ਇਕ ਦਾਣਾ ਖ਼ਰੀਦ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਇਸ ਜਿੰਮੇਵਾਰੀ ਨੁੂੰ ਪੂਰਾ ਕਰਨ ਲਈ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੁੂੰ ਅਪੀਲ ਕੀਤੀ ਕਿ ਝੋਨੇ ਦੀ ਫ਼ਸਲ ਕੱਟਣ ਉਪਰੰਤ ਵਾਤਾਵਰਣ ਦੀ ਸੁਰੱਖਿਆ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਮੰਡੀਆਂ ਵਿੱਚ ਸੁੱਕੀ ਫ਼ਸਲ ਲਿਆਂਦੀ ਜਾਵੇ ਅਤੇ ਰਾਤ ਸਮੇਂ ਫ਼ਸਲਾਂ ਦੀ ਕਟਾਈ ਕਰਨ ਤੋਂ ਗੁਰੇਜ਼ ਕਰਨ।
—————-

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top