Click on the Edit Content button to edit/add the content.

ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ 36 ਲੱਖ ਤੋਂ ਵੱਧ ਲਾਭਪਾਤਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 4 ਸਤੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ, ਲੋੜਵੰਦ ਅਤੇ ਵੰਚਿਤ ਵਰਗਾਂ ਦੀ ਭਲਾਈ ਨੂੰ ਸਰਵੋੱਚ ਤਰਜੀਹ ਦਿੰਦਿਆਂ ਉਨ੍ਹਾਂ ਨੂੰ ਸਮਾਜਿਕ ਅਤੇ ਆਰਥਿਕ ਸੁਰੱਖਿਆ ਪ੍ਰਦਾਨ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਯੋਗ ਨਾਗਰਿਕ ਨੂੰ ਸਨਮਾਨ, ਆਤਮ-ਨਿਰਭਰਤਾ ਅਤੇ ਆਰਥਿਕ ਸੁਰੱਖਿਆ ਨਾਲ ਜੀਵਨ ਜਿਊਣ ਦੇ ਯੋਗ ਬਣਾਉਣਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬੁਢਾਪਾ ਪੈਨਸ਼ਨ ਸਕੀਮ ਸਮੇਤ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਰਾਹੀਂ ₹2,697.44 ਕਰੋੜ ਤੋਂ ਵੱਧ ਦੀ ਰਕਮ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਨੇ ਵਿੱਤੀ ਸਹਾਇਤਾ ਦੀ ਵੰਡ ਨੂੰ ਪਾਰਦਰਸ਼ੀ, ਸਮੇਂ ਸਿਰ ਅਤੇ ਬਿਨਾਂ ਕਿਸੇ ਬਿਚੋਲਗੀ ਦੇ ਯਕੀਨੀ ਬਣਾਇਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਵੇਲੇ ਪੰਜਾਬ ਭਰ ਵਿੱਚ 36 ਲੱਖ ਤੋਂ ਵੱਧ ਲਾਭਪਾਤਰੀ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਉਸ ਲੋਕ-ਪੱਖੀ ਸੋਚ ਦਾ ਪ੍ਰਤੀਕ ਹੈ, ਜਿਸ ਤਹਿਤ ਬਿਨਾਂ ਕਿਸੇ ਭੇਦਭਾਵ ਦੇ ਹਰ ਹੱਕਦਾਰ ਤੱਕ ਸਰਕਾਰੀ ਸਹਾਇਤਾ ਪਹੁੰਚਾਈ ਜਾ ਰਹੀ ਹੈ ਅਤੇ ਸੂਬੇ ਦੇ ਸਮਾਜਿਕ ਸੁਰੱਖਿਆ ਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।

ਮੰਤਰੀ ਨੇ ਦੱਸਿਆ ਕਿ ਮੌਜੂਦਾ ਵਿੱਤੀ ਵਰ੍ਹੇ 2026-27 ਦੌਰਾਨ ਸਮਾਜਿਕ ਸੁਰੱਖਿਆ ਸਕੀਮਾਂ ਲਈ ₹6,131.91 ਕਰੋੜ ਦਾ ਬਜ਼ਟ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵੱਡੇ ਵਿੱਤੀ ਪ੍ਰਬੰਧ ਨਾਲ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਨਿਰਭਰ ਬੱਚਿਆਂ ਅਤੇ ਹੋਰ ਲੋੜਵੰਦ ਵਰਗਾਂ ਨੂੰ ਨਿਰੰਤਰ ਵਿੱਤੀ ਸਹਾਰਾ ਮਿਲੇਗਾ, ਜਿਸ ਨਾਲ ਉਹ ਸਨਮਾਨ, ਸੁਰੱਖਿਆ ਅਤੇ ਸਵੈ-ਨਿਰਭਰਤਾ ਨਾਲ ਜੀਵਨ ਬਤੀਤ ਕਰ ਸਕਣਗੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਸਿਰਫ਼ ਆਰਥਿਕ ਮਦਦ ਦਾ ਸਾਧਨ ਨਹੀਂ, ਸਗੋਂ ਲੋੜਵੰਦ ਪਰਿਵਾਰਾਂ ਨੂੰ ਭਰੋਸਾ, ਸੁਰੱਖਿਆ ਅਤੇ ਬਿਹਤਰ ਭਵਿੱਖ ਦਾ ਵਿਸ਼ਵਾਸ ਦੇਣ ਦਾ ਮਜ਼ਬੂਤ ਆਧਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਸਮਾਵੇਸ਼ੀ ਸਮਾਜ ਦੀ ਸਿਰਜਣਾ ਲਈ ਨਿਰੰਤਰ ਯਤਨਸ਼ੀਲ ਹੈ, ਜਿੱਥੇ ਹਰ ਹੱਕਦਾਰ ਨਾਗਰਿਕ ਨੂੰ ਸਮੇਂ ਸਿਰ ਸਹਾਇਤਾ ਅਤੇ ਬਰਾਬਰ ਦੇ ਮੌਕੇ ਪ੍ਰਾਪਤ ਹੋਣ।

ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਯੋਗ ਲਾਭਪਾਤਰੀ ਨੂੰ ਕਿਸੇ ਵੀ ਭਲਾਈ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ। ਉਨ੍ਹਾਂ ਹੱਕਦਾਰ ਵਿਅਕਤੀਆਂ ਦੀ ਸਰਗਰਮੀ ਨਾਲ ਪਛਾਣ ਕਰਨ, ਯੋਗ ਮਾਮਲਿਆਂ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਯਕੀਨੀ ਬਣਾਉਣ ਅਤੇ ਭਲਾਈ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ, ਜਵਾਬਦੇਹੀ ਅਤੇ ਸੰਵੇਦਨਸ਼ੀਲਤਾ ਨਾਲ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ-ਭਲਾਈ ਨੂੰ ਸਮਰਪਿਤ ਆਪਣੀਆਂ ਨੀਤੀਆਂ ਨੂੰ ਹੋਰ ਮਜ਼ਬੂਤ ਕਰਦਿਆਂ ਅਜਿਹੇ ‘ਰੰਗਲੇ ਪੰਜਾਬ’ ਦੀ ਸਿਰਜਣਾ ਲਈ ਵਚਨਬੱਧ ਹੈ, ਜਿੱਥੇ ਵਿਕਾਸ ਦਾ ਫਲ ਸਮਾਜ ਦੇ ਹਰ ਵਰਗ ਤੱਕ ਪਹੁੰਚੇ, ਭਲਾਈ ਸਕੀਮਾਂ ਹਰ ਹੱਕਦਾਰ ਲਈ ਸੁਲਭ ਹੋਣ ਅਤੇ ਹਰ ਨਾਗਰਿਕ ਸਨਮਾਨ, ਸੁਰੱਖਿਆ ਅਤੇ ਉਮੀਦ ਨਾਲ ਆਪਣਾ ਜੀਵਨ ਬਤੀਤ ਕਰੇ।

Table of Contents

Scroll to Top