ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਠਿਤ ਪੀ.ਪੀ.ਸੀ.ਬੀ., ਖੇਤੀਬਾੜੀ ਅਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਟੀਮਾਂ ਡਟੀਆਂ ਫੀਲਡ ’ਚ

ਜਲੰਧਰ, 5 ਅਕਤੂਬਰ : ਜ਼ਿਲ੍ਹੇ ਵਿੱਚ ਪਰਾਲੀ/ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਠੱਲ੍ਹ ਪਾਉਣ ਅਤੇ ਸੁਪਰ ਐਸ.ਐਮ.ਐਸ. ਵਾਲੀਆਂ ਕੰਬਾਈਨਾਂ ਨਾਲ ਹੀ ਝੋਨੇ ਦੀ ਕਟਾਈ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਠਿਤ ਵਿਸ਼ੇਸ਼ ਟੀਮਾਂ ਲਗਾਤਾਰ ਫੀਲਡ ਵਿੱਚ ਡਟੀਆਂ ਹੋਈਆਂ ਹਨ।
ਇਨ੍ਹਾਂ ਟੀਮਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕੰਬਾਈਨਾਂ ਦੇ ਨਿਰੀਖਣ ਦੌਰਾਨ ਅੱਜ ਕਰਤਾਰਪੁਰ ਦੇ ਪਿੰਡ ਜੰਡ ਸਰਾਏ ਵਿਖੇ ਬਿਨਾਂ ਸੁਪਰ ਐਸ.ਐਮ.ਐਸ. ਤੋਂ ਚੱਲਦੀ ਕੰਬਾਈਨ ਫੜੀ ਗਈ, ਜਿਸ ਨੂੰ ਪੁਲਿਸ ਵੱਲੋਂ ਜ਼ਬਤ ਕਰਨ ਤੋਂ ਇਲਾਵਾ 50,000 ਰੁਪਏ ਵਾਤਾਵਰਣ ਮੁਆਵਜ਼ਾ ਲਗਾਇਆ ਗਿਆ ਹੈ। 
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਖੇਤੀਬਾੜੀ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ’ਤੇ ਆਧਾਰਿਤ ਸਾਂਝੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕਰਕੇ ਕੰਬਾਈਨਾਂ ਦੀ ਜਾਂਚ ਤੋਂ ਇਲਾਵਾ ਕਿਸਾਨਾਂ ਨੂੰ ਝੋਨੇ ਦੀ ਕਟਾਈ ਸੁਪਰ ਐਸ.ਐਮ.ਐਸ. ਵਾਲੀਆਂ ਕੰਬਾਈਨਾਂ ਨਾਲ ਹੀ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸੇ ਕੜੀ ਤਹਿਤ ਸਾਂਝੀਆਂ ਟੀਮਾਂ ਵੱਲੋਂ ਫਿਲੌਰ ਤਹਿਸੀਲ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਦੋ ਕੰਬਾਈਨ ਮਸ਼ੀਨਾਂ, ਜਿਨ੍ਹਾਂ ’ਤੇ ਸੁਪਰ ਐਸ ਐਮ ਐਸ ਲੱਗਿਆ ਹੋਇਆ ਸੀ, ਕੰਮ ਕਰਦੀਆਂ ਪਾਈਆਂ ਗਈਆਂ। ਇਸ ਤੋਂ ਇਲਾਵਾ ਇਸ ਦੌਰਾਨ ਕਿਸਾਨਾਂ ਨੂੰ ਪਰਾਲੀ/ਫ਼ਸਲ ਦੀ ਸੁਚੱਜੀ ਸੰਭਾਲ ਦੇ ਤਰੀਕਿਆਂ ਬਾਰੇ ਵੀ ਜਾਗਰੂਕ ਕੀਤਾ ਗਿਆ।
ਡਾ. ਅਗਰਵਾਲ ਨੇ ਦੱਸਿਆ ਕਿ ਪਰਾਲੀ/ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਹੁ-ਪੱਖੀ ਰਣਨੀਤੀ ਅਪਣਾਈ ਹੋਈ ਹੈ। ਜਿਥੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਬਸਿਡੀ ’ਤੇ ਆਧੁਨਿਕ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ ਉਥੇ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਰਾਹੀਂ ਪਰਾਲੀ ਨਾ ਸਾੜਨ ਦਾ ਸੁਨੇਹਾ ਵੀ ਘਰ-ਘਰ ਪਹੁੰਚਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਮਦਦ ਲਈ ਇਕ ਹੈਲਪਲਾਈਨ ਨੰਬਰ 0181-2225005 ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ, ਜਿਸ ’ਤੇ ਕਿਸਾਨ ਪਰਾਲੀ/ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਅਤੇ ਕੰਬਾਈਨਾਂ ’ਤੇ ਸੁਪਰ ਐਸ.ਐਮ.ਐਸ. ਲਗਵਾਉਣ ਵਿੱਚ ਸਹਾਇਤਾ ਲਈ ਰਾਬਤਾ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਅੱਗ ਦੀਆਂ ਘਟਨਾਵਾਂ ਨੂੰ ਰੋਕਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਪਰਾਲੀ/ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੀ ਸੰਭਾਲ ਵਿੱਚ ਸਰਗਰਮ ਸਹਿਯੋਗ ਦੇਣ ਦੀ ਅਪੀਲ ਕੀਤੀ।
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਵਾਤਾਵਰਣ ਇੰਜੀਨੀਅਰ ਸੰਦੀਪ ਕੁਮਾਰ ਨੇ ਦੱਸਿਆ ਕਿ ਨਿਰੀਖਣ ਦੌਰਾਨ ਕਿਸਾਨਾਂ ਨੂੰ ਕੰਬਾਈਨਾਂ ਨਾਲ ਸੁਪਰ ਐਸ.ਐਮ.ਐਸ. ਦੀ ਵਰਤੋਂ ਦੇ ਫਾਇਦਿਆਂ ਬਾਰੇ ਵੀ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਝੋਨੇ ਦੀ ਕਟਾਈ ਸਿਰਫ਼ ਸੁਪਰ ਐਸ.ਐਮ.ਐਸ. ਵਾਲੀਆਂ ਕੰਬਾਈਨਾਂ ਨਾਲ ਹੀ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ’ਤੇ ਪਹਿਲੀ ਵਾਰ ਉਲੰਘਣਾ ’ਤੇ 50000 ਰੁਪਏ, ਦੂਜੀ ਵਾਰ ਉਲੰਘਣਾ ’ਤੇ 75000 ਰੁਪਏ ਅਤੇ ਤੀਜੀ ਵਾਰ ਉਲੰਘਣਾ ’ਤੇ 1 ਲੱਖ ਰੁਪਏ ਜੁਰਮਾਨੇ ਦੀ ਵਿਵਸਥਾ ਹੈ।
ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਸਹੁੰ ਵੀ ਚੁੱਕੀ ਗਈ।
ਇਸ ਤੋਂ ਇਲਾਵਾ ਪਿੰਡ ਕੋਟਲਾ ਹੇਰਾਂ ਵਿਖੇ ਵੀ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕਤਾ ਫੈਲਾਈ ਗਈ। ਤਹਿਸੀਲਦਾਰ ਸ਼ਾਹਕੋਟ ਗੁਰਦੀਪ ਸਿੰਘ ਸੰਧੂ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ’ਤੇ ਹੋਣ ਵਾਲੇ ਧੂੰਏਂ ਨਾਲ ਵਾਤਾਵਰਣ ਅਤੇ ਮਨੁੱਖੀ ਸਰੀਰ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਦੱਸਦਿਆਂ ਇਸ ਅਮਲ ਨੂੰ ਰੋਕਣ ਲਈ ਪ੍ਰੇਰਿਤ ਕੀਤਾ ਗਿਆ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top