ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਆਖਰੀ ਮਿਤੀ 31 ਅਕਤੂਬਰ ਤੱਕ ਵਧੀ : ਡਿਪਟੀ ਕਮਿਸ਼ਨਰ

ਜਲੰਧਰ, 20 ਸਤੰਬਰ : ਚੀਫ਼ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਜ਼ਿਲ੍ਹੇ ਵਿੱਚ ਵੋਟਾਂ ਬਣਾਉਣ ਦਾ ਕੰਮ ਜਾਰੀ ਹੈ। ਇਸ ਸਬੰਧੀ ਕਮਿਸ਼ਨ ਵੱਲੋਂ ਪ੍ਰਾਪਤ ਸੋਧੇ ਹੋਏ ਸ਼ਡਿਊਲ ਅਨੁਸਾਰ ਐਸ.ਜੀ.ਪੀ.ਸੀ. ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਫਾਰਮ ਪ੍ਰਾਪਤ ਕਰਨ ਦੀ ਆਖਰੀ ਮਿਤੀ ਵਿੱਚ 31 ਅਕਤੂਬਰ 2024 ਤੱਕ ਵਾਧਾ ਕਰ ਦਿੱਤਾ ਗਿਆ ਹੈ।
ਡਾ. ਅਗਰਵਾਲ ਨੇ ਅੱਗੇ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 14 ਨਵੰਬਰ 2024 ਨੂੰ ਕੀਤੀ ਜਾਵੇਗੀ, ਜਿਸ ’ਤੇ 4 ਦਸੰਬਰ 2024 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ ਸਿੱਖ ਗੁਰਦੁਆਰਾ ਬੋਰਡ ਚੋਣਾਂ ਨਿਯਮ, 1959 ਦੇ ਨਿਯਮ 10 (3) ਅਨੁਸਾਰ 16 ਦਸੰਬਰ 2024 ਤੱਕ ਕਰ ਦਿੱਤਾ ਜਾਵੇਗਾ।
ਉਨ੍ਹਾਂ ਨੇ ਅੱਗੇ ਦੱਸਿਆ ਕਿ ਇਸ ਉਪਰੰਤ 2 ਜਨਵਰੀ 2025 ਨੂੰ ਸਪਲੀਮੈਂਟਰੀ ਵੋਟਰ ਸੂਚੀਆਂ ਦੀ ਤਿਆਰੀ ਅਤੇ ਛਪਾਈ ਕੀਤੀ ਜਾਵੇਗੀ ਅਤੇ 3 ਜਨਵਰੀ 2025 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਜਾਵੇਗੀ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top