ਜਲੰਧਰ, 8 ਮਈ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਵੇਕ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਹੋਈ, ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ-ਕਮ-ਸਕੱਤਰ ਜ਼ਿਲ੍ਹਾ ਸੈਨਿਕ ਬੋਰਡ, ਜਲੰਧਰ ਕਮਾਂਡਰ ਬਲਵਿੰਦਰ ਸਿੰਘ ਤੋਂ ਇਲਾਵਾ ਸੈਨਿਕ ਬੋਰਡ ਦੇ ਨਾਨ ਆਫਿਸ਼ੀਅਲ ਮੈਂਬਰ ਸ਼ਾਮਿਲ ਹੋਏ।
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਵੇਕ ਮੋਦੀ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ’ਤੇ ਤਾਇਨਾਤ ਸੇਵਾ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਦੁੱਖ-ਤਕਲੀਫਾਂ ਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਸਾਡਾ ਸਭ ਦਾ ਮੁੱਢਲਾ ਫਰਜ਼ ਬਣਦਾ ਹੈ। ਉਨ੍ਹਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੈਨਿਕਾਂ ਦੀਆਂ ਸਮੱਸਿਆਵਾਂ ਤੇ ਮੁਸ਼ਕਲਾਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਦਫ਼ਤਰਾਂ ਵਿੱਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਦੀ ਬਿਹਤਰੀ ਅਤੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਹੋਰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ ਅਤੇ ਝੰਡਾ ਦਿਵਸ ਫੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ।
ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਵਿੰਦਰ ਸਿੰਘ ਵਲੋਂ ਪਿਛਲੇ ਵਿੱਤੀ ਸਾਲ 2024-25 ਦੌਰਾਨ ਹੋਈ ਕਾਰਗੁਜ਼ਾਰੀ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਨੇ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੂੰ ਕਿਹਾ ਕਿ ਕੇਂਦਰੀ ਸੈਨਿਕ ਬੋਰਡ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਸਾਬਕਾ ਸੈਨਿਕ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਦਿਵਾਇਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਪਿਛਲੀ ਮੀਟਿੰਗ ਦੌਰਾਨ ਵਿਚਾਰੇ ਗਏ ਵੱਖ-ਵੱਖ ਮੁੱਦਿਆਂ ਨੂੰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਵਿਸ਼ੇਸ਼ ਉਪਰਾਲਿਆਂ ਸਦਕਾ ਹੱਲ ਕੀਤਾ ਗਿਆ ਹੈ। ਇਸ ਮੌਕੇ ਫੌਜ ਦੇ ਅਦਾਰਿਆਂ ਵੱਲੋਂ ਨਾਮਜ਼ਦ ਅਧਿਕਾਰੀਆਂ ਵੱਲੋਂ ਉਠਾਏ ਗਏ ਵੱਖ-ਵੱਖ ਮੁੱਦਿਆਂ ‘ਤੇ ਵੀ ਚਰਚਾ ਕੀਤੀ ਗਈ ਅਤੇ ਉਹਨਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਦਾ ਯਕੀਨ ਦੁਆਇਆ ਗਿਆ।
ਮੀਟਿੰਗ ਵਿੱਚ ਐਸ.ਡੀ.ਐਮ. ਜਲੰਧਰ-2 ਬਲਬੀਰ ਰਾਜ ਸਿੰਘ, ਐਸ.ਡੀ.ਐਮ. ਸ਼ਾਹਕੋਟ ਸ਼ੂਭੀ ਆਂਗਰਾ, ਐਸ.ਡੀ.ਐਮ.ਨਕੋਦਰ ਲਾਲ ਵਿਸ਼ਵਾਸ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
