ਡਿਪਟੀ ਕਮਿਸ਼ਨਰ ਵਲੋਂ ਸਵੇਰੇ 10 ਤੋਂ 12 ਵਜੇ ਤੱਕ ਲੋਕਾਂ ਦੀਆਂ ਸਮੱਸਿਆਵਾਂ ਦਾ ਕੀਤਾ ਜਾਵੇਗਾ ਨਿਪਟਾਰਾ

ਜਲੰਧਰ, 18 ਜੂਨ  ਜ਼ਿਲ੍ਹੇ ਵਿੱਚ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਹੋਰ ਪਾਰਦਰਸ਼ਤਾ ਅਤੇ ਜਵਾਬਦੇਹੀ ਲਿਆਉਣ ਦੇ ਮੰਤਵ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਆਪਣੇ ਦਫ਼ਤਰ ਵਿਖੇ ਕੰਮ ਵਾਲੇ ਦਿਨਾਂ ਦੌਰਾਨ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਲੋਕ ਸਮੱਸਿਆਵਾਂ ਸੁਣਕੇ ਉਨਾਂ  ਦਾ ਨਿਪਟਾਰਾ ਕੀਤਾ ਜਾਵੇ।
ਡਾ.ਅਗਵਰਾਲ ਨੇ ਕਿਹਾ ਕਿ ਲੋਕਾਂ ਨੂੰ ਸਰਲ ਤਰੀਕੇ ਨਾਲ ਸਰਕਾਰੀ ਦਫ਼ਤਰਾਂ ਵਿੱਚ ਸੇਵਾਵਾਂ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਜਾਵੇਗਾ ਜਾਂ ਜੇਕਰ ਕੁਝ ਕੇਸਾਂ ਵਿੱਚ ਸਮੇਂ ਦੀ ਲੋੜ ਹੋਵੇਗੀ ਤਾਂ ਉਸ ਨੂੰ ਦਰਜ ਕੀਤਾ ਜਾਵੇਗਾ। ਇਸੇ ਤਰ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਸਮੱਸਿਆਵਾਂ ਦੇ ਤੁਰੰਤ ਤੇ ਤੇਜ਼ੀ ਨਾਲ ਨਿਪਟਾਰੇ ਲਈ ਜਾਣੂੰ ਕਰਵਾਇਆ ਜਾਵੇਗਾ ਅਤੇ ਇਸ ਸਬੰਧੀ ਕੀਤੀ ਗਈ ਕਾਰਵਾਈ ਬਾਰੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਸੂਚਨਾ ਭੇਜਣੀ ਹੋਵੇਗੀ। 
ਉਨ੍ਹਾਂ ਦੱਸਿਆ ਕਿ ਪੇਸ਼ ਕੀਤੇ ਗਏ ਬਿਨੈਪੱਤਰਾਂ/ਸ਼ਿਕਾਇਤਾਂ ਦੇ ਨਿਸ਼ਚਿਤ ਸਮੇਂ ਅੰਦਰ ਨਿਪਟਾਰੇ ਸਬੰਧੀ ਜਾਣਕਾਰੀ ਹਾਸਿਲ ਕਰਨ ਲਈ ‘ਫਾਲੋ ਅਪ ਡੈਸਕ’ ਸਥਾਪਿਤ ਕੀਤਾ ਗਿਆ ਹੈ ।
ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜਲਦ ਹੀ ‘ਸਪੈਸ਼ਲ ਕਾਊਂਟਰ-ਕਮ- ਹੈਲਪ ਡੈਸਕ’ ਸ਼ੁਰੂ ਕੀਤਾ ਜਾਵੇਗਾ ਜਿਸ ਵਲੋਂ ਸਾਰੇ ਕੰਮ ਵਾਲੇ ਦਿਨਾਂ ਦੌਰਾਨ ਲੋਕਾਂ ਦੀ ਸਹਾਇਤਾ ਕੀਤੀ ਜਾਵੇਗੀ। ਡੈਸਕ ਵਲੋਂ ਡਿਪਟੀ ਕਮਿਸ਼ਨਰ ਦੀ ਤਰਫੋਂ ਸਬੰਧਿਤ ਅਧਿਕਾਰੀਆਂ ਨਾਲ ਰੋਜ਼ਾਨਾ 12 ਵਜੇ ਤੋਂ ਬਾਅਦ ਵੀ ਸੰਪਰਕ ਕਰਨ ਲਈ ਮਾਰਗ ਦਰਸ਼ਨ ਪ੍ਰਦਾਨ ਕੀਤਾ ਜਾਵੇਗਾ।
‘ਹੈਲਪ ਡੈਸਕ’ ਵਲੋਂ ਲੋਕਾਂ ਨੂੰ ਸਬੰਧਿਤ ਦਫ਼ਤਰਾਂ ਤੇ ਬਰਾਂਚਾਂ ਤੋਂ ਨਿਸ਼ਚਿਤ ਸਮੇਂ ਵਿਚ ਆਪਣਾ ਕੰਮ ਕਰਵਾਉਣ ਲਈ ਅਪਣਾਈ ਜਾਣ ਵਾਲੀ ਪ੍ਰਕਿਰਿਆ ਤੋਂ ਵੀ ਜਾਣੂੰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹਾ ਵਾਸੀਆਂ ਨੂੰ ਸਮੇਂ ਸਿਰ ਤੇ ਬਿਨਾਂ ਕਿਸੇ ਦੇਰੀ ਦੀ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪਾਬੰਦ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹਾ ਵਾਸੀਆਂ ਨੂੰ ਨਿਰਵਿਘਨ ਤੇ ਸਮੇਂ ਸਿਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਪਸੀ ਤਾਲਮੇਲ ਨਾਲ ਸੁਚੱਜੇ ਢੰਗ ਨਾਲ ਕੰਮ ਕੀਤਾ ਜਾਵੇ।
—————-

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top