ਚੰਡੀਗੜ੍ਹ, 5 ਦਸੰਬਰ 2024 – ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਲਦ ਹੀ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਫਗਵਾੜਾ, ਲੁਧਿਆਣਾ ਤੇ ਪਟਿਆਲਾ ਅਤੇ 44 ਮਿਉਂਸਪਲ ਕਮੇਟੀਆਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਦਾ ਐਲਾਨ ਕੀਤਾ ਜਾਵੇਗਾ ਅਤੇ ਇਸ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਇਸ ਤੋਂ ਇਲਾਵਾ ਵੱਖ-ਵੱਖ ਨਗਰ ਪਾਲਿਕਾਵਾਂ ਅਤੇ ਨਿਗਮਾਂ ਦੇ ਵਾਰਡਾਂ ਦੀਆਂ ਕੁਝ ਜ਼ਿਮਨੀ ਚੋਣਾਂ ਵੀ ਕਰਵਾਈਆਂ ਜਾਣਗੀਆਂ ।
ਆਮ ਲੋਕਾਂ ਦੀ ਜਾਣਕਾਰੀ ਹਿੱਤ, ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਕੋਈ ਵੀ ਉਮੀਦਵਾਰ ਜੋ ਇਨ੍ਹਾਂ ਚੋਣਾਂ ਲਈ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਫਾਰਮ 20 ਵਿੱਚ ਨਾਮਜ਼ਦਗੀ ਪੱਤਰ ਅਤੇ ਹਲਫੀਆ ਬਿਆਨ (ਅਨੁਸੂਚੀ-II), ਮੁਕੰਮਲ ਜਾਣਕਾਰੀ ਸਮੇਤ, ਚੱਲ ਅਤੇ ਅਚੱਲ ਜਾਇਦਾਦ ਦੇ ਵੇਰਵੇ, ਅਦਾਲਤਾਂ ਵਿੱਚ ਲੰਬਿਤ ਕੇਸਾਂ ਦੇ ਵੇਰਵੇ (ਜੇ ਕੋਈ ਹੈ), ਵਿਦਿਅਕ ਯੋਗਤਾ, ਜਾਇਦਾਦ ਅਤੇ ਦੇਣਦਾਰੀਆਂ ਦੇ ਵੇਰਵੇ, ਓਥ ਕਮਿਸ਼ਨਰ ਪਹਿਲੇ ਦਰਜੇ ਦੇ ਕਾਰਜਕਾਰੀ ਮੈਜਿਸਟ੍ਰੇਟ ਜਾਂ ਨੋਟਰੀ ਪਬਲਿਕ ਤੋਂ ਪ੍ਰਮਾਣਿਤ ਅਤੇ ਐਸ.ਸੀ./ਬੀ.ਸੀ. ਸਰਟੀਫਿਕੇਟ (ਜੇ ਲਾਗੂ ਹੋਵੇ), ਇਸ ਤੋਂ ਇਲਾਵਾ ਜੇਕਰ ਪਾਰਟੀ ਟਿਕਟ ‘ਤੇ ਨਾਮਜ਼ਦ ਕੀਤਾ ਗਿਆ ਹੈ ਤਾਂ ਸਿਆਸੀ ਪਾਰਟੀ ਦੇ ਅਧਿਕਾਰਤ ਹਸਤਾਖਰਕਰਤਾ ਦੁਆਰਾ ਸਪਾਂਸਰਸ਼ਿਪ ਦਾ ਫਾਰਮ ਭਰਕੇ ਆਖਰੀ ਮਿਤੀ ਨੂੰ ਜਾਂ ਇਸ ਤੋਂ ਪਹਿਲਾਂ ਸਬੰਧਤ ਰਿਟਰਨਿੰਗ ਅਫਸਰ ਕੋਲ ਜਮਾਂ ਕਰਵਾਉਣਾ ਹੋਵੇਗਾ ।
ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਫਾਰਮ, ਹਲਫੀਆ ਬਿਆਨ ਅਤੇ ਸਪਾਂਸਰਸ਼ਿਪ ਫਾਰਮ ਕਮਿਸ਼ਨ ਦੀ ਵੈੱਬਸਾਈਟ (https://sec.punjab.gov.in) ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ ਅਤੇ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਵੀ ਉਪਲਬਧ ਹਨ।